
ਅੰਮ੍ਰਿਤਸਰ ਵਿੱਚ ਸਿੱਖ ਜਥੇਬੰਦੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ। -ਫੋਟੋ: ਵਿਸ਼ਾਲ ਕੁਮਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 27 ਮਾਰਚ
ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜੀ ਦੇ ਮੁੱਦੇ ਨੂੰ ਵਿਚਾਰਨ ਲਈ ਅਕਾਲ ਤਖਤ ਵਿੱਚ ਅੱਜ ਮੀਟਿੰਗ ਹੋਈ। ਸ੍ਰੀ ਅਕਾਲ ਤਖ਼ਤ ਦੇ ਜ਼ਮੀਨਦੋਜ਼ ਹਾਲ ਦੇ ਬਾਹਰ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਤੇ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੇ ਰਿਸ਼ਤੇਦਾਰ ਪਹੁੰਚੇ ਹੋਏ ਸਨ ਜਿਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਜਤਾਇਆ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਵੀ ਪੁੱਜੇ ਪਰ ਮੀਟਿੰਗ ਵਿੱਚ ਚੋਣਵੇਂ ਪ੍ਰਤੀਨਿਧ ਹੀ ਸ਼ਾਮਲ ਕੀਤੇ ਗਏ ਅਤੇ ਦਾਦੂਵਾਲ ਮੀਟਿੰਗ ਵਿੱਚ ਸ਼ਾਮਲ ਨਾ ਹੋ ਸਕੇ। ਇਸ ਮਾਮਲੇ ’ਤੇ ਉਨ੍ਹਾਂ ਅਕਾਲ ਤਖਤ ਦੇ ਜਥੇਦਾਰ ਨਾਲ ਨਾਰਾਜ਼ਗੀ ਵੀ ਜਤਾਈ। ਮੀਟਿੰਗ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਗ੍ਰਿਫ਼ਤਾਰ ਕੀਤੇ ਸਾਰੇ ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਤਾੜਨਾ ਕੀਤੀ ਹੈ। ਅਜਿਹਾ ਨਾ ਹੋਣ ’ਤੇ ਖਾਲਸਾ ਵਹੀਰ ਆਰੰਭ ਕਰਨ ਦਾ ਐਲਾਨ ਕੀਤਾ ਗਿਆ ਜੋ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਅੱਗੇ ਸਰਕਾਰ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰੇਗੀ। ਇਹ ਵਹੀਰ ਸਿਰਫ਼ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਵਿਚ ਚਲਾਈ ਜਾਵੇਗੀ।
ਇਹ ਫ਼ੈਸਲਾ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸਭਾ ਸੁਸਾਇਟੀਆਂ ਅਤੇ ਨਿਹੰਗ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਸੱਦੀ ਗਈ ਸਾਂਝੀ ਮੀਟਿੰਗ ਵਿੱਚ ਕੀਤਾ ਗਿਆ। ਲਗਪਗ ਤਿੰਨ ਘੰਟੇ ਚੱਲੀ ਮੀਟਿੰਗ ਵਿਚ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਇਸ ਮੁੱਦੇ ’ਤੇ ਆਪਣੇ ਸੁਝਾਅ ਦਿੱਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਕਿ ਉਹ ਗ੍ਰਿਫ਼ਤਾਰ ਕੀਤੇ ਗਏ ਸਾਰੇ ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਵਿੱਚ ਰਿਹਾਅ ਕਰੇ, ਸਿੱਖ ਨੌਜਵਾਨਾਂ ’ਤੇ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ, ਹਰੀਕੇ ਹੈੱਡ ਵਰਕਸ ’ਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਦੇ ਜ਼ਬਤ ਕੀਤੇ ਵਾਹਨ ਤੁਰੰਤ ਛੱਡੇ ਜਾਣ ਅਤੇ ਬੰਦ ਕੀਤੇ ਗਏ ਵੈੱਬ ਚੈਨਲ ਤੇ ਸੋਸ਼ਲ ਮੀਡੀਆ ਖਾਤੇ ਵੀ ਤੁਰੰਤ ਚਾਲੂ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖਾਲਸਾ ਵਹੀਰ ਆਰੰਭ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੇ ਜਬਰ ਦਾ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਅਤੇ ਜਿਨ੍ਹਾਂ ਨੌਜਵਾਨਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਲਗਾਇਆ ਗਿਆ ਹੈ, ਨੂੰ ਰੱਦ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਚਾਰਾਜੋਈ ਵਾਸਤੇ ਵਕੀਲਾਂ ਦੇ ਪੈਨਲ ਦਾ ਵੀ ਐਲਾਨ ਕੀਤਾ ਗਿਆ ਹੈ।
ਸਿੱਖਾਂ ਦੀ ਸਾਖ ਨੂੰ ਖੋਰਾ ਲਾਉਣ ਵਾਲਿਆਂ ਨੂੰ ਕਾਨੂੰਨੀ ਨੋਟਿਸ ਭੇਜੇ ਜਾਣ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੋਸ਼ ਲਾਇਆ ਕਿ ਸਰਕਾਰਾਂ ਦੀ ਇਸ ਕਾਰਵਾਈ ਨੇ ਸਿੱਖਾਂ ਦੇ ਕਿਰਦਾਰ ਦਾ ਘਾਣ ਕਰਨ ਦਾ ਯਤਨ ਕੀਤਾ ਹੈ। ਅਜਿਹਾ ਸਭ ਕੁਝ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਇਸੇ ਸਾਜ਼ਿਸ਼ ਹੇਠ ਨੈਸ਼ਨਲ ਮੀਡੀਆ ਨੇ ਸਿੱਖਾਂ ਦੀ ਸਾਖ਼ ਨੂੰ ਖੋਰਾ ਲਾਉਣ ਦਾ ਯਤਨ ਕੀਤਾ ਹੈ। ਇਹ ਗੰਭੀਰ ਮਾਮਲਾ ਹੈ ਅਤੇ ਇਸ ਦਾ ਜਵਾਬ ਉਸੇ ਢੰਗ ਨਾਲ ਦੇਣ ਦੀ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੂੰ ਹੁਕਮ ਕੀਤਾ ਹੈ ਕਿ ਉਹ ਸਿੱਖਾਂ ਦੇ ਚਰਿੱਤਰ ਦਾ ਘਾਣ ਅਤੇ ਸਿੱਖਾਂ ਦੀ ਸਾਖ਼ ਨੂੰ ਖੋਰਾ ਲਾਉਣ ਵਾਲੇ ਮੀਡੀਆ ਖ਼ਿਲਾਫ਼ ਕਾਨੂੰਨੀ ਚਾਰਾਜੋਈ ਕਰਨ। ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜੇ ਜਾਣ।
ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ
ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗਾ ਜਿਸ ਵਿੱਚ ਵਿੱਤੀ ਵਰ੍ਹੇ 2023-24 ਲਈ ਸਿੱਖ ਸੰਸਥਾ ਦਾ ਸਾਲਾਨਾ ਬਜਟ ਪਾਸ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਰੋਨਾ ਕਾਲ ਤੋਂ ਬਾਅਦ ਇਸ ਵਰ੍ਹੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਆਮਦਨ ਵਿੱਚ ਤਸੱਲੀਬਖਸ਼ ਵਾਧਾ ਹੋਇਆ ਹੈ ਅਤੇ ਇਸ ਵਾਧੇ ਅਨੁਸਾਰ ਹੀ ਬਜਟ ਵੀ ਵਾਧੇ ਵਾਲਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਵਰ੍ਹੇ 2022-23 ਲਈ 988.15 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ। ਇਸ ਵਿੱਤੀ ਵਰ੍ਹੇ ਦੇ ਬਜਟ ਦੌਰਾਨ ਇਸ ਵਾਰ ਹਰਿਆਣਾ ਦੇ ਗੁਰਦੁਆਰਿਆਂ ਦਾ ਬਜਟ ਸਿੱਖ ਸੰਸਥਾ ਦੇ ਮੁੱਖ ਬਜਟ ਦਾ ਹਿੱਸਾ ਨਹੀਂ ਹੋਵੇਗਾ। ਹਰਿਆਣਾ ਦੇ ਗੁਰਦੁਆਰਿਆਂ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵੱਖਰਾ ਸਪਲੀਮੈਂਟਰੀ ਬਜਟ ਰੱਖਿਆ ਜਾਵੇਗਾ ਜੋ ਰਾਖਵਾਂ ਹੋਵੇਗਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ