
ਫਾਈਲ ਫੋਟੋ
ਜੋਗਿੰਦਰ ਸਿੰਘ ਮਾਨ
ਮਾਨਸਾ, 16 ਮਈ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ 26 ਤੋਂ 31 ਮਈ ਦੇ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ ਮੁਤਾਬਕ ਪੰਜਾਬ ਦੇ 9 ਸੰਸਦ ਮੈਂਬਰਾਂ ਨੂੰ 29 ਮਈ ਨੂੰ ਮੰਗ ਪੱਤਰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸੰਸਦ ਮੈਂਬਰਾਂ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਮੁਹੰਮਦ ਸਦੀਕ,ਪ੍ਰਨੀਤ ਕੌਰ, ਗੁਰਜੀਤ ਸਿੰਘ ਔਜਲਾ, ਸੰਨੀ ਦਿਓਲ, ਜਸਵੀਰ ਸਿੰਘ ਡਿੰਪਾ, ਰਵਰੀਤ ਬਿੱਟੂ ਅਤੇ ਸੁਸ਼ੀਲ ਰਿੰਕੂ ਨਾਲ਼ ਸੰਪਰਕ ਕਰਕੇ ਉਨ੍ਹਾਂ ਦੇ ਚੋਣ ਹਲਕਿਆਂ ਮੁਤਾਬਕ 17 ਜ਼ਿਲ੍ਹਿਆਂ ਦੇ ਕਿਸਾਨ ਭਾਰੀ ਗਿਣਤੀ ਔਰਤਾਂ ਸਮੇਤ ਜਨਤਕ ਇਕੱਠ ਕਰਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਣਗੇ। ਮੁੱਖ ਮੰਗਾਂ ਵਿੱਚ ਸਾਰੀਆਂ ਫਸਲਾਂ ਦੇ ਲਾਭਕਾਰੀ ਐੱਮਐੱਸਪੀ ਸਵਾਮੀਨਾਥਨ ਰਿਪੋਰਟ ਅਨੁਸਾਰ ਮਿੱਥਣ ਅਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਾਰੰਟੀ ਦੇਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਖ਼ਤਮ ਕਰਨ, 60 ਸਾਲ ਤੋਂ ਉੱਪਰ ਔਰਤਾਂ ਸਮੇਤ ਸਾਰੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ ਦੇਣ, ਕਿਸੇ ਵੀ ਕਾਰਨ ਹੋਈ ਫ਼ਸਲੀ ਤਬਾਹੀ ਦੇ ਨੁਕਸਾਨ ਦੀ ਪੂਰੀ ਭਰਪਾਈ ਵਾਲੀ ਸਰਕਾਰੀ ਫਸਲੀ ਬੀਮਾ ਸਕੀਮ ਚਾਲੂ ਕਰਨ, ਲਖੀਮਪੁਰ ਖੀਰੀ 'ਚ ਕਿਸਾਨਾਂ ਦੇ ਬੇਰਹਿਮ ਕਤਲਾਂ ਦੀ ਸਾਜ਼ਿਸ਼ ਵਿੱਚ ਸ਼ਾਮਲ ਕੇਂਦਰੀ ਗ੍ਰਹਿ ਮੰਤਰੀ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਅਤੇ ਕਤਲ ਕੇਸ ਦੀ ਸਹੀ ਪੈਰਵੀ ਰਾਹੀਂ ਜਲਦੀ ਇਨਸਾਫ਼ ਦੇਣ, ਦਿੱਲੀ ਕਿਸਾਨ ਘੋਲ਼ ਮੌਕੇ ਕਿਸਾਨਾਂ ਸਿਰ ਮੜ੍ਹੇ ਸਾਰੇ ਕੇਸ ਰੱਦ ਕਰਨ ਅਤੇ 750 ਦੇ ਕਰੀਬ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਪੱਕੀਆਂ ਸਰਕਾਰੀ ਨੌਕਰੀਆਂ ਦੇਣ ਦੀਆਂ ਮੰਗਾਂ ਸ਼ਾਮਲ ਹਨ।
ਇੱਕ ਹੋਰ ਫੈਸਲੇ ਰਾਹੀਂ ਤੂਫ਼ਾਨ/ਗੜੇਮਾਰੀ ਨਾਲ ਹੋਈ ਫ਼ਸਲੀ ਤਬਾਹੀ ਦੀ ਗਿਰਦਾਵਰੀ ਮੁਤਾਬਕ ਅਜੇ ਤੱਕ ਅੱਧ ਪਚੱਧਾ ਦਿੱਤਾ ਗਿਆ ਮੁਆਵਜ਼ਾ ਪੂਰਾ ਲੈਣ ਲਈ ਸਾਰੇ ਪ੍ਰਭਾਵਿਤ ਇਲਾਕਿਆਂ ਵਿੱਚ 22 ਮਈ ਨੂੰ ਐੱਸਡੀਐੱਮ ਦਫ਼ਤਰਾਂ ਅੱਗੇ ਧਰਨੇ ਲਾਏ ਜਾਣਗੇ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਡੀਸੀ/ਐੱਸਡੀਐੱਮ ਅਧਿਕਾਰੀਆਂ ਨੂੰ ਇਸ ਸਬੰਧੀ ਮੰਗ ਪੱਤਰ ਸੌਂਪੇ ਜਾਣਗੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ