ਪਿੰਡ ਵਲਟੋਹਾ ਤੋਂ ‘ਆਪ’ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਸਖ਼ਤ ਹੁਕਮ ਦਿੱਤੇ ਹਨ। ਮੁੱਖ ਮੰਤਰੀ ਮਾਨ ਨੇ ਡੀਜੀਪੀ ਗੌਰਵ ਯਾਦਵ ਨਾਲ ਫੋਨ ’ਤੇ ਗੱਲ ਕਰਕੇ ਮੁਲਜ਼ਮਾਂ ਦੀ ਜਲਦ ਪਛਾਣ ਅਤੇ ਗ੍ਰਿਫ਼ਤਾਰੀ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਇੱਕ ਵਿਆਹ ਸਮਾਗਮ ਤਰਨਤਾਰਨ ਦੇ ਪਿੰਡ ਵਲਟੋਹਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਰਪੰਚ ਜਰਮਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਸੀਸੀਟੀਵੀ (CCTV) ਫੁਟੇਜ ਵਿੱਚ ਦੋ ਬਿਨਾਂ ਨਕਾਬ ਵਾਲੇ ਹਮਲਾਵਰ ਵਿਆਹ ਵਾਲੀ ਥਾਂ ’ਤੇ ਦਾਖਲ ਹੁੰਦੇ ਦਿਖਾਈ ਦਿੱਤੇ, ਜਿਨ੍ਹਾਂ ਵਿੱਚੋਂ ਇੱਕ ਨੇ ਬਿਲਕੁਲ ਨਜ਼ਦੀਕ ਤੋਂ ਸਰਪੰਚ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਜਰਮਲ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਦਿੱਤਾ।
ਇਸ ਦੌਰਾਨ ਗੈਂਗਸਟਰ ਪ੍ਰਭ ਦਾਸੂਵਾਲ ਅਤੇ ਡੋਨੀ ਬਲ ਨੇ ਸੋਸ਼ਲ ਮੀਡੀਆ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਦੂਜੇ ਪਾਸੇ, ਇਸ ਘਟਨਾ ਨੂੰ ਲੈ ਕੇ ਸਿਆਸਤ ਵੀ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਕੌਮੀਂ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਹਨ।
ਬਾਦਲ ਨੇ ਕਿਹਾ ਕਿ ਜਨਤਕ ਥਾਵਾਂ ’ਤੇ ਅਜਿਹੇ ਕਤਲ ਹੁਣ ਰੋਜ਼ਾਨਾ ਦੀ ਗੱਲ ਹੋ ਗਏ ਹਨ, ਜੋ ਕਿ ਪੁਲੀਸ ਦੀ ਨਾਕਾਮੀ ਨੂੰ ਦਰਸਾਉਂਦੇ ਹਨ।
ਭਾਜਪਾ ਨੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕਰਦਿਆਂ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਪੁਲੀਸ ਦੀਆਂ ਕਈ ਟੀਮਾਂ ਹਮਲਾਵਰਾਂ ਨੂੰ ਫੜਨ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

