ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ ਕੰਮ ਕਰ ਰਹੀ ਹੈ ਮੋਦੀ ਸਰਕਾਰ: ਤੋਮਰ
ਨਵੀਂ ਦਿੱਲੀ, 5 ਦਸੰਬਰ
ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਯੂਪੀਏ ਸਰਕਾਰ ਵੇਲੇ ਖੇਤੀ ਸੁਧਾਰਾਂ ਬਾਰੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਆਈ ਸੀ ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਇਸ ਦੀਆਂ ਸਿਫ਼ਾਰਸ਼ਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਉਤਪਾਦ ਦੀ ਲਾਗਤ ਤੋਂ 50 ਫੀਸਦੀ ਜ਼ਿਆਦਾ ਤੈਅ ਕੀਤਾ ਗਿਆ ਹੈ। ਸ੍ਰੀ ਤੋਮਰ ਨੇ ਕਿਹਾ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ (ਜੋ ਵਾਪਸ ਲੈ ਲਏ ਗਏ ਹਨ) ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਐੱਮਐੱਸਪੀ ਸਮੇਤ ਕਈ ਮੁੱਦਿਆਂ ਦਾ ਅਧਿਐਨ ਕਰਨ ਲਈ ਕਮੇਟੀ ਬਣਾਈ ਗਈ ਸੀ, ਜਿਸ ਨੇ ਹੁਣ ਤੱਕ 30 ਤੋਂ 35 ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ, ‘ਕਮੇਟੀ ਦੀਆਂ ਸਿਫ਼ਾਰਸ਼ਾਂ ਹਾਲੇ ਨਹੀਂ ਆਈਆਂ।’ ਉਹ ਪ੍ਰਸ਼ਨ ਕਾਲ ਦੌਰਾਨ ਕਾਂਗਰਸ ਮੈਂਬਰ ਅਧੀਰ ਰੰਜਨ ਚੌਧਰੀ ਦੇ ਸਵਾਲ ਦਾ ਜਵਾਬ ਦੇ ਰਹੇ ਸਨ। ਮੰਤਰੀ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਨੇ 201 ਸਿਫਾਰਸ਼ਾਂ ਕੀਤੀਆਂ ਸਨ। ਇਨ੍ਹਾਂ ਵਿੱਚੋਂ 100 ’ਤੇ ਐਨਡੀਏ ਸਰਕਾਰ ਕੰਮ ਕਰ ਰਹੀ ਹੈ ਪਰ ਮੁੱਖ ਸਿਫ਼ਾਰਸ਼ ਐੱਮਐੱਸਪੀ 'ਤੇ ਸੀ। ਸਵਾਮੀਨਾਥਨ ਨੇ ਕਿਹਾ ਸੀ ਕਿ ਲਾਗਤ 'ਤੇ 50 ਫੀਸਦੀ ਮੁਨਾਫਾ ਜੋੜ ਕੇ ਐੱਮਐੱਸਪੀ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ। ਖੇਤੀ ਮੰਤਰੀ ਨੇ ਲੋਕ ਸਭਾ ਵਿੱਚ ਕਿਹਾ, ‘2014 ਤੱਕ ਕਾਂਗਰਸ ਦੀ ਅਗਵਾਈ ਹੇਠਲੀ ਯੂਪੀਏ ਸਰਕਾਰ ਸੀ। ਯੂਪੀਏ ਸਰਕਾਰ ਵੇਲੇ ਇਸ ਸਿਫ਼ਾਰਸ਼ 'ਤੇ ਵਿਚਾਰ ਨਹੀਂ ਕੀਤਾ ਗਿਆ ਸੀ, ਜਦੋਂ ਨਰਿੰਦਰ ਮੋਦੀ ਸਰਕਾਰ ਸੱਤਾ ਵਿਚ ਆਈ ਤਾਂ ਕਮਿਸ਼ਨ ਦੀ ਸਿਫ਼ਾਰਸ਼ 'ਤੇ ਕੰਮ ਸ਼ੁਰੂ ਹੋ ਗਿਆ। ਅੱਜ ਲਾਗਤ ਦਰ 'ਤੇ 50 ਫੀਸਦੀ ਲਾਭ ਜੋੜ ਕੇ ਐੱਮਐੱਪੀ ਦਾ ਐਲਾਨ ਕੀਤਾ ਜਾਂਦਾ ਹੈ।’