ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 25 ਜੂਨ
ਵਿਜੀਲੈਂਸ ਬਿਊਰੋ ਦੀ ਟੀਮ ਨੇ ਪੰਜਾਬ ਵਿੱਚ ਨਸ਼ਿਆਂ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚ ਗਰੀਨ ਐਵੇਨਿਊ ਸਥਿਤ ਰਿਹਾਇਸ਼ ਵਿਚ ਮਾਰੇ ਛਾਪੇ ਦੌਰਾਨ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇ ਹਨ।
ਅਕਾਲੀ ਆਗੂ ਦੀ ਰਿਹਾਇਸ਼ ’ਤੇ ਮਾਰੇ ਛਾਪੇ ਦੀ ਅਗਵਾਈ ਏਆਈਜੀ ਸਵਰਨਦੀਪ ਸਿੰਘ (ਪੀਪੀਐੱਸ) ਨੇ ਕੀਤੀ, ਜਿਨ੍ਹਾਂ ਨੂੰ ਹਾਲ ਹੀ ਵਿੱਚ ਮੁਅੱਤਲੀ ਤੋਂ ਬਾਅਦ ਬਹਾਲ ਕੀਤਾ ਗਿਆ ਸੀ, ਜੋ ਇਸ ਸਮੇਂ ਵਿਜੀਲੈਂਸ ਮੁਹਾਲੀ ਦੀ ਫਲਾਇੰਗ ਸਕੁਐਡ ਟੀਮ ਵਿੱਚ ਕੰਮ ਕਰ ਰਹੇ ਹਨ।
ਕੀ ਹੈ ਪੂਰਾ ਮਾਮਲਾ?
ਬਿਕਰਮ ਮਜੀਠੀਆ ਵਿਰੁੱਧ ਸਾਲ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਐਕਟ ਤਹਿਤ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਪਹਿਲਾਂ ਹੀ ਜਾਂਚ ਚੱਲ ਰਹੀ ਹੈ। ਇਸ ਤੋਂ ਇਲਾਵਾ, ਹਾਲ ਹੀ ਵਿੱਚ ਮਜੀਠੀਆ ਤੇ ਉਨ੍ਹਾਂ ਨਾਲ ਜੁੜੇ ਲੋਕਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੀ ਵੀ ਜਾਂਚ ਸ਼ੁਰੂ ਕੀਤੀ ਗਈ ਸੀ। ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਅਤੇ ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ 25 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਵਿੱਚ ਅੰਮ੍ਰਿਤਸਰ ਵਿੱਚ 9 ਥਾਵਾਂ ਸ਼ਾਮਲ ਹਨ। ਇਸੇ ਕ੍ਰਮ ਵਿੱਚ, ਵੱਡੀ ਗਿਣਤੀ ਵਿੱਚ ਅਧਿਕਾਰੀਆਂ ਨੇ ਗ੍ਰੀਨ ਐਵੇਨਿਊ ਸਥਿਤ ਮਜੀਠੀਆ ਦੇ ਘਰ ’ਤੇ ਛਾਪਾ ਮਾਰਿਆ।