ਪੰਜਾਬ ’ਚ 10 ਸੀਬੀਜੀ ਪ੍ਰਾਜੈਕਟਾਂ ਲਈ ਪੇਡਾ ਵੱਲੋਂ ਐੱਚਪੀਸੀਐੱਲ ਨਾਲ ਸਹਿਮਤੀ ਪੱਤਰ ਸਹੀਬੱਧ
ਚੰਡੀਗੜ੍ਹ, 27 ਅਕਤੂਬਰ
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚਪੀਸੀਐੱਲ) ਨਾਲ ਸਹਿਮਤੀ ਪੱਤਰ ਸਹੀਬੱਧ ਕੀਤਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਅਤੇ ਐੱਚਪੀਸੀਐੱਲ ਦੇ ਕਾਰਜਕਾਰੀ ਨਿਰਦੇਸ਼ਕ (ਬਾਇਓ-ਈਂਧਣ ਅਤੇ ਨਵਿਆਉਣਯੋਗ) ਸ਼ੁਵੇਂਦੂ ਗੁਪਤਾ ਵੱਲੋਂ ਇਸ ’ਤੇ ਹਸਤਾਖ਼ਰ ਕੀਤੇ ਗਏ। ਸ੍ਰੀ ਗੁਪਤਾ ਨੇ ਦੱਸਿਆ ਕਿ ਐੱਚਪੀਸੀਐੱਲ ਵੱਲੋਂ ਸ਼ੁਰੂ ਵਿੱਚ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਹੋਰ ਨਵੀਂ ਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨੂੰ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ। ਇਨ੍ਹਾਂ 10 ਸੀਬੀਜੀ ਪਲਾਂਟਾਂ ਦੇ ਸ਼ੂਰੂ ਹੋਣ ਨਾਲ ਸਾਲਾਨਾ 35000 ਟਨ ਤੋਂ ਵੱਧ ਬਾਇਓਗੈਸ ਅਤੇ 8700 ਟਨ ਜੈਵਿਕ ਖਾਦ ਦੇ ਉਤਪਾਦਨ ਦੇ ਨਾਲ-ਨਾਲ ਤਕਰੀਬਨ 300 ਕਰੋੜ ਰੁਪਏ ਸਾਲਾਨਾ ਮਾਲੀਆ ਇਕੱਠਾ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨਾਲ 600 ਵਿਅਕਤੀਆਂ ਨੂੰ ਸਿੱਧੇ ਤੌਰ ’ਤੇ ਅਤੇ 1500 ਵਿਅਕਤੀਆਂ ਨੂੰ ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲੇਗਾ।
ਸੀਈਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ 10 ਪ੍ਰਾਜੈਕਟਾਂ ਦੇ ਸ਼ੁਰੂ ਹੋਣ ਨਾਲ 1.10 ਲੱਖ ਏਕੜ ਰਕਬੇ ’ਚ ਪੈਦਾ ਹੋਣ ਵਾਲੀ ਤਕਰੀਬਨ 2.75 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ, ਜਿਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਨ੍ਹਾਂ ਪ੍ਰਾਜੈਕਟਾਂ ਨਾਲ 5 ਲੱਖ ਟਨ ਸਾਲਾਨਾ ਕਾਰਬਨਡਾਈਆਕਸਾਈਡ ਅਤੇ ਹੋਰ ਪ੍ਰਦੂਸ਼ਕਾਂ ਦੇ ਨਿਕਾਸ ਨੂੰ ਰੋਕਿਆ ਜਾਵੇਗਾ ਜੋ ਸਾਲਾਨਾ 83000 ਰੁੱਖ ਲਗਾਉਣ ਦੇ ਬਰਾਬਰ ਹੈ। ਇਸ ਦੇ ਨਾਲ ਹੀ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ 50 ਦਿਹਾਤੀ ਉੱਦਮੀਆਂ ਨੂੰ ਵੀ ਮੌਕਾ ਮਿਲੇਗਾ, ਜਿਸ ਨਾਲ ਇਨ੍ਹਾਂ ਦਿਹਾਤੀ ਉੱਦਮੀਆਂ ਵੱਲੋਂ 500 ਤੋਂ ਵੱਧ ਹੋਰ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਹੋਰ ਸੀਬੀਜੀ ਉਤਪਾਦਕਾਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸੱਦਾ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਜਿਸ ਕਾਰਨ ਇੱਥੇ ਫਸਲੀ ਰਹਿੰਦ-ਖੂੰਹਦ ਆਧਾਰਿਤ ਸੀਬੀਜੀ ਪ੍ਰਾਜੈਕਟ ਸਥਾਪਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ। ਇਸ ਸਹਿਮਤੀ ਪੱਤਰ ਲਈ ਐੱਚਪੀਸੀਐੱਲ ਦੀ ਟੀਮ ਨੂੰ ਵਧਾਈ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਨੇ ਉਨ੍ਹਾਂ ਨੂੰ ਇਹ ਪ੍ਰਾਜੈਕਟ ਸਥਾਪਤ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।