‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਪੰਜ ਸਾਲਾਂ ਲਈ ਪਾਰਟੀ ’ਚੋਂ ਮੁਅੱਤਲ
ਆਤਿਸ਼ ਗੁਪਤਾ/ਜਗਤਾਰ ਸਿੰਘ ਲਾਂਬਾ
ਚੰਡੀਗੜ੍ਹ/ਅੰਮ੍ਰਿਤਸਰ, 29 ਜੂਨ
AAP Suspends Amritsar MLA: ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਨੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਲਈ ਪਾਰਟੀ ਵਿੱਚੋਂ ਪੰਜ ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ।
ਕੁੰਵਰ ਵਿਜੈ ਪ੍ਰਤਾਪ ਨੇ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਕੀਤੀ ਗਈ ਵਿਜੀਲੈਂਸ ਕਾਰਵਾਈ ਦਾ ਵਿਰੋਧ ਕੀਤਾ ਸੀ।
ਆਮ ਆਦਮੀ ਪਾਰਟੀ ਨੈ ਕਿਹਾ ਕਿ ਨਸ਼ਿਆਂ ਖਿਲਾਫ ਐਕਸ਼ਨ ਪਾਰਟੀ ਦੀ ਵਿਚਾਰਧਾਰਾ ਹੈ ਤੇ ਇਸ ਵਿਰੁੱਧ ਜਾਣ ਵਾਲੇ ਲਈ ਪਾਰਟੀ ਵਿੱਚ ਕੋਈ ਥਾਂ ਨਹੀਂ ਹੈ। ਪਾਰਟੀ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ ਮੁਅੱਤਲ ਕੀਤਾ ਗਿਆ ਹੈ।
ਪਾਰਟੀ ਵੱਲੋਂ ਕੀਤੇ ਗਏ ਇਸ ਫੈਸਲੇ ਦੇ ਸਬੰਧ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਭਗਤ ਕਬੀਰ ਜੀ ਦੇ ਦੋਹੇ ਦੀਆਂ ਸਤਰਾਂ ਲਿਖੀਆਂ ਹਨ ਜਿਸ ਵਿੱਚ ਉਨ੍ਹਾਂ ਆਖਿਆ ਕਿ ‘ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ’। ਉਨ੍ਹਾਂ ਨੇ ਕਬੀਰ ਜੀ ਦੇ ਇਨ੍ਹਾਂ ਸ਼ਬਦਾਂ ਨਾਲ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਕੁੰਵਰ ਵਿਜੈ ਪ੍ਰਤਾਪ ਦੀ ਇਸ ਪ੍ਰਤੀਕਿਰਿਆ ਦੇ ਜਵਾਬ ਵਿੱਚ ਸਮਰਥਕਾਂ ਨੇ ਪਾਰਟੀ ਦੇ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਨੂੰ ਤਨਦੇਹੀ ਨਾਲ ਇਸੇ ਮਾਰਗ ’ਤੇ ਨਿਡਰ ਹੋ ਕੇ ਚੱਲਣ ਦੀ ਪ੍ਰੇਰਨਾ ਕੀਤੀ ਹੈ।
ਦੱਸਣਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪਹਿਲਾਂ ਵੀ ਕਈ ਵਾਰ ਪਾਰਟੀ ਨੂੰ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਾਏ ਹਨ ਅਤੇ ਉਨ੍ਹਾਂ ਦੀਆਂ ਗਲਤੀਆਂ ਨੂੰ ਉਭਾਰਨ ਦਾ ਯਤਨ ਕੀਤਾ ਹੈ। ਉਹ ਲਗਾਤਾਰ ਪਾਰਟੀ ਅਤੇ ਸਰਕਾਰ ਵਿਚਲੀਆਂ ਖਾਮੀਆਂ ਦੇ ਵੀ ਨਿਸ਼ਾਨਦੇਹੀ ਕਰਦੇ ਰਹੇ ਹਨ।