ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 18 ਮਾਰਚ
ਚੰਡੀਗੜ੍ਹ ਵਿੱਚ ਪਿਛਲੇ ਚੌਵੀ ਘੰਟਿਆਂ ਦੌਰਾਨ ਮਿਲੇ ਕਰੋਨਾ ਦੇ 211 ਨਵੇਂ ਕੇਸਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਸਣੇ ਸਿਹਤ ਵਿਭਾਗ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਸਾਵਧਾਨੀ ਦੇ ਤੌਰ ’ਤੇ ਸਖਤੀ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਕਰੋਨਾ ਦਾ ਪਸਾਰ ਵਧਣ ਤੋਂ ਰੋਕਣ ਲਈ ਕਰੋਨਾ ਦੇ ਜ਼ਿਆਦਾ ਪ੍ਰਭਾਵਿਤ ਇਲਾਕਿਆਂ ਵਿੱਚ ਜ਼ੋਨ ਬਣਾ ਕੇ ਪਾਬੰਦੀਆਂ ਲਗਾਉਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।
ਐਸ.ਏ.ਐਸ. ਨਗਰ (ਮੁਹਾਲੀ)ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਰੋਨਾ ਮਹਾਮਾਰੀ ਦੇ 214 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਸ੍ਰੀ ਦਿਆਲਨ ਨੇ ਦੱਸਿਆ ਕਿ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 150 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਲਾਲੜੂ ਤੇ ਕੁਰਾਲੀ ਅਤੇ ਬਨੂੜ ਵਿੱਚ 6-6, ਡੇਰਾਬੱਸੀ ਵਿੱਚ 11, ਢਕੋਲੀ ਵਿੱਚ 17 ਅਤੇ ਖਰੜ ਵਿੱਚ 18 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਕਰੋਨਾ ਦੇ 50 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਮੌਜੂਦਾ ਸਮੇਂ ਐਕਟਿਵ ਕੇਸਾਂ ਦੀ ਗਿਣਤੀ 260 ਹੋ ਗਈ ਜਦੋਂਕਿ ਹੁਣ ਤੱਕ ਕਰੋਨਾ ਮਹਾਂਮਾਰੀ ਕਾਰਨ ਜ਼ਿਲ੍ਹੇ ਵਿਚ 114 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।
ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 156 ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਇਨ੍ਹਾਂ ਵਿੱਚੋਂ ਪੰਚਕੂਲਾ ਜ਼ਿਲ੍ਹੇ ਦੇ 46 ਮਰੀਜ਼ ਹਨ।
ਰੂਪਨਗਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ 70 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ। ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 32 , ਸ੍ਰੀ ਆਨੰਦਪੁਰ ਸਾਹਿਬ ਵਿੱਚ 16 , ਸ੍ਰੀ ਚਮਕੌਰ ਸਾਹਿਬ ਇਲਾਕੇ ਵਿੱਚ 12, ਮੋਰਿੰਡਾ ਇਲਾਕੇ ਵਿੱਚ ਇੱਕ ਅਤੇ ਨੰਗਲ ਇਲਾਕੇ ਵਿੱਚ 9 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ।
ਹੁਲਕਾ ਸਕੂਲ ਦੇ ਸੱਤ, ਗੀਗੇਮਾਜਰਾ ਤੇ ਬਨੂੜ ਸਕੂਲ ਦਾ ਇੱਕ-ਇੱਕ ਅਧਿਆਪਕ ਕਰੋਨਾ ਪਾਜ਼ੇਟਿਵ
ਬਨੂੜ (ਪੱਤਰ ਪ੍ਰੇਰਕ): ਇੱਥੋਂ ਦੇ ਸਰਕਾਰੀ ਹਾਈ ਸਕੂਲ ਹੁਲਕਾ ਦੇ ਕੁੱਲ ਬਾਰਾਂ ਅਧਿਆਪਕਾਂ ਵਿੱਚੋਂ ਸੱਤ ਅਧਿਆਪਕਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸਕੂਲੀ ਬੱਚਿਆਂ ਦੇ ਇਮਤਿਹਾਨ ਚੱਲ ਰਹੇ ਹਨ ਤੇ ਕਰੋਨਾ ਪੀੜਤ ਅਧਿਆਪਕਾਂ ਦੇ ਸੰਪਰਕ ਵਿੱਚ ਆਉਣ ਵਾਲੇ ਬੱਚਿਆਂ ਦੇ ਮਾਪਿਆਂ ਵਿੱਚ ਕਾਫ਼ੀ ਸਹਿਮ ਹੈ। ਸਕੂਲ ਦੀ ਇੰਚਾਰਜ ਰਾਜਵੰਸ਼ ਕੌਰ ਨੇ ਸੰਪਰਕ ਕਰਨ ਉੱਤੇ ਅਧਿਆਪਕਾਂ ਦੇ ਪਾਜ਼ੇਟਿਵ ਪਾਏ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਨਾਲ ਸਬੰਧਿਤ ਹਦਾਇਤਾਂ ਦਾ ਪਾਲਣ ਕਰਕੇ ਹੀ ਇਮਤਿਹਾਨ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਬਾਕੀ ਰਹਿੰਦੇ ਅਧਿਆਪਕਾਂ ਅਤੇ ਹੋਰ ਅਮਲੇ ਦੀ ਕਰੋਨਾ ਰਿਪੋਰਟ ਦਾ ਨੈਗੇਟਿਵ ਆਈ ਹੈ। ਇਸੇ ਤਰ੍ਹਾਂ ਬਨੂੜ ਸਕੂਲ ਦਾ ਇੱਕ ਅਧਿਆਪਕ ਵੀ ਪਿਛਲੇ ਕਈਂ ਦਿਨਾਂ ਤੋਂ ਕਰੋਨਾ ਪੀੜਤ ਚੱਲ ਰਿਹਾ ਹੈ। ਗੀਗੇਮਾਜਰਾ ਸਕੂਲ ਦਾ ਇੱਕ ਅਧਿਆਪਕ ਵੀ ਕਰੋਨਾ ਪੀੜਤ ਨਿਕਲਿਆ ਹੈ। ਇਸ ਸਕੂਲ ਦੇ ਕਈਂ ਹੋਰ ਅਧਿਆਪਕਾਂ ਨੇ ਵੀ ਆਪਣੇ ਟੈਸਟ ਕਰਾਏ ਹਨ। ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਕਨਵੀਨਰ ਜਗਜੀਤ ਸਿੰਘ ਛੜਬੜ੍ਹ ਨੇ ਸਕੂਲਾਂ ਵਿੱਚ ਕਰੋਨਾ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਇਮਤਿਹਾਨ ਰੱਦ ਨਾ ਕਰਨੇ ਬੇਹੱਦ ਚਿੰਤਾਜਨਕ ਹਨ। ਜ਼ਿਲ੍ਹਾ ਮੁਹਾਲੀ ਦੇ ਸਿੱਖਿਆ ਅਫ਼ਸਰ ਸੈਕੰਡਰੀ ਹਿੰਮਤ ਸਿੰਘ ਨੇ ਆਖਿਆ ਕਿ ਕਰੋਨਾ ਦੇ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਨੂੰ ਕਰੋਨਾ ਨਾਲ ਸਬੰਧਿਤ ਹਦਾਇਤਾਂ ਦਾ ਪਾਲਣ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ।