ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਪਰੈਲ
ਵਿਸਾਖੀ ਮੌਕੇ ਪਾ4ਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪਰੈਲ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ। ਭਾਰਤ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ ਇਸ ਵਾਰ ਕਰੀਬ 1100 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਵਾਸਤੇ ਵੀਜ਼ੇ ਦਿੱਤੇ ਗਏ ਹਨ। ਇਹ ਸ਼ਰਧਾਲੂ ਭਲਕੇ 12 ਅਪਰੈਲ ਨੂੰ ਅਟਾਰੀ ਤੋਂ ਸੜਕ ਮਾਰਗ ਰਾਹੀਂ ਪਾਕਿਸਤਾਨ ਜਾਣਗੇ। ਇਨ੍ਹਾਂ ਨੂੰ ਪਹਿਲੇ ਦਿਨ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਲਿਜਾਂਦਾ ਜਾਵੇਗਾ, ਜਿੱਥੇ ਵਿਸਾਖੀ ਸਬੰਧੀ ਮੁੱਖ ਸਮਾਗਮ ਹੋਵੇਗਾ। ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ ਸ਼ਰਧਾਲੂਆਂ ਦਾ ਜੱਥਾ 22 ਅਪਰੈਲ ਨੂੰ ਭਾਰਤ ਪਰਤੇਗਾ। ਸ਼੍ਰੋਮਣੀ ਕਮੇਟੀ ਨੇ ਵੀਜ਼ਿਆਂ ਲਈ 750 ਤੋਂ ਵੱਧ ਸ਼ਰਧਾਲੂਆਂ ਦੀ ਸੂਚੀ ਭੇਜੀ ਸੀ, ਜਿਸ ਵਿੱਚੋਂ ਸਿਰਫ 437 ਸ਼ਰਧਾਲੂਆਂ ਨੂੰ ਹੀ ਵੀਜ਼ੇ ਮਿਲੇ ਹਨ। ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ 663 ਹੋਰ ਵੀਜ਼ੇ ਮਿਲੇ ਹਨ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ 72 ਘੰਟੇ ਪਹਿਲਾਂ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲੈ ਕੇ ਆਉਣੀ ਲਾਜ਼ਮੀ ਕੀਤੀ ਹੈ। ਪਾਕਿਸਤਾਨ ਸਥਿਤ ਪੀਐੱਸਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਆਖਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਦੇ ਮੱਦੇਨਜ਼ਰ ਵਿਸਾਖੀ ਸਮਾਗਮ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਤਹਿਤ ਸਥਾਨਕ ਸਿੱਖਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਨਾ ਹੋਣ ਲਈ ਕਿਹਾ ਹੈ।
ਸ਼੍ਰੋਮਣੀ ਕਮੇਟੀ ਨੇ ਪਾਕਿ ਜਾਣ ਵਾਲਿਆਂ ਨੂੰ ਪਾਸਪੋਰਟ ਵੰਡੇ
ਸ਼੍ਰੋਮਣੀ ਕਮੇਟੀ ਨੇ ਅੱਜ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪਾਸਪੋਰਟ ਵੰਡੇ। ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲੇ, ਉਨ੍ਹਾਂ ਨੂੰ ਪਾਸਪੋਰਟ ਜਲਦੀ ਵਾਪਸ ਕਰ ਦਿੱਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਥਾ ਭੇਜਣ ਬਾਰੇ ਕੇਂਦਰ ਸਰਕਾਰ ਵੱਲੋਂ ਰਸਮੀ ਪ੍ਰਵਾਨਗੀ ਦਾ ਪੱਤਰ ਮਿਲ ਚੁੱਕਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਤਿਆਰ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਿਸ਼ੇਸ਼ ਲੋਗੋ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਤਾਬਦੀ ਨੂੰ ਸਮਰਪਿਤ ਸੋਨੇ-ਚਾਂਦੀ ਦੇ ਸਿੱਕੇ ਵੀ ਤਿਆਰ ਕਰਨ ਦੀ ਯੋਜਨਾ ਹੈ। ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰ ਕੀਤੇ ਲੋਗੋ ਵਿੱਚ ਤੇਗ ਬਹਾਦਰ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕਾ ਮਹਿਲ ਦੀ ਇਮਾਰਤ ਦੀ ਤਸਵੀਰ ਨੂੰ ਮੁੱਖ ਰੂਪ ਵਿੱਚ ਲਿਆ ਗਿਆ ਹੈ। ਇਸ ਦੇ ਹੇਠਾਂ 400 ਸਾਲਾ ਪ੍ਰਕਾਸ਼ ਪੁਰਬ ਅੰਕਿਤ ਹੈ ਅਤੇ ਉਪਰ ਗੁਰੂ ਸਾਹਿਬ ਨਾਲ ਸਬੰਧਤ ਗੁਰਬਾਣੀ ਦੀ ਤੁਕ ਅੰਕਿਤ ਹੈ। ਇਸ ਲੋਗੋ ਨੂੰ ਸ਼੍ਰੋਮਣੀ ਕਮੇਟੀ ਵਲੋਂ ਸ਼ਤਾਬਦੀ ਸਮਾਗਮਾਂ ਦੌਰਾਨ ਵਰਤਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਸ ਸਬੰਧੀ ਬਣਾਈ ਵਿਸ਼ੇਸ਼ ਕਮੇਟੀ ਨੇ ਇਹ ਲੋਗੋ ਤਿਆਰ ਕੀਤਾ ਹੈ ਅਤੇ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ।
ਸਿੱਖ ਸੰਸਥਾ ਵੱਲੋਂ ਯਾਦਗਾਰੀ ਸਿੱਕੇ ਤਿਆਰ ਕਰਨ ਦੀ ਵੀ ਯੋਜਨਾ ਹੈ, ਜਿਸ ਸਬੰਧੀ ਇਕ ਕਮੇਟੀ ਬਣਾਈ ਗਈ ਹੈ। ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸਿਮਰਜੀਤ ਸਿੰਘ ਨੇ ਦੱਸਿਆ ਕਿ ਸਿੱਕੇ ਦੇ ਇਕ ਪਾਸੇ ਤਿਆਰ ਕੀਤੀ ਲੋਗੋ ਦੀ ਤਸਵੀਰ ਵਿੱਚ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਦੂਜੇ ਪਾਸੇ ਦਿੱਲੀ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਤਸਵੀਰ ਹੋਵੇਗੀ।