ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਸਤੰਬਰ
11 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਸਾਂ ਖ਼ਿਲਾਫ਼ 25 ਸਤੰਬਰ ਨੂੰ ਚੰਡੀਗੜ੍ਹ ਵਿੱਚ ਇੱਕ ਵੱਡੀ ਕਿਸਾਨ ਰੋਸ ਰੈਲੀ ਕਰਕੇ ਕੇਂਦਰ ਸਰਕਾਰ ਵੱਲੋਂ ਲਏ ਜਾ ਰਹੇ ਕਿਸਾਨ ਵਿਰੋਧੀ ਫੈਸਲਿਆਂ ਨੂੰ ਵਾਪਸ ਕਰਾਉਣ ਲਈ ਸੰਘਰਸ਼ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਇਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਦੀ ਅਗਵਾਈ ਹੇਠ 11 ਜਥੇਬੰਦੀਆਂ ਦੀ ਹੋਈ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੱਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲੌਕਡਾਊਨ ਦੀ ਆੜ ਵਿੱਚ ਲਗਾਤਾਰ ਇੱਕ-ਇੱਕ ਕਰਕੇ ਲਿਆਂਦੇ ਜਾ ਰਹੇ ਕਿਸਾਨ ਵਿਰੋਧੀ ਆਰਡੀਨੈਂਸਾਂ ਕਾਰਨ ਪੂਰੇ ਦੇਸ਼ ਦੇ ਕਿਸਾਨਾਂ ਵਿੱਚ ਖਲਬਲੀ ਮਚੀ ਹੋਈ ਹੈ ਅਤੇ ਪੂਰੇ ਕਿਸਾਨ ਵਰਗ ਵੱਲੋਂ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੂੰ ਪਿਤਾ ਪੁਰਖੀ ਕਿੱਤਾ ਬਚਾਉਣ ਲਈ ਇਕੱਠੇ ਹੋਣ ਲਈ ਦਬਾਅ ਪਾਇਆ ਜਾ ਰਿਹਾ ਸੀ। ਇਸ ਲਈ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਿਸਾਨਾਂ ਦੀਆਂ 11 ਪ੍ਰਮੁੱਖ ਕਿਸਾਨ ਜਥੇਬੰਦੀਆਂ ਇੱਕ ਮੰਚ ’ਤੇ ਇਕੱਠੀਆਂ ਹੋਈਆਂ ਹਨ। ਇਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਰੈਲੀ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਸ੍ਰੀ ਚੱਠਾ ਨੇ ਦੱਸਿਆ ਕਿ 15 ਸਤੰਬਰ ਨੂੰ ਭਵਾਨੀਗੜ੍ਹ ਵਿੱਚ 11 ਕਿਸਾਨ ਜਥੇਬੰਦੀਆਂ ਪਟਿਆਲਾ-ਸੰਗਰੂਰ ਹਾਈਵੇਅ ਸੜਕ ਅਤੇ ਪਟਿਆਲਾ-ਸੁਨਾਮ-ਬਠਿੰਡਾ ਹਾਈਵੇਅ ਸੜਕ ਉਪਰ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ ਆਵਾਜਾਈ ਠੱਪ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਆਗੂ ਮਲਕੀਤ ਸਿੰਘ ਲਖਮੀਰ ਵਾਲਾ, ਨਰਜੰਣ ਸਿੰਘ ਦੋਹਲਾ ਸੂਬਾ ਸਕੱਤਰ ਅਤੇ ਹਰਦੇਵ ਸਿੰਘ ਸੂਬਾ ਸਕੱਤਰ ਇੰਡੀਅਨ ਫਾਰਮਰ ਐਸੋਸੀਏਸ਼ਨ ਨੇ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 11 ਕਿਸਾਨ ਜਥੇਬੰਦੀਆਂ ਦੀ ਇੱਕ ਕੋਆਰਡੀਨੇਸ਼ਨ ਕਮੇਟੀ ਬਣਾਈ ਹੈ ਜਿਸ ਵਿੱਚ ਜਗਜੀਤ ਸਿੰਘ ਡੱਲੇਵਾਲ, ਬਲਵੀਰ ਸਿੰਘ ਰਾਜੇਵਾਲ, ਅਜਮੇਰ ਸਿੰਘ ਲੱਖੋਵਾਲ, ਬੂਟਾ ਸਿੰਘ ਸ਼ਾਦੀਪੁਰ, ਹਰਮੀਤ ਸਿੰਘ ਕਾਦੀਆਂ, ਸਤਨਾਮ ਸਿੰਘ ਬਹਿਰੂ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਸਿਰਸਾ, ਬਲਵਿੰਦਰ ਸਿੰਘ ਰਾਜੂ ਮੈਂਬਰ ਲਏ ਗਏ ਹਨ।
ਇਸ ਮੌਕੇ ਕਸਮੀਰ ਸਿੰਘ ਕਾਕੜਾ, ਬਲਜੀਤ ਸਿੰਘ ਜੌਲੀਆ, ਹਰਿੰਦਰ ਸਿੰਘ ਕਾਹਲੋਂ ਦੁਆਬਾ ਸੰਘਰਸ਼ ਕਮੇਟੀ, ਗੁਰਬਖਸ਼ੀਸ ਸਿੰਘ ਬਾਲਦ ਕਲਾਂ, ਗੋਬਿੰਦ ਸਿੰਘ ਵੈਰੋਕੇ, ਗੁਰਲਾਲ ਸਿੰਘ ਜਲੂਰ, ਅਜੈਬ ਸਿੰਘ ਸੰਘਰੇੜੀ, ਦਲਵਾਰਾ ਸਿੰਘ ਨਾਗਰਾ, ਸਤਵੰਤ ਸਿੰਘ ਢੋਢੋਗਲ, ਜਰਨੈਲ ਸਿੰਘ ਜਹਾਂਗੀਰ, ਜਗਦੀਸ਼ ਸਿੰਘ ਚੌਂਦਾ, ਨਿਰਮਲ ਸਿੰਘ ਭੋਲਾ ਨਾਗਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਲਾਕ ਪ੍ਰਧਾਨ ਅਤੇ ਇਕਾਈ ਪ੍ਰਧਾਨਾਂ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।