ਨਵੀਂ ਦਿੱਲੀ, 11 ਫਰਵਰੀ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਤਿੰਨ ਖੇਤੀ ਕਾਨੂੰਨਾਂ ਲਈ ਮੋਦੀ ਸਰਕਾਰ ’ਤੇ ਹੱਲਾ ਬੋਲਦਿਆਂ ਅੱਜ ਕਿਹਾ ਕਿ ਦਿੱਲੀ ਦੀਆਂ ਬਰੂਹਾਂ ’ਤੇ ਜਾਰੀ ਸੰਘਰਸ਼ ਸਿਰਫ਼ ਕਿਸਾਨਾਂ ਦਾ ਨਹੀਂ ਹੈ, ਬਲਕਿ ਦੇਸ਼ ਦਾ ਅੰਦੋਲਨ ਹੈ। ਲੋਕ ਸਭਾ ਵਿੱਚ ਬਜਟ ’ਤੇ ਚੱਲ ਰਹੀ ਬਹਿਸ ਦੌਰਾਨ ਰਾਹੁਲ ਨੇ ਕਿਹਾ ਕਿ ਸਰਕਾਰ ਨੂੰ ਇਹ ਕਾਲੇ ਖੇਤੀ ਕਾਨੂੰਨ ਹਰ ਹਾਲ ਵਾਪਸ ਲੈਣੇ ਪੈਣਗੇ। ਗਾਂਧੀ ਨੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਇਸ ਮੌਕੇ ਦੋ ਮਿੰਟ ਦਾ ਮੌਨ ਵੀ ਰੱਖਿਆ, ਜਿਸ ਵਿੱਚ ਕਾਂਗਰਸ ਤੋਂ ਇਲਾਵਾ ਤ੍ਰਿਣਮੂਲ ਕਾਂਗਰਸ ਤੇ ਡੀਐੱਮਕੇ ਦੇ ਮੈਂਬਰ ਵੀ ਸ਼ਾਮਲ ਹੋਏ। ਰਾਹੁਲ ਨੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਕਾਨੂੰਨਾਂ ਦਾ ਵਿਸ਼ਾ ਵਸਤੂ ਤੇ ਇਰਾਦਾ ਦੋਵੇਂ ਸ਼ੱਕੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਪਿਛਲਾ ਅਸਲ ਇਰਾਦਾ ਸਨਅਤਕਾਰਾਂ ਨੂੰ ਬੇਹਿਸਾਬਾ ਅਨਾਜ ਖਰੀਦ ਕੇ ਆਪਣੀ ਮਰਜ਼ੀ ਮੁਤਾਬਕ ਭੰਡਾਰਨ ਦੀ ਖੁੱਲ੍ਹ ਦੇਣਾ ਹੈ। ਰਾਹੁਲ ਨੇ ਪਰਿਵਾਰ ਨਿਯੋਜਨ ਦੇ ਪੁਰਾਣੇ ਨਾਅਰੇ ‘ਹਮ ਦੋ ਹਮਾਰੇ ਦੋ’ ਦੇ ਹਵਾਲੇ ਨਾਲ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ 4 ਤੋਂ 5 ਲੋਕ ਚਲਾ ਰਹੇ ਹਨ। ਰਾਹੁਲ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਭਾਰਤ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਤਬਾਹ ਕਰ ਦੇਣਗੇ ਤੇ ਪੇਂਡੂ ਅਰਥਚਾਰੇ ਨੂੰ ਵੱਡੀ ਢਾਹ ਲੱਗੇਗੀ। ਰਾਹੁਲ ਨੇ ਸਾਫ਼ ਕਰ ਦਿੱਤਾ ਕਿ ਕਿਸਾਨ ਕਿਤੇ ਨਹੀਂ ਜਾ ਰਹੇ, ਪਰ ਉਹ ਇਸ ਸਰਕਾਰ ਨੂੰ ਜ਼ਰੂਰ ਸੱਤਾ ਤੋਂ ਲਾਂਭੇ ਕਰ ਦੇਣਗੇ। ਪੀਟੀਆਈ