ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਅਗਸਤ
ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਸਬੰਧੀ ਅੱਜ ਇੱਥੇ ਸਹਿਜ ਪਾਠ ਦੇ ਭੋਗ ਪਾਏ ਗਏ ਹਨ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਤੇ ਸੈਂਟਰਲ ਖਾਲਸਾ ਯਤੀਮਖਾਨਾ ਦੇ ਬੱਚਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸਮਾਗਮ ਵਿੱਚ ਸੱਤ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ। ਪਿੰਗਲਵਾੜਾ ਦੀ ਸੰਗਰੂਰ ਬਰਾਂਚ ਦੇ ਪ੍ਰਸ਼ਾਸਕ ਤਰਲੋਚਨ ਸਿੰਘ ਚੀਮਾ ਨੂੰ ਭਗਤ ਪੂਰਨ ਸਿੰਘ ਮਾਨਵ ਸੇਵਾ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਸਮਾਜ ਸੇਵਕ ਭਗਵੰਤ ਸਿੰਘ ਦਿਲਾਵਰੀ, ਡਾ. ਸ਼ਿਆਮ ਸੁੰਦਰ ਦੀਪਤੀ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਲੇਖਕ ਹਰਿੰਦਰ ਸਿੰਘ ਖਾਲਸਾ ਆਦਿ ਨੇ ਭਗਤ ਪੂਰਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪਿੰਗਲਵਾੜਾ ਦੀ ਮੁਖੀ ਡਾ ਇੰਦਰਜੀਤ ਕੌਰ ਨੇ ਆਈ ਸੰਗਤ ਦਾ ਧੰਨਵਾਦ ਕੀਤਾ।