ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 19 ਨਵੰਬਰ
ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਯੂਨੀਅਨਾਂ ਵੱਲੋਂ 26-27 ਨਵੰਬਰ ਨੂੰ ‘ਦਿੱਲੀ ਚਲੋ’ ਪ੍ਰੋਗਰਾਮ ਦੀ ਤਿਆਰੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਪਿੰਡ ਪਿਓਰੀ ਵਿੱਚ ਹੋਈ। ਕਿਸਾਨ ਆਗੂਆ ਨੇ ਕਿਹਾ ਕਿ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪੁੱਜ ਕੇ ਕੇਂਦਰ ਸਰਕਾਰ ’ਤੇ ਦਬਾਅ ਬਣਾਉਣਾ ਪਵੇਗਾ। ਇਸ ਮੀਟਿੰਗ ਨੂੰ ਜਸਬੀਰ ਸਿੰਘ, ਲਵਪ੍ਰੀਤ ਸਿੰਘ, ਜਗਦੇਵ ਸਿੰਘ, ਜਸਪਾਲ ਸਿੰਘ ਅਤੇ ਪਵਨਦੀਪ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਨਥਾਣਾ (ਭਗਵਾਨ ਦਾਸ ਗਰਗ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਇਥੇ ਕਿਸਾਨ ਮਹਿਲਾਵਾਂ ਦੀ ਮੀਟਿੰਗ ਕਰ ਕੇ ਉਨ੍ਹਾਂ ਨੂੰ 26 ਅਤੇ 27 ਨਵੰਬਰ ਦੇ ਦਿੱਲੀ ਧਰਨੇ ਲਈ ਜਾਗਰੂਕ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਅੱਜ ਦੀ ਮੀਟਿੰਗ ’ਚ ਮਹਿਲਾਵਾਂ ਨੇ ਵੱਧ ਤੋਂ ਵੱਧ ਗਿਣਤੀ ’ਚ ਦਿੱਲੀ ਜਾਣ ਦੀ ਸਹਿਮਤੀ ਦਿੱਤੀ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਮਸ਼ਾਲ ਮਾਰਚ ਦਾ ਸੱਦਾ
ਨਿਹਾਲ ਸਿੰਘ ਵਾਲਾ (ਰਾਜਵਿੰਦਰ ਰੌਂਤਾ): ਕਿਸਾਨ ਘੋਲ ਸਹਾਇਤਾ ਕਮੇਟੀ ਦੇ ਕਨਵੀਨਰ ਦਰਸ਼ਨ ਸਿੰਘ ਹਿੰਮਤਪੁਰਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਗੁਰਮੁਖ ਹਿੰਮਤਪੁਰਾ ਦੀ ਅਗਵਾਈ ਵਿੱਚ ਪਿੰਡ ਭਾਗੀਕੇ ਵਿੱਚ ਕਿਸਾਨ-ਮਜ਼ਦੂਰ ਔਰਤਾਂ ਦੀ ਭਰਵੀਂ ਮੀਟਿੰਗ ਕਰਵਾਈ ਗਈ। ਇਸ ਸਮੇਂ ਬੁਲਾਰਿਆਂ ਨੇ ਕਿਹਾ ਕਿ 21 ਤੋਂ 23 ਨਵੰਬਰ ਤੱਕ ਦਿਨ ਸਮੇਂ ਔਰਤਾਂ ਵੱਲੋਂ ਪਿੰਡ-ਪਿੰਡ ਮਾਰਚ ਅਤੇ ਰਾਤ ਸਮੇਂ ਨੌਜਵਾਨਾਂ ਵੱਲੋਂ ਮਸ਼ਾਲ ਮਾਰਚ ਕੀਤੇ ਜਾਣਗੇ। 26 ਅਤੇ 27 ਨਵੰਬਰ ਦੇ ਦਿੱਲੀ ਜਾਣ ਦਾ ਹੋਕਾ ਦਿੰਦਿਆਂ ਪੂਰੀ ਸਰਗਰਮੀ ਨਾਲ ਲਾਮਬੰਦੀ ਕਰਨ ਦਾ ਸੁਨੇਹਾ ਵੀ ਹਾਜ਼ਰ ਇਕੱਠ ਨੂੰ ਦਿੱਤਾ ਗਿਆ।
ਭਾਜਪਾ ਆਗੂ ਦੇ ਘਰ ਅੱਗੇ ਧਰਨਾ ਜਾਰੀ
ਮਾਨਸਾ (ਜੋਗਿੰਦਰ ਸਿੰਘ ਮਾਨ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਅੱਗੇ ਹਰ ਰੋਜ਼ ਧਰਨੇ ਦੇਣ ਦੇ ਸੱਦੇ ਤਹਿਤ ਅੱਜ ਜਥੇਬੰਦੀ ਵੱਲੋਂ ਮਾਨਸਾ ਸ਼ਹਿਰ ਵਿੱਚ ਮੁਜ਼ਾਹਰਾ ਕਰ ਕੇ ਭਾਜਪਾ ਦੇ ਸੀਨੀਅਰ ਸੂਬਾਈ ਆਗੂ ਐਡਵੋਕੇਟ ਸੂਰਜ ਛਾਬੜਾ ਦੇ ਘਰ ਅੱਗੇ ਅੱਜ 14ਵੇਂ ਦਿਨ ਧਰਨਾ ਦੇ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਹਿੰਦਰ ਸਿੰਘ ਰੁਮਾਣਾ ਨੇ ਕਿਹਾ ਕਿ 26-27 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਨੂੰ ਕੂਚ ਕਰਨਗੇ।