ਚੰਡੀਗੜ੍ਹ, 15 ਅਪਰੈਲ
ਹਰਿਆਣਾ ਸਰਕਾਰ ਨੇ ਵੀ ਕਰੋਨਾਵਾਇਰਸ ਦੇ ਮੱਦੇਨਜ਼ਰ ਅੱਜ ਦਸਵੀ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੀ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲੈ ਚੁੱਕੀਆਂ ਹਨ। ਹਰਿਆਣਾ ਸਰਕਾਰ ਦਾ ਇਹ ਫ਼ੈਸਲਾ ਸੀਬੀਐੱਸਈ ਦੇ ਐਲਾਨ ਤੋਂ ਇਕ ਦਿਨ ਬਾਅਦ ਆਇਆ ਹੈ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ, ‘‘ਸੀਬੀਐੱਸਈ ਦੇ ਫ਼ੈਸਲੇ ਤੋਂ ਬਾਅਦ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅਸੀਂ ਵੀ ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਜਾਂਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ।’’ ਉਨ੍ਹਾਂ ਦੱਸਿਆ ਕਿ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਅੰਦਰੂਨੀ ਮੁਲਾਂਕਣ ਦੇ ਆਧਾਰ ’ਤੇ ਐਲਾਨਿਆ ਜਾਵੇਗਾ।