ਜੋਗਿੰਦਰ ਸਿੰਘ ਮਾਨ
ਮਾਨਸਾ, 22 ਸਤੰਬਰ
ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਅਨੁਸਾਰ ਅੱਜ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਸ਼ੁਰੂ ਹੋ ਗਏ। ਇਹ ਹੜ੍ਹਾਂ ਦੇ ਮੁਆਵਜ਼ੇ ਲਈ ਦਿੱਤੇ ਜਾ ਰਹੇ ਹਨ। ਧਰਨਿਆਂ ਵਿੱਚ ਪੰਜਾਬ ਦੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਸਾਰੀਆਂ ਕਿਸਾਨ ਜਥੇਬੰਦੀਆਂ ਸ਼ਾਮਲ ਹਨ ਪਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਵੱਖਰੇ ਤੌਰ ’ਤੇ ਧਰਨੇ ਦਿੱਤੇ ਜਾ ਰਹੇ ਹਨ।
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਵਜ਼ੀਰਾਂ ਸਮੇਤ ਭਾਜਪਾ ਦੇ ਵੱਡੇ ਆਗੂਆਂ ਦੇ ਘਰਾਂ ਮੂਹਰੇ ਲਗਾਤਾਰ ਤਿੰਨ ਦਿਨ ਇਸੇ ਮੁਆਵਜ਼ੇ ਨੂੰ ਲੈ ਕੇ ਧਰਨੇ ਦਿੱਤੇ ਜਾ ਚੁੱਕੇ ਹਨ। ਇਸੇ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਮੁਆਵਜ਼ੇ ਲਈ ਧਰਨਾ ਦਿੱਤਾ ਗਿਆ ਹੈ।
