ਚੰਡੀਗੜ੍ਹ (ਟਨਸ): ਪੰਜਾਬ ਦੇ ਮਾਲਵਾ ਖਿੱਤੇ ਵਿਚ ਇਸ ਵਾਰ ਝੋਨੇ ਦੀ ਲੁਆਈ 17 ਜੂਨ ਤੋਂ ਸ਼ੁਰੂ ਹੋਵੇਗੀ ਜਦਕਿ ਮਾਝੇ ਤੇ ਦੋਆਬੇ ’ਚ 14 ਜੂਨ ਤੋਂ ਝੋਨਾ ਲਾਉਣ ਦਾ ਕੰਮ ਸ਼ੁਰੂ ਹੋਵੇਗਾ। ਕੌਮਾਂਤਰੀ ਸਰਹੱਦ ਲਾਗੇ ਕੰਡਿਆਲੀ ਤਾਰ ਤੋਂ ਪਾਰ ਝੋਨਾ 10 ਜੂਨ ਤੋਂ ਲੱਗਣਾ ਸ਼ੁਰੂ ਹੋ ਜਾਵੇਗਾ। ਕਿਸਾਨ ਧਿਰਾਂ ਨਾਲ ਮੀਟਿੰਗ ਕਰਕੇ ਬਣੀ ਸਹਿਮਤੀ ਮਗਰੋਂ ਅੱਜ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਤਰਨ ਤਾਰਨ, ਨਵਾਂ ਸ਼ਹਿਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਰੂਪਨਗਰ ਅਤੇ ਮੁਹਾਲੀ ਜ਼ਿਲ੍ਹੇ ਵਿਚ ਝੋਨੇ ਦੀ ਲੁਆਈ 14 ਜੂਨ ਤੋਂ ਸ਼ੁਰੂ ਹੋਵੇਗੀ। ਇਸੇ ਤਰ੍ਹਾਂ ਬਠਿੰਡਾ, ਬਰਨਾਲਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ ਅਤੇ ਫਾਜ਼ਿਲਕਾ ਜ਼ਿਲ੍ਹੇ ਵਿਚ ਝੋਨੇ ਦੀ ਲੁਆਈ 17 ਜੂਨ ਤੋਂ ਸ਼ੁਰੂ ਹੋਵੇਗੀ। ਪਾਵਰਕੌਮ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਨੂੰ 10 ਜੂਨ ਤੋਂ, ਮਾਲਵਾ ਖ਼ਿੱਤੇ ਵਿਚ 17 ਜੂਨ ਅਤੇ ਮਾਝੇ ਦੋਆਬੇ ਵਿਚ 14 ਜੂਨ ਤੋਂ ਖੇਤੀ ਸੈਕਟਰ ਲਈ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।