ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਦਕਿ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 12 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮ ਵਿੱਚ ਹਿੱਸਾ ਲਵੇਗਾ ਅਤੇ 30 ਜੂਨ ਨੂੰ ਵਾਪਸ ਭਾਰਤ ਪਰਤੇਗਾ।
ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਵੀਜ਼ਾ ਲੱਗੇ ਪਾਸਪੋਰਟ 20 ਅਤੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਨਹੀਂ ਲੱਗੇ, ਉਨ੍ਹਾਂ ਦੇ ਸੀਰੀਅਲ ਨੰਬਰ 33, 66, 67, 68, 76, 131, 143, 144, 145, 151, 291 ਅਤੇ 292 ਹਨ।
