ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਤੌਰ ’ਤੇ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਮੂੰਗੀ ਅਤੇ ਮੱਕੀ ਦੀ ਖ਼ਰੀਦ ਨਾ ਹੋਣ ਦੇ ਵਿਰੋਧ ਵਿੱਚ 16 ਜੂਨ ਨੂੰ ਮੰਡੀਆਂ ਵਿੱਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਕਰਕੇ ਪੰਜਾਬ ਭਰ ’ਚ ਐੱਸਡੀਐੱਮਜ਼ ਨੂੰ ਮੰਗ ਪੱਤਰ ਦਿੱਤੇ ਜਾਣਗੇ। ਕਿਸਾਨਾਂ ਨੇ ਨਹਿਰੀ ਪਾਣੀ ਅਤੇ ਜ਼ਮੀਨ ਹੇਠਲੇ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਅਤੇ ਆਬਾਦਕਾਰ ਕਿਸਾਨਾਂ ਦੇ ਉਜਾੜੇ ਵਿਰੁੱਧ 25 ਜੂਨ ਨੂੰ ਜਲੰਧਰ ਵਿੱਚ ਕਨਵੈਨਸ਼ਨ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ। ਜਥੇਬੰਦੀਆਂ ਨੇ ਮੰਡੀਆਂ ਵਿੱਚ ਮੂੰਗੀ ਤੇ ਮੱਕੀ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਮੰਗ ਕੀਤੀ।