ਪੱਤਰ ਪੇ੍ਰ਼ਕ
ਮਾਨਸਾ, 15 ਜੁਲਾਈ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀ ਵਿਭਾਗ ਨੇ ਕਪਾਹ ਪੱਟੀ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਪੰਜਾਬ ਵਿੱਚ ਦੋ-ਤਿੰਨ ਦਿਨਾਂ ਬਾਅਦ ਮੀਂਹਾਂ ਦੀ ਸੰਭਾਵਨਾ ਬਣ ਗਈ ਹੈ ਅਤੇ ਕਿਸਾਨਾਂ ਨੂੰ ਹੁਣ ਨਰਮੇ ਦੇ ਖੇਤਾਂ ਵਿੱਚ ਚਿੱਟੀ ਮੱਖੀ ਅਤੇ ਚੇਪੇ ਦੇ ਹਮਲੇ ਲਈ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ। ਖੇਤੀ ਵਿਭਾਗ ਨੇ ਕਿਸਾਨਾਂ ਨੂੰ ਵੇਖਾ-ਵੇਖੀ ਸਪਰੈਆਂ ਕਰਨ ਤੋਂ ਵਰਜਿਆ ਹੈ।
ਕਿਸਾਨਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਕਪਾਹ ਪੱਟੀ ਵਿਚ ਅਚਾਨਕ ਹੀ ਬੀ.ਟੀ ਕਾਟਨ ਉਪਰ ਹਰਾ ਤੇਲਾ ਅਤੇ ਚਿੱਟੀ ਮੱਖੀ ਦਾ ਹਮਲਾ ਹੋ ਗਿਆ ਹੈ ਜਿਸ ਤੋਂ ਘਬਰਾ ਕੇ ਕੁੱਝ ਕਿਸਾਨਾਂ ਨੇ ਆਪਣੀ ਫ਼ਸਲ ਦੇ ਬਚਾਅ ਲਈ ਸਪਰੇਆਂ ਕਰਨੀਆਂ ਵੀ ਆਰੰਭ ਦਿੱਤੀਆਂ ਹਨ। ਮਹਿਕਮੇ ਦੇ ਮਾਹਿਰਾਂ ਨੇ ਇਸ ਹਮਲੇ ਨੂੰ ਮਾਮੂਲੀ ਮੰਨਿਆ ਹੈ ਅਤੇ ਇਸ ਨੂੰ ਈ.ਟੀ.ਐਲ ਲੈਵਲ ਤੋਂ ਥੱਲੇ ਕਰਾਰ ਦਿੱਤਾ ਹੈ। ਬੇਸ਼ੱਕ ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਉਤੇ ਹਰੇ ਤੇਲੇ ਅਤੇ ਚਿੱਟੀ ਮੱਖੀ ਦੇ ਹਮਲੇ ਲਈ ਕੁਝ ਕੁ ਥਾਵਾਂ ‘ਤੇ ਸਪਰੇਆਂ ਛਿੜਕਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ, ਪਰ ਵਿਭਾਗ ਵੱਲੋਂ ਕੀਤੇ ਤਾਜ਼ਾ ਸਰਵੇਖਣ ਦੌਰਾਨ ਇਸ ਹਮਲੇ ਦਾ ਮਾਮਲਾ ਖੇਤਾਂ ਵਿਚ ਕਿਧਰੇ ਵੀ ਖੁੱਲ੍ਹ ਕੇ ਸਾਹਮਣੇ ਨਹੀਂ ਆਇਆ।
ਖੇਤੀਬਾੜੀ ਵਿਭਾਗ ਦੇ ਵਿਕਾਸ ਅਫ਼ਸਰ ਡਾ. ਮਨੋਜ ਕੁਮਾਰ ਨੇ ਖੇਤਾਂ ਦਾ ਦੌਰਾ ਕਰਨ ਤੋਂ ਪਿੱਛੋਂ ਦੱਸਿਆ ਕਿ ਹਰੇ ਤੇਲੇ ਤੇ ਚਿੱਟੀ ਮੱਖੀ ਫਿਲਹਾਲ ਕੰਟਰੋਲ ਹੇਠ ਹੈ, ਇਸ ਤੋਂ ਕਿਸਾਨਾਂ ਨੂੰ ਬਿਲਕੁਲ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਪਾਹ ਮਾਹਿਰਾਂ ਨੇ ਨਰਮੇ ਉਤੇ ਕਿਸੇ ਵੀ ਕਿਸਮ ਦੇ ਰੋਗ ਤੋਂ ਬਚਾਅ ਲਈ ਕੋਈ ਦਵਾਈ ਛਿੜਕਣ ਦੀ ਸਿਫਾਰਸ਼ ਨਹੀਂ ਕੀਤੀ।
ਉਂਝ ਖੇਤੀਬਾੜੀ ਮਹਿਕਮੇ ਦੇ ਮਹਿਰਾਂ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੈਸੇ ਨਰਮੇ ਉਤੇ ਰਸ ਚੂਸਣ ਵਾਲੇ ਕੀੜਿਆਂ ਵਿਚੋਂ ਤੇਲਾ, ਚਿੱਟੀ ਮੱਖੀ ਬਹੁਤ ਖ਼ਤਰਨਾਕ ਹਨ ਅਤੇ ਇਹ ਜੁਲਾਈ ਤੋਂ ਸਤੰਬਰ ਦੇ ਮਹੀਨੇ ਤੱਕ ਇਸ ਫ਼ਸਲ ਦਾ ਨੁਕਸਾਨ ਕਰ ਸਕਦੇ ਹਨ।