ਰੀਅਲ ਅਸਟੇਟ ਕੰਪਨੀ ਏ ਆਈ ਪੀ ਐੱਲ ਨੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਬੇਘਰ ਹੋਏ ਲੋਕਾਂ ਲਈ 100 ਘਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਇਹ ਉਪਰਾਲਾ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੇ ਮੁੜ ਵਸੇਬੇ ਲਈ ਸ਼ੁਰੂ ਕੀਤੇ ਗਏ ਸਾਂਝੇ ਉਪਰਾਲੇ ਅਧੀਨ ਹੈ। ਇਸ ਬਾਰੇ ਕੰਪਨੀ ਦੇ ਡਾਇਰੈਕਟਰ ਸਮਸ਼ੇਰ ਸਿੰਘ ਨੇ ਦੱਸਿਆ ਕਿ ਕੰਪਨੀ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੇ ਸਹਿਯੋਗ ਨਾਲ ਉਨ੍ਹਾਂ ਲੋਕਾਂ ਦੇ ਮਕਾਨਾਂ ਦਾ ਨਿਰਮਾਣ ਕਰ ਰਹੀ ਹੈ , ਜਿਨਾਂ ਦੇ ਘਰ ਹੜ੍ਹ ਦੇ ਪਾਣੀ ਕਾਰਨ ਨੁਕਸਾਨੇ ਗਏ ਸਨ। ਉਨ੍ਹਾਂ ਕਿਹਾ ਕਿ ਕੰਪਨੀ ਦੀ ਟੀਮ ਵੱਲੋਂ ਇਨ੍ਹਾਂ ਮਕਾਨਾਂ ਦਾ ਨਿਰਮਾਣ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਜਿਵੇ ਜਿਵੇਂ ਘਰਾਂ ਦਾ ਨਿਰਮਾਣ ਹੁੰਦਾ ਜਾਵੇਗਾ ਅਸੀਂ ਸਬੰਧਤ ਮਾਲਕਾਂ ਦੇ ਮਕਾਨ ਉਨ੍ਹਾਂ ਨੂੰ ਸੌਂਪ ਦੇਣਗੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਹੀ ਕੰਪਨੀ ਇਹ ਕੰਮ ਲੋੜਵੰਦ ਪਰਿਵਾਰਾਂ ਲਈ ਕਰ ਰਹੀ ਹੈ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਇਨ੍ਹਾਂ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ, ਸਕੂਲ ਬੈਗ ਅਤੇ ਸਟੇਸ਼ਨਰੀ ਦੇਣ ਦੀ ਸੇਵਾ ਵੱਡੇ ਪੱਧਰ ਉੱਤੇ ਰੈਡ ਕਰਾਸ ਰਾਹੀਂ ਕੀਤੀ ਗਈ ਹੈ।