ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 11 ਜਨਵਰੀ
ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣ ਰਹੇ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਲਈ ਸਰਕਾਰ ਵਲੋਂ ਕਿਸਾਨਾਂ ਦੀ ਜ਼ਮੀਨ ਹਥਿਆਉਣ ਦੀ ਨੀਤੀ ਤੋਂ ਕਿਸਾਨ ਭਾਈਚਾਰੇ ਨੂੰ ਚਿੰਤਾ ਵਿਚ ਪਾ ਦਿੱਤਾ ਹੈ, ਜਿਸ ਕਾਰਨ ਕਿਸਾਨਾਂ ਨੇ ਇਸ ਵਿਰੁਧ ਲਾਮਬੰਦੀ ਤੇਜ਼ ਕਰ ਦਿੱਤੀ ਹੈ। ਇਸ ਜ਼ਿਲ੍ਹੇ ਦੇ ਕਿਸਾਨਾਂ ਨੇ ਪਿੰਡ-ਪਿੰਡ ਕਮੇਟੀਆਂ ਦਾ ਗਠਨ ਕਰ ਲਿਆ ਹੈ ਅਤੇ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ।
ਪਿੰਡ ਅਦਲੀਵਾਲ, ਰਾਣੇਵਾਲੀ, ਛੀਨਾ, ਲਦੇਹ ਅਤੇ ਬੱਲ ਸਚੰਦਰ ਦੇ ਕਿਸਾਨਾਂ ਦੀ ਅੱਜ ਇਥੇ ਹੋਈ ਮੀਟਿੰਗ ਵਿਚ ਮੁਖਵਿੰਦਰ ਸਿੰਘ ਸਾਬਕਾ ਸਰਪੰਚ, ਸੰਤੋਖ ਸਿੰਘ ਅਦਲੀਵਾਲ, ਜੋਬਨਦੀਪ ਸਿੰਘ ਯੂਕੇ, ਮਲਕੀਤ ਸਿੰਘ, ਨਵਪ੍ਰੀਤ ਸਿੰਘ, ਹਰਜੀਤ ਸਿੰਘ ਲਦੇਹ, ਸੁਖਵਿੰਦਰ ਸਿੰਘ, ਰਜਿੰਦਰ ਸਿੰਘ ਛੀਨਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨ ਲੈਣ ਲਈ ਦਿੱਤੇ ਜਾਣ ਵਾਲੇ ਮੁਆਵਜ਼ੇ ਦੇ ਨਾਂ ’ਤੇ ਕਿਸਾਨਾਂ ਨਾਲ ਸਰਕਾਰ ਭੱਦਾ ਮਜ਼ਾਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਧੱਕੇ ਵਿਰੁੱਧ ਹਰ ਤਰ੍ਹਾਂ ਦੇ ਸੰਘਰਸ਼ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਕਿਸਾਨ ਕਾਲੇ ਕਾਨੂੰਨਾਂ ਵਿਰੁਧ ਦਿੱਲੀ ਸਰਹੱਦ ’ਤੇ ਦੁਸ਼ਵਾਰੀਆਂ ਨਾਲ ਜੂਝ ਰਿਹਾ ਹੈ ਤੇ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਸਰਕਾਰ ਕਿਸਾਨਾਂ ਦੀਆਂ ਜ਼ਮੀਨ ਕੌਡੀਆਂ ਦੇ ਭਾਅ ਹਥਿਆਉਣ ਲਈ ਕਾਹਲੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਤੀਕ ਕਿਸਾਨ ਜਥੇਬੰਦੀਆਂ ਦੀ ਸਹਿਮਤੀ ਨਹੀਂ ਹੁੰਦੀ ਅਤੇ ਉਚਿਤ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਜ਼ਮੀਨਾਂ ਦਾ ਕਬਜ਼ਾ ਨਹੀਂ ਲੈਣ ਦਿੱਤਾ ਜਾਵੇਗਾ।