ਸ਼ਰਧਾਲੂਆਂ ਦੀ ਮੌਤ ’ਤੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਐਡਵੋਕੇਟ ਧਾਮੀ ਅਤੇ ਜਥੇਦਾਰ ਗੜਗੱਜ ਨੇ ਵੀ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ 'ਤੇ ਸੰਵੇਦਨਾ ਪ੍ਰਗਟ ਕੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ ਹੋਣ ਕਾਰਨ ਹੋਈਆਂ ਮੌਤਾਂ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ।
ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੁਸ਼ਕਲ ਦੇ ਸਮੇਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਸਥਾਨਕ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ।
ਐਡਵੋਕੇਟ ਧਾਮੀ ਅਤੇ ਜਥੇਦਾਰ ਗੜਗੱਜ ਨੇ ਵੀ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ 'ਤੇ ਸੰਵੇਦਨਾ ਪ੍ਰਗਟ ਕੀਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਇਸ ਮੰਦਭਾਗੀ ਘਟਨਾ ਅਤੇ ਜਾਨੀ ਨੁਕਸਾਨ 'ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਮਾਤਮਾ ਅੱਗੇ ਸ੍ਰੀ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਅਰਦਾਸ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ’ਚ ਪੀੜਤ ਪਰਿਵਾਰਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਸੰਭਵ ਸਹਾਇਤਾ ਕੀਤੀ ਜਾਵੇਗੀ।
ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਹਾਦਸੇ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਚਲਾਣਾ ਕਰ ਗਏ ਸ਼ਰਧਾਲੂਆਂ ਲਈ ਅਕਾਲ ਪੁਰਖ ਅੱਗੇ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਜਥੇਦਾਰ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਾਦਸੇ ਦੇ ਪੀੜਤ ਪਰਿਵਾਰਾਂ ਤੱਕ ਪਹੁੰਚ ਕਰਕੇ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਕਿਹਾ।

