ਧਰਨੇ ਦੌਰਾਨ ਬਿਰਧ ਔਰਤ ਦੀ ਮੌਤ ਦਾ ਮਾਮਲਾ ਭਖਿਆ

ਧਰਨੇ ਦੌਰਾਨ ਬਿਰਧ ਔਰਤ ਦੀ ਮੌਤ ਦਾ ਮਾਮਲਾ ਭਖਿਆ

ਧਰਨੇ ਨੂੰ ਸੰਬੋਧਨ ਕਰਦੀ ਹੋਈ ਇੱਕ ਕਿਸਾਨ ਬੀਬੀ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 16 ਅਕਤੂਬਰ

ਕਿਸਾਨ ਜਥੇਬੰਦੀ ਵੱਲੋਂ ਰੇਲ ਪਟੜੀਆਂ ’ਤੇ ਲਗਾਏ ਗਏ ਧਰਨੇ ਦੌਰਾਨ ਮਾਤਾ ਤੇਜ ਕੌਰ (84) ਦੀ 9 ਅਕਤੂਬਰ ਨੂੰ ਹੋਈ ਮੌਤ ਦੇ ਮਾਮਲੇ ਵਿੱਚ ਮ੍ਰਿਤਕਾ ਦੇ ਸਸਕਾਰ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਅੜ-ਫੱਸ ਹੋ ਗਈ ਹੈ। ਜਥੇਬੰਦੀ ਦੇ ਆਗੂ ਬਿਰਧ ਮਾਤਾ ਦਾ ਸਸਕਾਰ ਰੱਖੀਆਂ ਮੰਗਾਂ ਮੁਤਾਬਕ ਕਰਨ ਲਈ ਅੜੇ ਹਨ ਜਦੋਂਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੱਥ ਮੁਆਵਜ਼ਾ ਲਈ ਖੜ੍ਹੇ ਹਨ। ਜਥੇਬੰਦੀ ਵੱਲੋਂ ਪਿਛਲੇ ਲਗਾਤਾਰ ਪੰਜ ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਮੁੱਖ ਗੇਟ ਮੱਲਿਆ ਹੋਇਆ ਹੈ ਅਤੇ ਉਸ ਦਿਨ ਤੋਂ ਡਿਪਟੀ ਕਮਿਸ਼ਨਰ ਆਪਣੇ ਦਫ਼ਤਰ ਵਿੱਚ ਨਹੀਂ ਬੈਠ ਰਹੇ ਅਤੇ ਨਾ ਹੀ ਸਬੰਧਤ ਮੰਗਾਂ ਦਾ ਕੋਈ ਨਿਪਟਾਰਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅੜੀਅਲ ਵਤੀਰੇ ਕਾਰਨ ਕਿਸਾਨਾਂ ਵਿੱਚ ਰੋਸ ਵਧ ਰਿਹਾ ਹੈ। ਅੱਜ ਵੀ ਵੱਡੀ ਗਿਣਤੀ ਕਿਸਾਨਾਂ ਅਤੇ ਔਰਤਾਂ ਨੇ ਧਰਨੇ ’ਚ ਸ਼ਮੂਲੀਅਤ ਕਰ ਕੇ ਕੈਪਟਨ ਸਰਕਾਰ ਦਾ ਪਿੱਟ-ਸਿਆਪਾ ਕੀਤਾ।

ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਕਿਸਾਨਾਂ ਪ੍ਰਤੀ ਨੀਅਤ ਸਾਫ਼ ਨਹੀਂ ਕਿਉਂਕਿ ਕੇਂਦਰ ਸਰਕਾਰ ਖ਼ਿਲਾਫ਼ ਚੱਲੇ ਅੰਦੋਲਨ ਵਿੱਚ ਹੀ ਮਾਤਾ ਤੇਜ ਕੌਰ ਦੀ ਜਾਨ ਗਈ ਹੈ, ਪਰ ਅਜੇ ਤੱਕ ਕੈਪਟਨ ਸਰਕਾਰ ਨੇ ਨਾ ਤਾਂ ਪਰਿਵਾਰ ਦੀ ਕੋਈ ਸਾਰ ਲਈ ਹੈ ਅਤੇ ਨਾ ਹੀ ਸਬੰਧਤ ਮੰਗਾਂ ’ਤੇ ਕਿਸੇ ਕਿਸਮ ਦੀ ਕੋਈ ਹਾਮੀ ਭਰੀ ਹੈ। ਅੱਜ ਵੱਖ-ਵੱਖ ਥਾਵਾਂ ਤੇ ਧਰਨਿਆਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ’ਤੇ ਉਸ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ ਕਿਉਂਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਵੱਡੇ ਜੰਗੀਰਦਾਰਾਂ ਤੋਂ ਜ਼ਮੀਨਾਂ ਖੋਹ ਕੇ ਕਿਸਾਨਾਂ ਨੂੰ ਮਾਲਕ ਬਣਾਇਆ ਸੀ, ਪਰ ਅੱਜ ਫੇਰ ਉਹੀ ਜਗੀਰਦਾਰ ਕੰਪਨੀਆਂ ਦੇ ਰੂਪ ਵਿੱਚ ਜ਼ਮੀਨਾਂ ’ਤੇ ਕਬਜ਼ੇ ਕਰਨ ਲਈ ਆ ਰਹੇ ਹਨ।

ਪ੍ਰਸ਼ਾਸਨ ਦੀ ਤਿੰਨ ਲੱਖ ਮੁਆਵਜ਼ੇ ਦੀ ਪੇਸ਼ਕਸ਼ ਠੁਕਰਾਈ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸਡੀਐੱਮ ਸ਼ਿਖਾ ਭਗਤ ਦੀ ਅਗਵਾਈ ਵਿੱਚ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਤਿੰਨ ਲੱਖ ਰੁਪਏ ਮੁਆਵਜ਼ਾ ਦੇਣ ਦਾ ਪ੍ਰਸਤਾਵ ਰੱਖਿਆ ਗਿਆ, ਜਿਸ ਨੂੰ ਜਥੇਬੰਦੀ ਨੇ ਠੁਕਰਾਉਂਦਿਆਂ 10 ਲੱਖ ਰੁਪਏ ਮੁਆਵਜ਼ਾ ਰਾਸ਼ੀ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਰਕਾਰੀ ਜਾਂ ਪ੍ਰਾਈਵੇਟ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ। ਜਥੇਬੰਦੀ ਨੇ ਇਹ ਮੰਗਾਂ ਮੰਨੇ ਬਿਨਾਂ ਕੋਈ ਸਮਝੌਤਾ ਨਾ ਕਰਨ ਦਾ ਫੈਸਲਾ ਵੀ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All