ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 17 ਅਪਰੈਲ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਦੀਆਂ ਸਭਾ-ਸੁਸਾਇਟੀਆਂ ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕੱਤਰਤਾ 20 ਅਪਰੈਲ ਨੂੰ ਬੁਲਾਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਵੇਰੇ 11 ਵਜੇ ਹੋਵੇਗੀ। ਇਸ ਵਿਚ ਸਥਾਨਕ ਹੋਟਲ ਮਾਲਕ ਵੀ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ 29 ਅਪਰੈਲ ਨੂੰ ਅਖੰਡ ਪਾਠ ਦੀ ਆਰੰਭਤਾ ਹੋਵੇਗੀ। ਇਸੇ ਦਿਨ ਵਿਸ਼ੇਸ਼ ਸਮਾਗਮ ’ਚ ਹਜ਼ਾਰਾਂ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ 30 ਅਪਰੈਲ ਨੂੰ ਸਮਾਗਮ ਜਾਰੀ ਰਹਿਣਗੇ ਅਤੇ ਪਹਿਲੀ ਮਈ ਨੂੰ ਕੀਤਾ ਜਾਣ ਵਾਲਾ ਮੁੱਖ ਸਮਾਗਮ ਯਾਦਗਾਰੀ ਹੋਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
ਡੀਸੀ ਤੇ ਮੇਅਰ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ: ਡੀਸੀ ਗੁਰਪ੍ਰੀਤ ਸਿੰਘ ਖਹਿਰਾ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਸਾਰੇ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੈਕਟਰੀ ਸੁਖਦੇਵ ਸਿੰਘ ਭੂਰਾਕੋਨਾ ਤੋਂ ਪ੍ਰੋਗਰਾਮ ਦਾ ਬਿਉਰਾ ਲਿਆ ਤੇ ਕਿਹਾ ਕਿ ਕੋਸ਼ਿਸ਼ ਰਹੇਗੀ ਕਿ ਸੰਗਤ ਨੂੰ ਪ੍ਰੇਸ਼ਾਨੀ ਨਾ ਆਵੇ। ਮੀਟਿੰਗ ਵਿੱਚ ਹਾਜ਼ਰ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਐੱਸਡੀਐੱਮ ਮੇਜਰ ਸੁਮਿਤ ਮੁੱਧ ਕੋਲੋਂ ਉਥੋਂ ਦੀਆਂ ਤਿਆਰੀਆਂ ਦਾ ਵੇਰਵਾ ਲਿਆ ਗਿਆ।
ਧਾਰਮਿਕ ਸਮਾਗਮਾਂ ਦੀ ਰੂਪਰੇਖਾ ਉਲੀਕਣ ਦੀ ਅਪੀਲ
ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਨੂੰ ਆਪਣੀ ਸੰਸਥਾ ਵੱਲੋਂ ਇਸ ਪਾਵਨ ਪੁਰਬ ਮੌਕੇ ਧਾਰਮਿਕ ਸਮਾਗਮਾਂ ਦਾ ਆਯੋਜਨ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਰੂਪਰੇਖਾ ਉਲੀਕਣ ਅਤੇ ਇਨ੍ਹਾਂ ਸਮਾਗਮਾਂ ਦੀ ਰੌਣਕ ਵਧਾਉਣ। ਜ਼ਿਕਰਯੋਗ ਹੈ ਕਿ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਅਤੇ ਮਾਤਾ ਵਿਪਨਪ੍ਰੀਤ ਕੌਰ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਹੋਏ ਸਨ।