ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲ ਤਖ਼ਤ ਵੱਲੋਂ ਚੀਫ਼ ਖਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਬਣਨ ਲਈ 1 ਸਤੰਬਰ ਤੱਕ ਦੀ ਮੋਹਲਤ

ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਤੇ ਕਾਰਜਕਾਰਨੀ ਮੈਂਬਰ ਅਕਾਲ ਤਖ਼ਤ ਸਕੱਤਰੇਤ ’ਚ ਪੇਸ਼; ਗ਼ੈਰਹਾਜ਼ਰ ਮੈਂਬਰਾਂ ਨੂੰ 1 ਅਗਸਤ ਤੱਕ ਸਕੱਤਰੇਤ ’ਚ ਪੇਸ਼ ਹੋਣ ਦੇ ਹੁਕਮ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਚੀਫ ਖ਼ਾਲਸਾ ਦੀਵਾਨ ਦੇ ਪ੍ਹਧਾਨ ਤੇ ਕਾਰਜਕਾਰਨੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਕਾਰਜਕਾਰਨੀ ਅਤੇ ਮੈਂਬਰਾਂ ਨੂੰ ਇਕ ਸਤੰਬਰ ਤੱਕ ਦਾ ਸਮਾਂ ਦਿੰਦਿਆਂ ਅੰਮ੍ਰਿਤਧਾਰੀ ਹੋਣ ਅਤੇ ਅੰਮ੍ਰਿਤਧਾਰੀ ਹੋਣ ਦੌਰਾਨ ਹੋਈ ਅਵਗਿਆ ਦੀ ਸੁਧਾਈ ਕਰਨ ਦਾ ਸਮਾਂ ਦਿੱਤਾ ਹੈ। ਇਸ ਸਮੇਂ ਤੋਂ ਬਾਅਦ ਅੰਮ੍ਰਿਤਧਾਰੀ ਨਾ ਹੋਣ ਵਾਲੇ ਮੈਂਬਰ ਦੀ ਮੈਂਬਰਸ਼ਿਪ ਖਾਰਜ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਕਾਰਜਕਾਰਨੀ ਦੇ ਮੈਂਬਰ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗੜਗੱਜ ਨੂੰ ਮਿਲੇ ਹਨ। ਉਨ੍ਹਾਂ ਨੂੰ ਇੱਥੇ ਆਪਣਾ ਸਪਸ਼ਟੀਕਰਨ ਦੇਣ ਵਾਸਤੇ ਸੱਦਿਆ ਗਿਆ ਸੀ।

Advertisement

ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ, ਮੈਂਬਰਾਂ ਅਤੇ ਅਹੁਦੇਦਾਰਾਂ ਦੇ ਵਿਰੁੱਧ ਕੁਝ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸੰਸਥਾ ਦੇ ਪ੍ਰਧਾਨ ਸਮੇਤ ਸਮੁੱਚੀ ਕਾਰਜਕਾਰਨੀ ਨੂੰ ਆਪਣਾ ਪੱਖ ਰੱਖਣ ਲਈ ਅਕਾਲ ਤਖ਼ਤ ਸਕੱਤਰੇਤ ਵਿਖੇ ਸੱਦਿਆ ਸੀ।

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਸਮੇਤ ਕਾਰਜਕਾਰਨੀ ਕਮੇਟੀ ਦੇ ਕੁੱਲ 20 ਮੈਂਬਰ ਸਕੱਤਰੇਤ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਥੇਦਾਰ ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਵਿਰੁੱਧ ਪੁੱਜੀਆਂ ਸ਼ਿਕਾਇਤਾਂ ਬਾਰੇ ਸਮੂਹ ਮੈਂਬਰਾਂ ਨਾਲ ਵਿਚਾਰ ਕਰਦਿਆਂ ਕੁਝ ਸਵਾਲ ਕੀਤੇ ਅਤੇ ਉਨ੍ਹਾਂ ਦਾ ਪੱਖ ਸੁਣਿਆ। ਉਪਰੰਤ ਜਥੇਦਾਰ ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੇ ਵਿਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ ਦੀ ਰੋਸ਼ਨੀ ਵਿੱਚ ਮੌਕੇ ਉੱਤੇ ਹੀ ਕੁਝ ਅਹਿਮ ਫ਼ੈਸਲੇ ਕਰਦਿਆਂ ਸੰਸਥਾ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਜਥੇਦਾਰ ਨੇ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਫ਼ ਖ਼ਾਲਸਾ ਦੀਵਾਨ ਨਾਲ ਸਬੰਧਤ ਕੀਤੇ ਗਏ ਫ਼ੈਸਲਿਆਂ ਬਾਰੇ ਦੱਸਿਆ ਕਿ ਜੇਕਰ ਸੰਸਥਾ ਦਾ ਕੋਈ ਮੈਂਬਰ ਅੰਮ੍ਰਿਤਧਾਰੀ ਨਹੀਂ ਹੈ ਜਾਂ ਕਿਸੇ ਤੋਂ ਕੋਈ ਕੁਤਾਹੀ ਹੋਈ ਹੈ ਤਾਂ ਇਸ ਦੀ ਸੁਧਾਈ ਕਰਨ ਲਈ ਚੀਫ਼ ਖ਼ਾਲਸਾ ਦੀਵਾਨ ਨੂੰ 41 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰ 41 ਦਿਨਾਂ ਦੇ ਅੰਦਰ 1 ਸਤੰਬਰ ਤੱਕ ਅੰਮ੍ਰਿਤਧਾਰੀ ਹੋ ਕੇ ਗੁਰਮਤਿ ਅਨੁਸਾਰ ਕੰਮ ਕਰਨਗੇ। ਚੀਫ਼ ਖ਼ਾਲਸਾ ਦੀਵਾਨ ਦਾ ਕੋਈ ਵੀ ਮੈਂਬਰ ਦਾੜ੍ਹੀ ਨਾ ਰੰਗਦਾ ਹੋਵੇ ਅਤੇ ਨਾ ਹੀ ਦਾੜ੍ਹੀ ਵਿੱਚ ਕੁੰਡਲ ਪਾਉਂਦਾ ਹੋਵੇ, ਕਿਉਂਕਿ ਇਹ ਗੁਰਮਤਿ ਅਤੇ ਸਿੱਖ ਰਹਿਤ ਮਰਯਾਦਾ ਦੀ ਉਲੰਘਣਾ ਹੈ। ਇਸ ਦੇ ਨਾਲ ਹੀ ਚੀਫ਼ ਖ਼ਾਲਸਾ ਦੀਵਾਨ ਦੇ ਜਿਹੜੇ ਕਾਰਜਕਾਰੀ ਮੈਂਬਰ ਅੱਜ ਇਕੱਤਰਤਾ ਵਿੱਚ ਨਹੀਂ ਪਹੁੰਚੇ ਉਨ੍ਹਾਂ ਨੂੰ 1 ਅਗਸਤ ਨੂੰ ਅਕਾਲ ਤਖ਼ਤ ਸਕੱਤਰੇਤ ਪੁੱਜ ਕੇ ਆਪਣਾ ਪੱਖ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਚੀਫ਼ ਖ਼ਾਲਸਾ ਦੀਵਾਨ ਦਾ ਕੋਈ ਮੈਂਬਰ 1 ਸਤੰਬਰ ਤੱਕ ਅੰਮ੍ਰਿਤਧਾਰੀ ਨਹੀਂ ਹੁੰਦਾ ਤਾਂ ਸੰਸਥਾ ਉਸਦੀ ਮੈਂਬਰਸ਼ਿਪ ਖਤਮ ਕਰੇਗੀ।

ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਸਮਾਗਮਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਗੜਗੱਜ ਨੇ ਕਿਹਾ ਕਿ ਸ਼ਤਾਬਦੀਆਂ ਮਨਾਉਣਾ ਖ਼ਾਲਸਾ ਪੰਥ ਦਾ ਕਾਰਜ ਹੈ ਅਤੇ ਸਰਕਾਰਾਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਂਦਿਆਂ ਸੰਗਤ ਲਈ ਸਹੂਲਤਾਂ ਅਤੇ ਲੋੜੀਂਦੇ ਪ੍ਰਬੰਧ ਕਰਨ ਵਿੱਚ ਸਹਿਯੋਗੀ ਹੋਣਾ ਚਾਹੀਦਾ ਹੈ।

Advertisement
Show comments