ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 21 ਮਈ
ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜਲਾਲਦੀਵਾਲ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਕਰਵਾਏ ਗਏ ਸੈਮੀਨਾਰ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੇ ਡਿੱਗਦੇ ਪੱਤਣ ਦੀ ਸਮੱਸਿਆ ਦੇ ਹੱਲ ਵਿੱਚ ਆਪਣਾ ਹਿੱਸਾ ਪਾਉਣ ਦਾ ਅਹਿਦ ਕੀਤਾ । ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਇਸ ਮੌਕੇ ਵਿਸ਼ੇਸ ਮਹਿਮਾਨਾਂ ਵਜੋਂ ਹਾਜ਼ਰ ਸਨ। ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀਸੀ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਘਟ ਰਹੇ ਪਾਣੀ ਦਾ ਪੱਧਰ ਇੱਕ ਬੇਹੱਦ ਗੰਭੀਰ ਮੁੱਦਾ ਹੈ, ਜਿਸ ਨੂੰ ਹੱਲ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਦੀ ਜ਼ਿੰਮੇਵਾਰੀ ਬਣਦੀ ਹੈ। ਪੱਤਰਕਾਰ ਅਤੇ ਚਿੰਤਕ ਬਲਤੇਜ ਪੰਨੂ ਨੇ ਨਾੜ ਨੂੰ ਲਗਾਈ ਜਾਣ ਵਾਲੀ ਅੱਗ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇ ਇਸੇ ਤਰ੍ਹਾਂ ਅਸੀਂ ਆਪਣੇ ਸਵਾਰਥ ਲਈ ਦਰੱਖਤਾਂ ਨੂੰ ਅੱਗ ਵਿੱਚ ਝੋਕਦੇ ਰਹੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਮੋਢਿਆਂ ’ਤੇ ਸਕੂਲ ਬੈਗ ਦੀ ਥਾਂ ਆਕਸੀਜਨ ਦੇ ਸਿਲੰਡਰ ਚੁੱਕ ਕੇ ਲਿਜਾਣੇ ਪੈਣਗੇ। ਇਸ ਮੌਕੇ ਐੱਸਡੀਐੱਮ ਰਾਏਕੋਟ ਗੁਰਬੀਰ ਸਿੰਘ ਕੋਹਲੀ, ਸੰਸਥਾ ਦੇ ਡਾਇਰੈਕਟਰ ਡਾ. ਹਰਮਿੰਦਰ ਸਿੰਘ ਸਿੱਧੂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਵਿਭਾਗ ਮੁਖੀ ਡਾ.ਮੱਖਣ ਸਿੰਘ ਭੁੱਲਰ ਹਾਜ਼ਰ ਸਨ।