ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਮਈ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਖੱਬੇ ਰਾਜਪੂਤਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ। ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਲਾਂ ਨੂੰ ਮੁੜ ਸੁਰਜੀਤ ਕਰਨ ਅਤੇ ਨਹਿਰੀ ਪਾਣੀ ਦੀ ਵਰਤੋਂ ਕਰ ਕੇ ਧਰਤੀ ਹੇਠਲਾ ਪਾਣੀ ਬਚਾਉਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਧਰਤੀ ਹੇਠਲਾ ਪਾਣੀ ਬਚਾਉਣ ਲਈ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰੇਗੀ। ਇਸ ਮੌਕੇ ਸੁਹਿੰਦਰ ਕੌਰ, ਖੇਤੀਬਾੜੀ ਅਫਸਰ ਤੇਜਬੀਰ ਸਿੰਘ ਭੰਗੂ, ਖੇਤੀਬਾੜੀ ਵਿਕਾਸ ਅਫਸਰ ਵਿਕਰਮਜੀਤ ਸਿੰਘ, ਅਸ਼ਵਨੀ ਕੁਮਾਰ, ਸੁਖਵੰਤ ਕੌਰ ਹਾਜ਼ਰ ਸਨ।
‘ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲਣਗੇ’
ਕੈਬਨਿਟ ਮੰਤਰੀ ਨੇ ਕਿਹਾ ਕਿ ਫੀਲਡ ਸਟਾਫ ਵੱਲੋਂ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਦਾ ਵੇਰਵਾ ਇੱਕਤਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਜਲਦ ਹੀ ਇਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਮਾਲੀ ਸਹਾਇਤਾ ਵੀ ਦਿੱਤੀ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਅਤੇ ਖੇਤੀ ਮਾਹਿਰਾਂ ਨੇ ਦੱਸਿਆ ਕਿ ਸਿੱਧੀ ਬਿਜਾਈ ਨਾਲ ਬੀਜਿਆ ਝੋਨਾ ਅਗੇਤਾ ਪੱਕਦਾ ਹੈ, ਲੇਬਰ ਦੀ ਘਾਟ ਤੋਂ ਨਿਯਾਤ ਮਿਲਦੀ ਹੈ ਅਤੇ ਪਾਣੀ ਦੀ ਬੱਚਤ ਹੁੰਦੀ ਹੈ।