ਪੱਤਰ ਪ੍ਰੇਰਕ
ਅੰਮ੍ਰਿਤਸਰ, 30 ਮਾਰਚ
ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਅੰਮ੍ਰਿਤਸਰ ਮਨਿੰਦਰ ਸਿੰਘ ਨੇ ਕਿਹਾ ਹੈ ਕਿ ਜੰਡਿਆਲਾ ਗੁਰੂ ਬੱਸ ਸਟੈਂਡ ’ਤੇ ਬੱਸਾਂ ਨਾ ਰੋਕਣ ਵਾਲੇ ਡਰਾਈਵਰਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਨੇ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਨੂੰ ਹਦਾਇਤ ਕੀਤੀ ਹੈ ਕਿ ਜੰਡਿਆਲਾ ਗੁਰੂ ਬੱਸ ਸਟੈਂਡ ’ਤੇ ਬੱਸਾਂ ਨੂੰ ਰੋਕਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਬ ਇੰਸਪੈਕਟਰ ਰੋਡਵੇਜ਼ ਅੰਮ੍ਰਿਤਸਰ-1 ਕੰਵਲਜੀਤ ਸਿੰਘ ਦੀ ਡਿਊਟੀ ਸਵੇਰੇ 7.30 ਤੋਂ ਬਾਅਦ ਦੁਪਹਿਰ 3.30 ਵਜੇ ਤਕ ਜੰਡਿਆਲਾ ਗੁਰੂ ਬੱਸ ਸਟੈਂਡ ’ਤੇ ਲਾਈ ਗਈ ਹੈ।