ਮੁਜ਼ੱਫਰਨਗਰ (ਉੱਤਰ ਪ੍ਰਦੇਸ਼), 15 ਅਪਰੈਲ
ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿੱਚ ਤਿੰਨ ਔਰਤਾਂ ਨੂੰ ਕੋਵਿਡ-19 ਤੋਂ ਬਚਾਉਣ ਵਾਲੀ ਵੈਕਸੀਨ ਦੀ ਡੋਜ਼ ਲਾਉਣ ਦੀ ਥਾਂ ਰੇਬੀਜ਼ ਦਾ ਟੀਕਾ ਲਾਉਣ ਦੇ ਮਾਮਲੇ ਵਿਚ ਇਕ ਸਰਕਾਰੀ ਸਿਹਤ ਕੇਂਦਰ ਦੇ ਫਾਰਮਾਸਿਸਟ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ ਜਦੋਂ ਕਿ ਹੋਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਅਧਿਕਾਰੀ ਜਸਜੀਤ ਕੌਰ ਵੱਲੋਂ ਜਾਰੀ ਆਦੇਸ਼ ਅਨੁਸਾਰ ਇਸ ਮਾਮਲੇ ਵਿਚ ਸਰਕਾਰੀ ਸਿਹਤ ਕੇਂਦਰ ਦੇ ਇੰਚਾਰਜ ਰਾਮਬੀਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਪ ਮੰਡਲ ਅਧਿਕਾਰੀ ਊਧਵ ਤ੍ਰਿਪਾਠੀ ਵੱਲੋਂ ਪੇਸ਼ ਜਾਂਚ ਰਿਪੋਰਟ ਦੇ ਆਧਾਰ ’ਤੇ ਇਨ੍ਹਾਂ ਅਧਿਕਾਰੀਆਂ ’ਤੇ ਲਾਪ੍ਰਵਾਹੀ ਵਰਤਣ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਸਰੋਜ (70), ਅਨਾਰਕਲੀ (72) ਅਤੇ ਸੱਤਿਆਵਤੀ (60) ਦੇ ਪਰਿਵਾਰ ਨੇ ਦੱਸਿਆ ਸੀ ਕਿ ਇਹ ਤਿੰਨੋਂ ਔਰਤਾਂ ਕੋਵਿਡ ਤੋਂ ਬਚਾਅ ਸਬੰਧੀ ਵੈਕਸੀਨ ਦਾ ਡੋਜ਼ ਲਗਵਾਉਣ ਲਈ ਕਾਂਧਲਾ ਹਸਪਤਾਲ ਗਈਆਂ ਸਨ ਪਰ ਟੀਕਾਕਰਨ ਤੋਂ ਬਾਅਦ ਉਨ੍ਹਾਂ ਰੇਨੂੰ ਬੀਜ਼ ਦੇ ਟੀਕੇ ਦੀ ਪਰਚੀ ਦਿੱਤੀ ਗਈ ਸੀ।