ਖੱਬੀਆਂ ਧਿਰਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ

‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਵੱਲੋਂ ਕੇਂਦਰ ਦੀਆਂ ਫ਼ਿਰਕੂ ਨੀਤੀਆਂ ਖ਼ਿਲਾਫ਼ ਕਾਨਫਰੰਸ

ਖੱਬੀਆਂ ਧਿਰਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ

ਕਾਨਫਰੰਸ ਵਿੱਚ ਸ਼ਾਮਲ ਵਰਕਰ ਅਤੇ ਆਗੂ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ।

ਗੁਰਬਖਸ਼ਪੁਰੀ

ਤਰਨ ਤਾਰਨ, 22 ਫ਼ਰਵਰੀ 

‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਨਾਲ ਸਬੰਧਤ ਸੀਪੀਆਈ ਅਤੇ ਆਰਐੱਮਪੀਆਈ ਨੇ ਅੱਜ ਇੱਥੇ ਸਿਆਸੀ ਕਾਨਫਰੰਸ ਕਰ ਕੇ ਕਿਸਾਨ ਅੰਦੋਲਨ ਨੂੰ ਹੋਰ ਵਿਸ਼ਾਲ ਅਤੇ ਤੇਜ਼ ਕਰਨ ਲਈ ਸਮੁੱਚੇ ਦੇਸ਼ ਵਾਸੀਆਂ ਨੂੰ ਇਸ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਪਾਰਟੀਆਂ ਦੇ ਵਰਕਰਾਂ ਨੇ ਕਾਨਫਰੰਸ ਮਗਰੋਂ ਸ਼ਹਿਰ ਵਿੱਚ ਮਾਰਚ ਕਰ ਕੇ ਕੇਂਦਰ ਸਰਕਾਰ ਦੀਆਂ ਫ਼ਿਰਕੂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ| 

ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਰਐੱਮਪੀਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਅਤੇ ਸੀਪੀਆਈ ਦੇ ਕੌਮੀ ਆਗੂ ਹਰਭਜਨ ਸਿੰਘ ਨੇ ਕੇਂਦਰ ਸਰਕਾਰ ਨੂੰ ਦੇਸ਼ ਦੇ ਆਮ ਲੋਕਾਂ ਦੇ ਹਿੱਤਾਂ ਨੂੰ ਵਿਸਾਰ ਕੇ ਕਾਰਪੋਰੇਟ ਘਰਾਣਿਆਂ ਦੇ ਖ਼ਜ਼ਾਨੇ ਭਰਨ ਨੂੰ ਪਹਿਲ ਦੇਣ ਤੋਂ ਬਾਜ਼ ਆਉਣ ਲਈ ਕਿਹਾ| ਆਗੂਆਂ ਨੇ ਕਿਹਾ  ਕਿ  ਨਵੇਂ ਖੇਤੀ ਕਾਨੂੰਨ ਲਾਗੂ ਹੋਣ ਨਾਲ ਜਿੱਥੇ ਕਿਸਾਨੀ ਦਾ ਖਾਤਮਾ ਤੈਅ ਹੈ, ਉੱਥੇ ਹੀ ਇਹ ਕਾਨੂੰਨ ਦਰਮਿਆਨੇ ਤੇ ਛੋਟੇ ਉਦਯੋਗਾਂ ਤੇ ਪਰਚੂਨ ਮਾਰਕੀਟ ਨੂੰ ਖਤਮ ਕਰ ਕੇ ਬੇਰੁਜ਼ਗਾਰੀ, ਕੰਗਾਲੀ, ਭੁੱਖਮਰੀ ਦਾ ਸੰਤਾਪ ਹੰਢਾ ਰਹੇ ਲੋਕਾਂ ਦਾ ਜੀਵਨ ਬਦਤਰ ਕਰ ਦੇਣਗੇ। ਇਸ ਮੌਕੇ ਸੀਪੀਆਈ ਦੇ ਸੂਬਾ ਮੀਤ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਤੇ ਆਰਐੱਮਪੀਆਈ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਨੇ ਮੋਦੀ ਸਰਕਾਰ ਵੱਲੋਂ ਧਰਮ ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਨੂੰ ਤਬਾਹ ਕਰ ਕੇ ਦੇਸ਼ ਦੇ ਲੋਕਾਂ ’ਚ ਫਿਰਕੂ ਜ਼ਹਿਰ ਘੋਲਣ ਦੀ ਨਿਖੇਧੀ ਕੀਤੀ। 

ਆਗੂਆਂ ਨੇ ਕਿਰਤੀਆਂ ਦੇ ਹੱਕਾਂ ਵਾਲੇ ਕਿਰਤ ਕਾਨੂੰਨ ਖਤਮ ਕਰਨ, ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਆਦਿ ’ਤੇ ਦੇਸ਼ ਧ੍ਰੋਹ ਦੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ’ਤੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ। ਆਗੂਆਂ ਨੇ ਰਸੋਈ ਗੈਸ ਤੇ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ|  

ਕੇਂਦਰ ਦੇ ਫਾਸ਼ੀਵਾਦੀ ਰਵੱਈਏ ਵਿਰੁੱਧ ਡਟਣ ਦਾ ਸੱਦਾ

ਪਟਿਆਲਾ (ਸਰਬਜੀਤ ਸਿੰਘ ਭੰਗੂ): ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ’ ਦੇ ਸੱਦੇ ’ਤੇ ਅੱਜ ਇਥੇ  ਕੀਤੀ ਗਈ ਕਾਨਫਰੰਸ ਦੌਰਾਨ ਮੋਦੀ ਹਕੂਮਤ ਦੇ ਫਾਸ਼ੀਵਾਦ ਅਤੇ ਅੱਖੜ ਰਵੱਈਏ ਵਿਰੁੱਧ ਸਮੁੱਚੀ ਲੋਕਾਈ ਨੂੰ ਡਟਣ ਦਾ ਸੱਦਾ  ਦਿੱਤਾ ਗਿਆ। ਸੀਪੀਆਈ ਦੇ ਕੌਮੀ ਕੌਂਸਲ ਦੇ ਮੈਂਬਰ ਨਿਰਮਲ ਧਾਲੀਵਾਲ, ਮੈਂਬਰ ਕਸ਼ਮੀਰ ਸਿੰਘ ਗਦਾਈਆ, ਆਰਐੱਮਪੀਆਈ ਦੇ ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਸਮਾਣਾ ਅਤੇ ਸੀਪੀਆਈ (ਐਮ ਐਲ) ਨਿਊ ਡੈਮੋਕਰੇਸੀ ਦੇ ਆਗੂ ਦਰਸ਼ਨ ਸਿੰਘ ਖਟਕੜ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਮੀਤ ਦਿੱਤੂਪੁਰ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਰਸ਼ਪਿੰਦਰ ਜਿੰਮੀ ਅਤੇ ਆਰਐੱਮਪੀਆਈ ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਰਾਮ ਸਿੰਘ ਨੇ ਵੀ ਸੰਬੋਧਨ ਕੀਤਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All