Activist Mohanjit Singh: ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ: ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੋਹਣਜੀਤ ਸਿੰਘ ਦਾ ਹਾਲ ਜਾਣਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜਵਾਨ ਮੋਹਣਜੀਤ ਸਿੰਘ ਸ਼ੇਰੋਂ ਨਾਲ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਮੋਹਣਜੀਤ ਸਿੰਘ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਕਰਨਾ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ’ਤੇ ਜ਼ੁਲਮ ਹੁੰਦਾ ਹੈ, ਤਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਨਾਲ ਖੜ੍ਹੇ ਹੋਣ ਨੂੰ ਆਪਣਾ ਫ਼ਰਜ਼ ਸਮਝਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ, ਕਾਰਗੁਜ਼ਾਰੀ ਅਤੇ ਸਮਾਜਿਕ ਮੁੱਦਿਆਂ ’ਤੇ ਸਵਾਲ ਕਰਨਾ ਹਰ ਨਾਗਰਿਕ ਦਾ ਹੱਕ ਹੈ, ਪਰ ਸਵਾਲ ਕਰਨ ਵਾਲੇ ਵਿਅਕਤੀ ’ਤੇ ਤਸ਼ੱਦਦ ਕਰਨ ਦੀ ਕੋਈ ਕਾਨੂੰਨ ਪ੍ਰਵਾਨਗੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਰਕਾਰ ਚਲਾਉਣ ਵਾਲੀ ਪਾਰਟੀ ਕਦੇ ਲੋਕਾਂ ਨੂੰ ਲੀਡਰਾਂ ਤੋਂ ਸਵਾਲ ਪੁੱਛਣ ਲਈ ਆਖਦੀ ਹੁੰਦੀ ਸੀ, ਲੇਕਿਨ ਜਦੋਂ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਵਾਲ ਪੁੱਛੇ ਤਾਂ ਉਹ ਬੁਖ਼ਲਾਹਟ ਵਿੱਚ ਆ ਕੇ ਪੁਲੀਸ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਦਿਨੋਂ-ਦਿਨ ਵਧਣਾ ਸਰਕਾਰ ਲਈ ਵੱਡਾ ਸਵਾਲ ਹੈ। ਨਸ਼ਿਆਂ ਨਾਲ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਪ੍ਰੰਤੂ ਸਰਕਾਰ ਇਸ ਨੂੰ ਅਣਦੇਖਿਆ ਕਰਕੇ ਸਵਾਲ ਅਤੇ ਵਿਰੋਧ ਕਰਨ ਵਾਲਿਆਂ ਨੂੰ ਹੀ ਦੋਸ਼ੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਲੋਕ ਮਿਲਣੀ ਲਈ ਪਿੰਡ ਵਿੱਚ ਆਏ ਮੁੱਖ ਮੰਤਰੀ ਨੂੰ ਜੇਕਰ ਗੁਰਸਿੱਖ ਨੌਜਵਾਨ ਨੇ ਨਸ਼ਿਆਂ ਸਬੰਧੀ ਸਵਾਲ ਕੀਤਾ ਤਾਂ ਪੁਲੀਸ ਨੇ ਉਸ ’ਤੇ ਤਸ਼ੱਦਦ ਹੀ ਨਹੀਂ ਕੀਤਾ, ਸਗੋਂ ਉਸ ਦੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਕੇ ਵੱਡਾ ਗੁਨਾਹ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖੀ ਜੀਵਨ ਦਾ ਅਹਿਮ ਅੰਗ ਹਨ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿੱਚ ਲੈ ਕੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦਾ ਅਧਿਕਾਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜਵਾਨ ਦੀ ਹਰ ਤਰ੍ਹਾਂ ਸਹਾਇਤਾ ਲਈ ਵਚਨਬੱਧ ਹੈ ਅਤੇ ਜੇਕਰ ਉਹ ਚਾਹੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਉਸ ਦਾ ਇਲਾਜ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਵੀ ਮੌਜੂਦ ਸਨ।

