ਪੱਤਰ ਪ੍ਰੇਰਕ
ਤਲਵੰਡੀ ਸਾਬੋ 23 ਮਈ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਉਪਰ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਅਤੇ ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਡਾਕਟਰ ਪਾਖਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਲੇਲੇਵਾਲਾ ਵਿੱਚ ਕਲੱਸਟਰ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਰਣਬੀਰ ਸਿੰਘ ਖੇਤੀਬਾੜੀ ਉਪ ਨਿਰੀਖਕ ਸ਼ੇਖਪੁਰਾ ਨੇ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਜੀਵਨ ਚੱਕਰ, ਸਰਬਪੱਖੀ ਕੀਟਨਾਸ਼ਕ ਪ੍ਰਬੰਧਨ ਬਾਰੇ ਅਤੇ ਧਰਤੀ ਦੀ ਸਿਹਤ ਸਬੰਧੀ ਜਾਣਕਾਰੀ ਦਿੱਤੀ। ਖੇਤੀਬਾੜੀ ਵਿਕਾਸ ਅਫ਼ਸਰ ਡਾਕਟਰ ਬਲਤੇਜ ਸਿੰਘ ਨੇ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਸਬੰਧੀ ਅਹਿਮ ਨੁਕਤੇ ਕਿਸਾਨਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਕਿਸਾਨ ਵੀਰਾਂ ਦਾ ਵਿੱਤੀ ਬੋਝ ਘਟੇਗਾ ਉੱਥੇ ਹੀ ਪਾਣੀ ਦੀ ਵੀ ਘੱਟ ਖਪਤ ਹੋਵੇਗੀ।