ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਅਕਤੂਬਰ
ਦਿੱਲੀ ਦੇ ਕਿਸਾਨਾਂ ਨੇ ਬੀਤੇ ਦਿਨੀਂ ਪਏ ਭਰਵੇਂ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਹੈ। ਪਾਲਮ 360 ਦੇ ਪ੍ਰਧਾਨ ਸੁਰਿੰਦਰ ਸੋਲੰਕੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ। ਪਿਛਲੇ ਦਿਨੀਂ ਪਏ ਲਗਾਤਾਰ ਮੀਂਹ ਕਾਰਨ ਨਜ਼ਫਗੜ੍ਹ ਖੇਤਰ ਵਿੱਚ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਸੀ।
ਸੋਲੰਕੀ ਨੇ ਕਿਹਾ ਕਿ ਉਨ੍ਹਾਂ ਪਿਛਲੇ ਦਿਨੀਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਫ਼ਸਲਾਂ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ ਤੇ ਇਸ ਦਾ ਨੋਟਿਸ ਲੈਂਦਿਆਂ ਦਿੱਲੀ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਤੱਕ ਕਿਸਾਨਾਂ ਨੂੰ ਪਿਛਲੇ ਮੁਆਵਜ਼ੇ ਦੀ ਰਕਮ ਨਹੀਂ ਮਿਲੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਜਲਦੀ ਧਿਆਨ ਦਿੱਤਾ ਜਾਵੇ ਤੇ ਨੁਕਸਾਨੀਆਂ ਫ਼ਸਲਾਂ ਦੀ ਭਰਪਾਈ ਲਈ ਮੁਆਵਜ਼ਾ ਜਾਰੀ ਕੀਤਾ ਜਾਵੇ। ਸੁਰਿੰਦਰ ਸੋਲੰਕੀ ਨੇ ਦੱਸਿਆ ਕਿ ਇਸ ਵਾਰ ਬਾਜਰੇ ਦੀ ਕਰੀਬ 70 ਫੀਸਦੀ ਫ਼ਸਲ ਤਬਾਹ ਹੋ ਚੁੱਕੀ ਹੈ ਅਤੇ 1509 ਝੋਨੇ ਦੀ ਫ਼ਸਲ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਸਰ੍ਹੋਂ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਦਿੱਲੀ ਸਰਕਾਰ ਵੱਲੋਂ ਐਲਾਨਿਆ ਮੁਆਵਜ਼ਾ ਵੀ ਕਿਸਾਨਾਂ ਨੂੰ ਜਲਦੀ ਦਿੱਤਾ ਜਾਵੇ। ਸੋਲੰਕੀ ਨੇ ਕਿਹਾ ਕਿ ਪਿਛਲੇ ਕਈ ਸੀਜ਼ਨਾਂ ਤੋਂ ਲਗਾਤਾਰ ਤੇ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਨੁਕਸਾਨੀ ਫ਼ਸਲ ਦਾ ਜਾਇਜ਼ਾ
ਰਤੀਆ (ਪੱਤਰ ਪ੍ਰੇਰਕ): ਖੇਤੀਬਾੜੀ ਵਿਭਾਗ ਦੇ ਐੱਸਡੀਓ ਡਾ. ਭੀਮ ਸਿੰਘ ਅਤੇ ਵਿਸ਼ਾ ਮਾਹਿਰ ਡਾ. ਸੁਭਾਸ਼ ਚੰਦਰ ਨੇ ਪਿੰਡ ਹੁਕਮਾਂਵਾਲੀ ਵਿੱਚ ਮਕਿਸਾਨ ਕੇਸਰ ਸਿੰਘ ਦੀ ਮੱਕੀ ਦੀ ਫ਼ਸਲ ਦਾ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕੀਤੀ। ਕਿਸਾਨ ਕੇਸਰ ਸਿੰਘ ਨੇ ਸੀਐੱਮ ਵਿੰਡੋ, ਐੱਸਡੀਐੱਮ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਪੱਤਰ ਭੇਜ ਕੇ ਫਤਿਆਬਾਦ ਦੇ ਬੀਜ ਵਿਕਰੇਤਾ ਤੇ ਘਟੀਆ ਬੀਜ ਦੇਣ ਦਾ ਦੋਸ਼ ਲਗਾਇਆ ਸੀ। ਕੇਸਰ ਸਿੰਘ ਨੇ ਕਿਹਾ ਕਿ ਉਸ ਨੇ 24 ਅਗਸਤ ਨੂੰ ਫਤਿਆਬਾਦ ਦੇ ਬੀਜ ਵਿਕਰੇਤਾ ਤੋਂ 1450 ਰੁਪਏ ਪ੍ਰਤੀ ਬੈਗ ਦੇ ਹਿਸਾਬ ਨਾਲ 3 ਬੈਗ ਮੱਕੀ ਦਾ ਬੀਜ ਲਿਆ ਸੀ। ਕਿਸਾਨ ਦਾ ਦੋਸ਼ ਹੈ ਕਿ ਦੁਕਾਨਦਾਰ ਵਲੋਂ ਦਿੱਤਾ ਗਿਆ ਬੀਜ ਘਟੀਆ ਕੁਆਲਿਟੀ ਦਾ ਸੀ ਅਤੇ ਬੀਜ ਖਰਾਬ ਹੋਣ ਕਾਰਨ ਉਸ ਦੀ ਮੱਕੀ ਹੋ ਨਹੀਂ ਸਕੀ, ਜਿਸ ਕਾਰਨ ਉਸ ਨੂੰ ਕਾਫ਼ੀ ਆਰਥਿਕ ਨੁਕਸਾਨ ਝੱਲਣਾ ਪਿਆ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕਰਕੇ ਉਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ, ਜਿਸ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।