ਗੁਰੂਗ੍ਰਾਮ, 19 ਦਸੰਬਰ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ‘ਇਤਿਹਾਸਕ’ ਸੀ ਪਰ ਭਾਜਪਾ ਵਰਕਰ ਹਾਲੇ ਵੀ ਕਿਸਾਨਾਂ ਨੂੰ ਰੱਦ ਕੀਤੇ ਕਾਨੂੰਨਾਂ ਦੇ ਫਾਇਦਿਆਂ ਬਾਰੇ ਦੱਸਣਗੇ। ਇਥੇ ਭਾਜਪਾ ਦੇ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਤੋਮਰ ਨੇ ਕਿਹਾ, ‘ਅਸੀਂ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਲਈ ਕੰਮ ਕੀਤਾ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ।’ ਆਗਾਮੀ ਵਿਧਾਨ ਸਭਾ ਚੋਣਾਂ ‘ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਪ੍ਰਭਾਵ ਬਾਰੇ ਮੰਤਰੀ ਨੇ ਦਾਅਵਾ ਕੀਤਾ, ‘ਦੇਸ਼ ਭਰ ਵਿੱਚ ਪਾਰਟੀ ’ਤੇ ਕੋਈ ਵੱਡਾ ਪ੍ਰਭਾਵ ਨਹੀਂ ਹੋਵੇਗਾ ਅਤੇ ਇਥੋਂ ਤੱਕ ਕਿ ਚੋਣਾਂ ਵਾਲੇ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ਵਿੱਚ ਵੀ ਪਾਰਟੀ ਜਿੱਤ ਦਰਜ ਕਰੇਗੀ।