328 ਪਾਵਨ ਸਰੂਪ ਮਾਮਲਾ: ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਪਹੁੰਚੀ ਗੁਰਦੁਆਰਾ ਰਾਮਸਰ, 3 ਘੰਟੇ ਕੀਤੀ ਪੜਤਾਲ
ਗੁਰੂ ਗ੍ਰੰਥ ਸਾਹਿਬ ਭਵਨ ਤੋਂ ਪ੍ਰਕਾਸ਼ਨਾ ਅਤੇ ਰਿਕਾਰਡ ਸਬੰਧੀ ਹਾਸਲ ਕੀਤੀ ਅਹਿਮ ਜਾਣਕਾਰੀ; ਜਲਦ ਠੋਸ ਨਤੀਜੇ ’ਤੇ ਪੁੱਜਣ ਦਾ ਦਾਅਵਾ
328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੱਜ ਇੱਥੇ ਗੁਰਦੁਆਰਾ ਰਾਮਸਰ ਵਿਖੇ ਪਹੁੰਚ ਕੇ ਪਾਵਨ ਸਰੂਪਾਂ ਦੀ ਪ੍ਰਕਾਸ਼ਨਾ, ਉਸ ਦਾ ਰਿਕਾਰਡ ਰੱਖਣ ਅਤੇ ਹੋਰ ਲੋੜੀਂਦੀ ਜਾਣਕਾਰੀ ਪ੍ਰਾਪਤ ਕੀਤੀ ਹੈ। ਇਹ ਜਾਂਚ ਟੀਮ ਲਗਭਗ ਤਿੰਨ ਘੰਟੇ ਇੱਥੇ ਸਥਿਤ ‘ਗੁਰੂ ਗ੍ਰੰਥ ਸਾਹਿਬ ਭਵਨ’ ਵਿਖੇ ਰਹੀ ਅਤੇ ਇਸ ਮਾਮਲੇ ਨਾਲ ਸਬੰਧਿਤ ਅਹਿਮ ਦਸਤਾਵੇਜ਼ੀ ਜਾਣਕਾਰੀ ਹਾਸਲ ਕੀਤੀ। ਦੱਸਣਯੋਗ ਹੈ ਕਿ ਇਸ ਭਵਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਪ੍ਰਕਾਸ਼ਨਾ ਕੀਤੀ ਜਾਂਦੀ ਹੈ, ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ ਅਤੇ ਅਗਾਂਹ ਸੰਗਤ ਨੂੰ ਭੇਟ ਕੀਤੇ ਜਾਂਦੇ ਹਨ। ਇਹ ਸਮੁੱਚਾ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਚਲਾਇਆ ਜਾਂਦਾ ਹੈ।
ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਮੀਡੀਆ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਕੋਲੋਂ ਜੋ ਵੀ ਰਿਕਾਰਡ ਮੰਗਿਆ ਗਿਆ ਸੀ, ਉਹ ਉਨ੍ਹਾਂ ਵੱਲੋਂ ਮੁਹੱਈਆ ਕਰਵਾ ਦਿੱਤਾ ਗਿਆ ਹੈ ਅਤੇ ਹੁਣ ਜਾਂਚ ਅਗਲੇ ਪੜਾਅ ਵਿੱਚ ਪੁੱਜ ਚੁੱਕੀ ਹੈ।
ਉਨ੍ਹਾਂ ਉਮੀਦ ਜਤਾਈ ਕਿ ਜਲਦੀ ਹੀ ਇਹ ਜਾਂਚ ਕਿਸੇ ਠੋਸ ਨਤੀਜੇ ’ਤੇ ਪੁੱਜ ਜਾਵੇਗੀ। ਅਧਿਕਾਰੀਆਂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਨਾਮਜ਼ਦ ਕੀਤੇ ਗਏ ਵਿਅਕਤੀਆਂ ਤੋਂ ਇਲਾਵਾ, ਸ਼੍ਰੋਮਣੀ ਕਮੇਟੀ ਦੇ ਕਈ ਸਾਬਕਾ ਅਧਿਕਾਰੀਆਂ ਅਤੇ ਕਈ ਮੌਜੂਦਾ ਅਧਿਕਾਰੀਆਂ ਕੋਲੋਂ ਵੀ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ।
