ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਰਮੇ ’ਤੇ ਚਿੱਟੀ ਮੱਖੀ ਅਤੇ ਹਰੇ ਤੇਲੇ ਦੀ ਰੋਕਥਾਮ

ਨਰਮਾ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਦੀ ਪ੍ਰਮੁੱਖ ਫ਼ਸਲ ਹੈ। ਇਸ ਉੱਪਰ ਕਈ ਤਰ੍ਹਾਂ ਦੇ ਕੀੜਿਆਂ ਦਾ ਹਮਲਾ ਹੁੰਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਨਰਮਾ ਪੱਟੀ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਸਰਵੇਖਣ ਦੌਰਾਨ ਪਤਾ ਲੱਗਾ ਹੈ ਕਿ...
Advertisement

ਨਰਮਾ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਦੀ ਪ੍ਰਮੁੱਖ ਫ਼ਸਲ ਹੈ। ਇਸ ਉੱਪਰ ਕਈ ਤਰ੍ਹਾਂ ਦੇ ਕੀੜਿਆਂ ਦਾ ਹਮਲਾ ਹੁੰਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਨਰਮਾ ਪੱਟੀ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਸਰਵੇਖਣ ਦੌਰਾਨ ਪਤਾ ਲੱਗਾ ਹੈ ਕਿ ਨਰਮੇ ਦੇ ਕੁਝ ਖੇਤਾਂ ਵਿੱਚ ਚਿੱਟੀ ਮੱਖੀ ਆਰਥਿਕ ਕਗਾਰ (ਓਠਲ਼-6 ਮੱਖੀ ਪ੍ਰਤੀ ਪੱਤਾ) ਤੋਂ ਉੱਪਰ ਪਾਈ ਗਈ ਹੈ ਅਤੇ ਕੁਝ ਖੇਤਾਂ ਵਿੱਚ ਹਰਾ ਤੇਲਾ ਵੀ ਨਜ਼ਰ ਆਇਆ ਹੈ। ਹਾਲਾਂਕਿ ਚਿੱਟੀ ਮੱਖੀ ਅਤੇ ਹਰੇ ਤੇਲੇ ਦੀ ਗਿਣਤੀ ਘੱਟ ਹੈ, ਪਰ ਅੱਜਕੱਲ੍ਹ ਦੇ ਮੌਸਮ ਦੇ ਅਨੁਕੁਲ ਹੋਣ ਕਰਕੇ ਇਨ੍ਹਾਂ ਦੀ ਜਨਸੰਖਿਆ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਕਿਸਾਨਾਂ ਨੂੰ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ। ਚਿੱਟੀ ਮੱਖੀ ਦੇ ਬੱਚੇ ਅਤੇ ਬਾਲਗ ਦੋਵੇਂ ਪੱਤਿਆਂ ਤੋਂ ਰਸ ਚੂਸਦੇ ਹਨ, ਜਿਸ ਦੇ ਸਿੱਟੇ ਵਜੋਂ ਪੱਤੇ ਪੀਲੇ ਪੈ ਜਾਂਦੇ ਹੈ ਅਤੇ ਪੱਤੇ ਦੇ ਉੱਪਰਲੇ ਹਿੱਸੇ ’ਤੇ ਆਪਣਾ ਮੱਲ ਤਿਆਗ (ਚਿਪਚਿਪਾ) ਕਰਦੇ ਹਨ ਜਿਸ ਉੱਪਰ ਬਾਅਦ ਵਿੱਚ ਕਾਲੀ ਉੱਲੀ ਲੱਗ ਜਾਂਦੀ ਹੈ। ਇਹ ਮੱਖੀ ਨਰਮੇ ਵਿੱਚ ਪੱਤਾ ਮਰੋੜ ਬਿਮਾਰੀ (ਲੀਫ ਕਰਲ) ਵੀ ਫੈਲਾਉਂਦੀ ਹੈ। ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ।

Advertisement

ਹਰੇ ਤੇਲੇ ਦਾ ਬਾਲਗ ਅਤੇ ਬੱਚੇ ਦੋਵੇਂ ਹੀ ਪੱਤਿਆਂ ਦੀ ਹੇਠਲੀ ਸਤਹਿ ਤੋਂ ਰਸ ਚੂਸਦੇ ਹਨ ਜਿਸ ਕਰਕੇ ਪੱਤੇ ਕੰਨੀਆਂ ਤੋਂ ਪੀਲੈ ਪੈ ਕੇ ਹੇਠਾਂ ਨੂੰ ਮੁੜਨੇ ਸ਼ੁਰੂ ਹੋ ਜਾਂਦੇ ਹਨ। ਹੌਲੀ-ਹੌਲੀ ਹਮਲੇ ਵਾਲੇ ਪੱਤੇ ਪੂਰੀ ਤਰ੍ਹਾਂ ਝੁਰੜ-ਮੁਰੜ ਹੋ ਕੇ ਲਾਲ ਰੰਗ ਦੇ ਹੋ ਜਾਂਦੇ ਹਨ ਜਿਸ ਨੂੰ ‘ਹਾਪਰ ਬਰਨ’ ਕਿਹਾ ਜਾਂਦਾ ਹੈ। ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਵਕਤ ਕਰੋ ਜਦੋਂ 50 ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਝੁਰੜ-ਮੁਰੜ ਹੋਏ ਜਾਪਣ ਅਤੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ। ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ਹੇਠਾਂ ਦੱਸੀ ਸਰਵਪੱਖੀ ਤਕਨੀਕਾਂ ਅਪਣਾਓ।

•ਨਰਮੇ ਦੀ ਫ਼ਸਲ ਨੂੰ ਸੋਕਾ ਨਾ ਲੱਗਣ ਦਿਓ ਕਿਉਂਕਿ ਸੋਕੇ ਵਿੱਚ ਫ਼ਸਲ ’ਤੇ ਵੀ ਇਸ ਕੀੜੇ ਦਾ ਹਮਲਾ ਵਧੇਰੇ ਹੁੰਦਾ ਹੈ।

•ਨਾਈਟ੍ਰੋਜਨ ਖਾਦ ਸਿਫਾਰਸ਼ ਕੀਤੀ ਮਾਤਰਾ ਤੋਂ ਵੱਧ ਨਾ ਪਾਓ ਕਿਉਂਕਿ ਜ਼ਿਆਦਾ ਖਾਦ ਪਾਉਣ ਨਾਲ ਰਸ ਚੂਸਣ ਵਾਲੇ ਕੀੜਿਆਂ ਵਿੱਚ ਵਾਧਾ ਹੁੰਦਾ ਹੈ।

•ਨਰਮੇ ਤੋਂ ਇਲਾਵਾ ਚਿੱਟੀ ਮੱਖੀ ਦਾ ਹਮਲਾ ਹੋਰ ਫ਼ਸਲਾਂ ਜਿਵੇਂ ਕਿ ਬੈਂਗਣ, ਖੀਰਾ, ਚੱਪਣ ਕੱਦੂ, ਤਰ, ਆਲੂ, ਟਮਾਟਰ, ਮਿਰਚਾਂ, ਮੂੰਗੀ ਆਦਿ ’ਤੇ ਵੀ ਪਾਇਆ ਜਾਂਦਾ ਹੈ, ਇਸ ਲਈ ਇਨ੍ਹਾਂ ਫ਼ਸਲਾਂ ਉੱਪਰ ਅਤੇ ਨਰਮੇ ਉੱਪਰ ਲਗਾਤਾਰ ਸਰਵੇਖਣ ਕਰਦੇ ਰਹੋ।

•ਘੱਟ ਲਾਗਤ ਵਾਲੇ ਪੀਲੇ ਕਾਰਡ 40 ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤਾਂ ਵਿੱਚ ਲਗਾਓ ਜੋ ਕਿ ਸ਼ੁਰੂਆਤੀ ਅਵਸਥਾ ਵਿੱਚ ਚਿੱਟੀ ਮੱਖੀ ਦੇ ਵਾਧੇ ਨੂੰ ਰੋਕਣ ਵਿੱਚ ਸਹਾਇਕ ਹਨ।

•ਚਿੱਟੀ ਮੱਖੀ ਦੇ ਹਮਲੇ ਹੋਣ ’ਤੇ ਸ਼ੁਰੂਆਤੀ ਅਵਸਥਾ ਵਿੱਚ ਇੱਕ ਲਿਟਰ ਨਿੰਬੀਸੀਡੀਨ ਜਾਂ ਅਚੂਕ ਜਾਂ 1200 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਪੀ.ਏ.ਯੂ. ਦੁਆਰਾ ਤਿਆਰ ਗਿਆ ਨਿੰਮ ਦਾ ਘੋਲ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ ਕਿਉਂਕਿ ਇਹ ਮਿੱਤਰ ਕੀੜਿਆਂ ਲਈ ਸੁਰੱਖਿਅਤ ਹਨ।

•ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ 200 ਮਿਲੀਲਿਟਰ ਕਲਾਸਟੋ 20 ਡਬਲਯੂ ਜੀ (ਪਾਇਰੀਫਲੂਕੀਨਾਜ਼ੋਨ) ਜਾਂ 400 ਮਿਲੀਲਿਟਰ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) ਜਾਂ 60 ਗ੍ਰਾਮ ਓਸ਼ੀਨ 20 ਐਸ ਜੀ (ਡਾਇਨੋਟੈਫੂਰਾਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਜਾਂ 800 ਮਿਲੀਲਿਟਰ ਫੋਸਮਾਈਟ/ਈ-ਮਾਈਟ/ਵਾਲਥੀਆਨ/ਗੋਲਡ ਮਿਟ 50 ਈ ਸੀ (ਈਥੀਆਨ) ਦਾ ਛਿੜਕਾਅ ਕਰੋ।

•ਚਿੱਟੀ ਮੱਖੀ ਦੇ ਬੱਚਿਆਂ (ਨਿੰਫ) ਦੀ ਰੋਕਥਾਮ ਲਈ 500 ਮਿਲੀਲਿਟਰ ਲੈਨੋ 10 ਈ ਸੀ (ਪਾਈਰੀਪਰੋਕਸੀਫਿਨ) ਜਾਂ 200 ਮਿਲੀਲਿਟਰ ਓਬਰੇਨ/ਵੋਲਟੇਜ਼ 22.9 ਐੱਸ ਸੀ (ਸਪੈਰੋਮੈਸੀਫਿਨ) ਦਾ ਛਿੜਕਾਅ ਕਰੋ।

•ਹਰੇ ਤੇਲੇ ਦੀ ਰੋਕਥਾਮ ਲਈ 60 ਗ੍ਰਾਮ ਉਸ਼ੀਨ 20 ਐੱਸ ਜੀ (ਡਾਇਨੋਟੈਫੂਰਾਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਦਾ ਪ੍ਰਤੀ ਏਕੜ ਛਿੜਕਾਅ ਕਰੋ।

*ਕੀਟ ਵਿਗਿਆਨ ਵਿਭਾਗ, ਪੀ.ਏ.ਯੂ., ਲੁਧਿਆਣਾ

Advertisement