ਪੱਤਰ ਪ੍ਰੇਰਕ
ਅੰਮ੍ਰਿਤਸਰ, 25 ਜੁਲਾਈ
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 122 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਂਆਂ ਸੇਵਾਵਾਂ ਵਿੱਚ ਖੇਤੀਬਾੜੀ, ਸਥਾਨਕ ਸਰਕਾਰ, ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਮੈਡੀਕਲ ਕੌਂਸਲ, ਤਕਨੀਕੀ ਸਿੱਖਿਆ ਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਤ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਧੰਦੇ ਨਾਲ ਜੁੜੇ ਲੋਕ, ਬੀਜ, ਕੀਟਨਾਸ਼ਕ ਦਵਾਈਆਂ ਵੇਚਣ ਦੇ ਲਈ ਲਾਇਸੰਸ ਹੁਣ ਸੇਵਾ ਕੇਂਦਰ ਰਾਹੀਂ ਅਪਲਾਈ ਕਰ ਸਕਦੇ ਹਨ। ਇਸੇ ਤਰ੍ਹਾਂ ਸਥਾਨਕ ਸਰਕਾਰ ਵਿਭਾਗ ਦੀਆਂ ਪੰਜ, ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਦੀਆਂ ਦੋ, ਪੰਜਾਬ ਮੈਡੀਕਲ ਕੌਂਸਲ ਦੀਆਂ 15, ਤਕਨੀਕੀ ਸਿੱਖਿਆ ਕੇਂਦਰੀ ਬੋਰਡ ਦੀਆਂ 8, ਪੀਟੀਯੂ ਨਾਲ ਸਬੰਧਤ 10, ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਤ 7, ਸੈਰ-ਸਪਾਟਾ ਵਿਭਾਗ ਨਾਲ ਸਬੰਧਤ ਦੋ ਅਤੇ ਖੇਤੀਬਾੜੀ ਵਿਭਾਗ ਨਾਲ ਸਬੰਧਤ 80 ਸੇਵਾਵਾਂ ਦਾ ਲਾਭ ਸੇਵਾ ਕੇਂਦਰਾਂ ਤੋਂ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹੇ ਰਹਿਣਗੇ। ਡੀਸੀ ਨੇ ਲੋਕਾਂ ਨੂੰ ਸੇਵਾ ਕੇਂਦਰਾਂ ਤੋਂ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।