ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਜੂਨ
ਕੇਂਦਰ ਸਰਕਾਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਵੱਲੋਂ ਅੱਜ ਇਥੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਜ਼ਿਲ੍ਹਾ ਪੱਧਰੇ ਪ੍ਰਦਰਸ਼ਨ ਦੌਰਾਨ ਇਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਇਕੱਤਰ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਕੇਂਦਰ ਸਰਕਾਰ ਦੇ ਨਾਮ ਮੰਗ ਪੱਤਰ ਵੀ ਭੇਜਿਆ ਗਿਆ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ ਤੇ ਸ਼ਹਿਰੀ ਇਕਾਈ ਪਟਿਆਲਾ ਦੇ ਪ੍ਰਧਾਨ ਕੇ. ਕੇ ਮਲਹੋਤਰਾ ਦੀ ਸਾਂਝੀ ਅਗਵਾਈ ਹੇਠਲੇ ਇਸ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਤੇਲ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਮੋਦੀ ਸਰਕਾਰ ਨੂੰ ਖੂਬ ਕੋਸਿਆ। ਇਸ ਮੌਕੇ ਸਮਾਣਾ ਦੇ ਵਿਧਾਇਕ ਕਾਕਾ ਰਾਜਿੰਦਰ ਸਿੰਘ, ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਪੀਆਰਟੀਸੀ ਦੇ ਚੇਅਰਮੈਨ ਕੇ. ਕੇ. ਸ਼ਰਮਾ, ਸਨੌਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਪਟਿਆਲਾ ਦੇ ਮੇਅਰ ਸੰਜੀਵ ਬਿੱਟੂ, ਮਾਰਕਿਟ ਕਮੇਟੀ ਡਕਾਲਾ ਚੇਅਰਮੈਨ ਮਦਨਜੀਤ ਡਕਾਲਾ, ਯੂਥ ਕਾਂਗਰਸ ਦੇ ਸਥਾਨਕ ਪ੍ਰਧਾਨ ਅਨੁਜ ਖੋਸਲਾ ਵੀ ਹਾਜ਼ਰ ਸਨ।
ਸੰਗਰੂਰ (ਗੁਰਦੀਪ ਸਿੰਘ ਲਾਲੀ) ਦੇਸ਼ ’ਚ ਲਗਾਤਾਰ ਵਧ ਰਹੀਆਂ ਪੈਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਖ਼ਿਲਾਫ਼ ਐੱਨਐੱਸਯੂਆਈ ਤੇ ਯੂਥ ਕਾਂਗਰਸ ਵੱਲੋਂ ਕੌਮੀ ਸਕੱਤਰ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਇਥੇ ਡੀਸੀ ਕੰਪਲੈਕਸ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਬਗੈਰ ਤੇਲ ਤੋਂ ਟਰੈਕਟਰ ਨੂੰ ਰੱਸੇ ਨਾਲ ਖਿੱਚ ਕੇ ਤੇਲ ਦੀਆਂ ਕੀਮਤਾਂ ’ਤੇ ਵਿਲੱਖਣ ਅੰਦਾਜ਼ ’ਚ ਭਾਜਪਾ ਸਰਕਾਰ ’ਤੇ ਕਰਾਰੀ ਚੋਟ ਕੀਤੀ।ਇਸ ਮੌਕੇ ਆਲ ਇੰਡੀਆ ਯੂਥ ਕਾਂਗਰਸ ਦੇ ਸਕੱਤਰ ਤੇ ਹਲਕਾ ਸੁਨਾਮ ਦੇ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਸੰਕਟ ਕਾਰਨ ਪਹਿਲਾਂ ਹੀ ਲੋਕਾਂ ਦੇ ਕਾਰੋਬਾਰ ਪਿਛਲੇ ਤਿੰਨ ਮਹੀਨਿਆਂ ਤੋਂ ਬੰਦ ਹਨ। ਅਜਿਹੇ ਮੁਸ਼ਕਲ ਹਾਲਾਤ ’ਚ ਕੇਂਦਰ ਸਰਕਾਰ ਨੇ ਬਾਂਹ ਫੜ੍ਹਨ ਦੀ ਬਜਾਏ ਲੋਕਾਂ ਨੂੰ ਆਰਥਿਕ ਤੌਰ ’ਤੇ ਨਿਚੋੜ ਕੇ ਰੱਖ ਦਿੱਤਾ ਹੈ। ਪਿਛਲੇ ਵੀਹ ਦਿਨਾਂ ਤੋਂ ਤੇਲ ਦੀਆਂ ਕੀਮਤਾਂ ਦਾ ਵਾਧਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਪਰ ਕੇਂਦਰ ਸਰਕਾਰ ਨੇ ਲੋਕ ਮੁੱਦਿਆਂ ਤੋਂ ਪਾਸਾ ਵੱਟ ਰੱਖਿਆ ਹੈ। ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਗੋਬਿੰਦਰ ਖੰਗੂੜਾ ਨੇ ਕਿਹਾ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵੱਧਣ ਨਾਲ ਟੈਕਸੀ ਚਾਲਕਾਂ ਦਾ ਕਾਰੋਬਾਰ ਠੱਪ ਹੋਣ ਦੇ ਨਾਲ-ਨਾਲ ਟਰੱਕ ਆਪਰੇਟਰ ਵੀ ਪ੍ਰੇਸ਼ਾਨ ਹਨ।
ਸਮਾਣਾ (ਅਸ਼ਵਨੀ ਗਰਗ) ਪੈਟਰੋਲ ਤੇ ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਵਿਰੁੱਧ ਅੱਜ ਕਾਂਗਰਸ ਪਾਰਟੀ ਵੱਲੋਂ ਹਲਕਾ ਵਿਧਾਇਕ ਰਜਿੰਦਰ ਸਿੰਘ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਹਲਕਾ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਕਰੋਨਾ ਮਹਾਂਮਾਰੀ ਕਾਰਨ ਪਿਛਲੇ 3 ਮਹੀਨਿਆਂ ਤੋਂ ਲੋਕ ਆਪਣੇ ਕੰਮਾਂ ਕਾਰਾਂ ਤੋਂ ਵਾਂਝੇ ਹੋਏ ਬੈਠੇ ਹਨ ਅਜਿਹੇ ’ਚ ਕੇਂਦਰ ਸਰਕਾਰ ਨੇ ਲੋਕਾਂ ਦੀ ਬਾਂਹ ਤਾਂ ਕੀ ਫੜਨੀ ਸੀ ਸਗੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵੱਡਾ ਵਾਧਾ ਕਰਕੇ ਦੇਸ਼ ਦੀ ਜਨਤਾ ਨੂੰ ਮਾਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਬਾਕੀ ਸਾਰੇ ਦੇਸ਼ ਕਿਸੇ ਨਾ ਕਿਸੇ ਢੰਗ ਨਾਲ ਆਪਣੇ ਦੇਸ਼ ਦੇ ਲੋਕਾਂ ਦੀ ਸਹਾਇਤਾ ਕਰ ਰਹੇ ਹਨ ਉੱਥੇ ਹੀ ਭਾਰਤ ਦੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲੋਕਾਂ ਦੇ ਗੱਲ ਵੱਢਣ ’ਤੇ ਤੁਰੀ ਹੋਈ ਹੈ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ) ਇਥੇ ਕਾਂਗਰਸੀ ਆਗੂਆਂ ਨੇ ਪੰਜਾਬ ਦੀ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਪੈਟਰੋਲ ਤੇ ਡੀਜ਼ਲ ਦੀਆਂ ਬੇਰੋਕ ਵਧ ਰਹੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਐਸਡੀਐਮ ਵਿਕਰਮਜੀਤ ਸਿੰਘ ਪਾਂਥੇ ਨੂੰ ਸੌਂਪਿਆ। ਮੰਗ ਪੱਤਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ।