ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜੁਲਾਈ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲੀਸ ਨੇ ਮਨੀਪੁਰ ਤੋਂ ਲਿਆਂਦੀ ਗਈ 20 ਕਿੱਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਇਸ ਵਿਅਕਤੀ ਦੀ ਸ਼ਨਾਖ਼ਤ ਅਜਮੇਰ ਸਿੰਘ ਵਾਸੀ ਪਿੰਡ ਬੱਚੀਵਿੰਡ ਵਜੋਂ ਹੋਈ ਹੈ। ਪੁਲੀਸ ਨੇ ਇਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਪੁੱਛਗਿੱਛ ਵਾਸਤੇ 11 ਜੁਲਾਈ ਤੱਕ ਪੁਲੀਸ ਰਿਮਾਂਡ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਇੰਸਪੈਕਟਰ ਇੰਦਰਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ ’ਤੇ ਬੀਤੀ ਸ਼ਾਮ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਬਾਬਾ ਬਕਾਲਾ ਮੋੜ ਨੇੜੇ ਰਾਤ ਨੂੰ ਕੀਤੀ ਗਈ ਜਾਂਚ ਦੌਰਾਨ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵਿਅਕਤੀ ਟਰੱਕ ਲੈ ਕੇ ਆ ਰਿਹਾ ਸੀ, ਜਿਸ ਵਿੱਚ ਇਹ 20 ਕਿਲੋ ਅਫ਼ੀਮ ਲੁਕਾਈ ਹੋਈ ਸੀ। ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਇਹ ਅਫੀਮ ਮਨੀਪੁਰ ਤੋਂ ਲੈ ਕੇ ਆ ਰਿਹਾ ਸੀ ਅਤੇ ਇਸ ਨੂੰ ਪੰਜਾਬ ਵਿੱਚ ਸਪਲਾਈ ਕੀਤਾ ਜਾਣਾ ਸੀ। ਪੁਲੀਸ ਨੇ ਇਸ ਸਬੰਧ ਵਿੱਚ ਐੱਨਡੀਪੀਐੱਸ ਐਕਟ ਹੇਠ ਕੇਸ ਦਰਜ ਕੀਤਾ ਹੈ ਤੇ ਵਧੇਰੇ ਪੁੱਛਗਿੱਛ ਕੀਤੀ ਜਾ ਰਹੀ ਹੈ।