ਪੱਤਰ ਪ੍ਰੇਰਕ
ਰਾਜਪੁਰਾ, 19 ਨਵੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ’ਤੇ ਕਿਸਾਨਾਂ ਵੱਲੋਂ ਇਸ ਖੇਤਰ ਵਿੱਚ ਨਾਭਾ ਪਾਵਰ ਥਰਮਲ ਪਲਾਂਟ ਰਾਜਪੁਰਾ, ਸ਼ੰਭੂ ਰੇਲਵੇ ਸਟੇਸ਼ਨ ਦੇ ਬਾਹਰ ਤੇ ਰਾਜਪੁਰਾ-ਅੰਬਾਲਾ ਜੀਟੀ ਰੋਡ ’ਤੇ ਰਿਲਾਇੰਸ ਪੈਟਰੋਲ ਪੰਪ ਪਿੰਡ ਬਪਰੌਰ ਵਿੱਚ ਰੋਸ ਧਰਨੇ ਅੱਜ ਵੀ ਜਾਰੀ ਰਹੇ। ਇਨ੍ਹਾਂ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਹਜੂਰਾ ਸਿੰਘ ਮਿਰਜਾਪੁਰ, ਭਗਵਾਨ ਸਿੰਘ ਖਾਲਸਾ ਹਰਪਾਲਪੁਰ ਆਦਿ ਨੇ ਆਖਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਮਾਲ ਗੱਡੀਆਂ ਨੂੰ ਆਉਣ ਦੀ ਛੋਟ ਦੇਣ ਦੇ ਬਾਵਜੂਦ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਮੁਸਾਫਰ ਗੱਡੀਆਂ ਮਾਲ ਗੱਡੀਆਂ ਦੇ ਨਾਲ ਚਲਾਉਣ ਦੀ ਸ਼ਰਤ ਲਾ ਰਹੀ ਹੈ, ਤਾਂ ਜੋ ਕਿਸਾਨ ਸੰਘਰਸ਼ ਨੁੂੰ ਫੇਲ੍ਹ ਕੀਤਾ ਜਾ ਸਕੇ। ਕਿਸਾਨ ਆਗੂਆਂ ਨੇ ਆਖਿਆ ਕਿ ਨ੍ਹਾਂ ਕੇਂਦਰੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਸਣੇ ਸਮਾਜ ਦੇ ਹਰ ਵਰਗ ’ਤੇ ਮਾੜਾ ਪ੍ਰਭਾਵ ਪਵੇਗਾ। ਪੰਜਾਬ ਦੀ ਆਰਥਿਕਤਾ ਨੂੰ ਵੱਡੀ ਢਾਹ ਲੱਗੇਗੀ। ਪੰਜਾਬ ਦੇ ਕਿਸਾਨ ਕੇਂਦਰੀ ਕਾਨੁੂੰਨਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨਾਂ ਨੂੰ 26-27 ਨਵੰਬਰ ਨੂੰ ਦਿੱਲੀ ਘੇਰਨ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ।