ਅਸ਼ਵਨੀ ਗਰਗ/ਸੁਭਾਸ਼ ਚੰਦਰ
ਸਮਾਣਾ, 13 ਜੁਲਾਈ
ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਦਾਅਵਾ ਕੀਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਅਸਲ ਸਿਧਾਂਤਾਂ ’ਤੇ ਪਹਿਰਾ ਦਿੰਦੇ ਹੋਏ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਮਾਣ-ਸਤਿਕਾਰ ਬਹਾਲ ਕਰਨਗੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਸਿਧਾਂਤਾਂ ਨੂੰ ਛਿੱਕੇ ਟੰਗ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਨਿੱਜੀ ਕੰਪਨੀ ਬਣਾ ਕੇ ਰੱਖ ਦਿੱਤਾ ਹੈ। ਇੱਥੋਂ ਤੱਕ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤੀ ਹਾਲਤ ਵੀ ਹੱਦੋਂ ਵੱਧ ਪਤਲੀ ਹੋ ਗਈ ਹੈ। ਸੁਖਦੇਵ ਸਿੰਘ ਢੀਂਡਸਾ ਸਮਾਣਾ ਦੇ ਪਿੰਡ ਫਤਹਿਮਾਜਰੀ ਵਿੱਚ ਸਾਬਕਾ ਡੀਐੱਸਪੀ ਨਾਹਰ ਸਿੰਘ ਤੇ ਉਨ੍ਹਾਂ ਦੇ ਸਾਥੀ ਕੁਲਵਿੰਦਰ ਸਿੰਘ ਜੋਗੀ ਨੂੰ ਪਾਰਟੀ ’ਚ ਸ਼ਾਮਲ ਕਰਨ ਆਏ ਸਨ। ਇਸ ਮੌਕੇ ਉਨ੍ਹਾਂ ਨਾਲ ਰਣਧੀਰ ਸਿੰਘ ਰੱਖੜਾ ਤੇ ਤਜਿੰਦਰਪਾਲ ਸਿੰਘ ਸੰਧੂ ਵੀ ਹਾਜ਼ਰ ਸਨ।
ਸ੍ਰੀ ਢੀਂਡਸਾ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕਮਾਨ ਸੰਭਾਲੀ ਹੈ ਉਦੋਂ ਤੋਂ ਉਸ ਨੇ ਤਾਨਾਸ਼ਾਹੀ ਚਲਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਨਿੱਜੀ ਕੰਪਨੀ ਬਣਾ ਕੇ ਰੱਖ ਦਿੱਤਾ ਹੈ ਤੇ ਸਾਰੇ ਸਿਧਾਂਤਾਂ ਨੂੰ ਭੁੱਲ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਮਾੜੀ ਵਿੱਤੀ ਹਾਲਤ ਲਈ ਵੀ ਸ਼੍ਰੋਮਣੀ ਅਕਾਲੀ ਦਲ ਦੀ ‘ਬੀ’ ਟੀਮ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਨਿੱਤ ਨਵੇਂ ਘਪਲਿਆਂ ਨੇ ਕਮੇਟੀ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ, ਪਰ ਜ਼ਿੰਮੇਵਾਰ ਵਿਅਕਤੀਆਂ ਵੱਲੋਂ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਾ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ’ਚ ਸ਼੍ਰੋਮਣੀ ਕਮੇਟੀ ਦੀ ਮਰਿਆਦਾ ਨੂੰ ਮੁੜ ਲੀਹਾਂ ’ਤੇ ਲਿਆਂਦਾ ਜਾਵੇਗਾ। ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਕਈ ਵੱਡੇ ਆਗੂ ਉਨ੍ਹਾਂ ਨਾਲ ਆਉਣਗੇ ਤੇ ਬਾਦਲ ਐਂਡ ਕੰਪਨੀ ਖੇਰੂੰ ਖੇਰੂੰ ਹੋ ਕੇ ਰਹਿ ਜਾਵੇਗੀ, ਜਿਸ ਤੋਂ ਬਾਅਦ ਸਭ ਨੂੰ ਪਤਾ ਲੱਗ ਜਾਵੇਗਾ ਕਿ ਅਸਲ ਅਕਾਲੀ ਦਲ ਕਿਹੜਾ ਹੈ।
ਹਮਖਿਆਲੀ ਪਾਰਟੀਆਂ ਨਾਲ ਗੱਠਜੋੜ ਕਰਨ ਦੇ ਸੰਕੇਤ ਦਿੱਤੇ
ਸ੍ਰੀ ਢੀਂਡਸਾ ਨੇ ਕਿਹਾ ਕਿ 2022 ’ਚ ਹੋਣ ਵਾਲੀਆਂ ਚੋਣਾਂ ’ਚ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸਾਰੀਆਂ ਹਮਖਿਆਲੀ ਪਾਰਟੀਆਂ ਨਾਲ ਗੱਠਜੋੜ ਕਰਕੇ ਪੰਜਾਬ ਦੇ ਲੋਕਾਂ ਨੂੰ ਤੀਜਾ ਬਦਲ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਨੂੰ ਇਨ੍ਹਾਂ ਦੋਵੇਂ ਲੋਟੂ ਪਾਰਟੀਆਂ ਤੋਂ ਰਾਹਤ ਮਿਲ ਸਕੇ। ਬੇਅਦਬੀ ਮਾਮਲੇ ’ਚ ਸਿਟ ਵੱਲੋਂ ਕੀਤੀਆਂ ਗਈਆਂ ਨਾਮਜ਼ਦਗੀਆਂ ਤੇ ਗ੍ਰਿਫ਼ਤਾਰੀਆਂ ਬਾਰੇ ਉਨ੍ਹਾਂ ਕਿਹਾ ਕਿ ਸਿੱਟ ਵੱਲੋਂ ਜਾਂਚ ਸ਼ੁਰੂ ਤਾਂ ਕੀਤੀ ਗਈ ਹੈ ਪਰ ਤਸੱਲੀ ਉਸ ਸਮੇਂ ਹੋਵੇਗੀ ਜਦੋਂ ਇਹ ਜਾਂਚ ਕਿਸੇ ਸਿਰੇ ਲੱਗੇਗੀ। ਇਸ ਮੌਕੇ ਪਾਰਟੀ ’ਚ ਸ਼ਾਮਲ ਹੋਏ ਸਾਬਕਾ ਡੀਐੱਸਪੀ ਨਾਹਰ ਸਿੰਘ ਨੇ ਕਿਹਾ ਕਿ ਉਹ ਪਾਰਟੀ ’ਚ ਦਿਨ-ਰਾਤ ਇੱਕ ਕਰਕੇ ਮਿਹਨਤ ਕਰਨਗੇ।