DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Akal Takht Sahib ਵੱਲੋਂ ਦਿੱਲੀ ਕਮੇਟੀ ਇਜਲਾਸ ਦੀ ਕਾਰਵਾਈ 15 ਦਿਨਾਂ ’ਚ ਰੱਦ ਕਰਨ ਦੇ ਆਦੇਸ਼

DSGMC ਦੇ ਪ੍ਰਧਾਨ ਤੇ ਹੋਰਨਾਂ ਨੇ ਅਕਾਲ ਤਖ਼ਤ ਵਿਖੇ ਆਪਣਾ ਪੱਖ ਰੱਖਿਆ

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਆਦੇਸ਼ ਕੀਤਾ ਹੈ ਕਿ ਸ੍ਰੀ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਅਕਤੂਬਰ ਵਿੱਚ ਕੀਤੇ ਗਏ ਇਜਲਾਸ ਦੀ ਕਾਰਵਾਈ ਨੂੰ 15 ਦਿਨਾਂ ਵਿੱਚ ਰੱਦ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਸਕੂਲ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਦੇ ਘਾਟੇ ਵਿੱਚ ਚੱਲਣ ਦਾ ਮਾਮਲਾ ਅਤੇ ਪਿਛਲੇ 20 ਸਾਲਾਂ ਵਿੱਚ ਲੱਗੇ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਗੱਲ ਵੀ ਕੀਤੀ ਹੈ।

ਇਸ ਮਾਮਲੇ ਨੂੰ ਲੈ ਕੇ ਦਿੱਲੀ ਕਮੇਟੀ ਦੇ ਪ੍ਰਧਾਨ, ਜਨਰਲ ਸਕੱਤਰ ਤੇ ਹੋਰਨਾਂ ਨੂੰ ਸ੍ਰੀ ਅਕਾਲ ਤਖਤ ਵਿਚ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਗਿਆ ਸੀ।

Advertisement

ਇਸ ਮਾਮਲੇ ਵਿੱਚ ਅੱਜ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਰ ਅਹੁਦੇਦਾਰ ਤੇ ਮੈਂਬਰ ਇਥੇ ਪੁੱਜੇ ਸਨ ਜਿਨ੍ਹਾਂ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।

Advertisement

ਜਥੇਦਾਰ ਗੜਗੱਜ ਨੇ ਦੱਸਿਆ ਕਿ ਦਿੱਲੀ ਕਮੇਟੀ ਦੇ ਸਿੱਖ ਆਗੂਆਂ ਨੂੰ ਆਖਿਆ ਗਿਆ ਹੈ ਕਿ ਉਹ 15 ਦਿਨਾਂ ਵਿੱਚ ਆਦੇਸ਼ ਦੀ ਉਲੰਘਣਾ ਕਰਕੇ ਕੀਤੇ ਗਏ ਇਜਲਾਸ ਦੀ ਕਾਰਵਾਈ ਨੂੰ ਰੱਦ ਕਰਨ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਨੂੰ ਇਜਲਾਸ ਵਿੱਚ ਪਾਸ ਕੀਤੇ ਮਤੇ ਬਾਰੇ ਵੀ ਵਿਚਾਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਦਿੱਲੀ ਕਮੇਟੀ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਜੇਕਰ ਸਿੱਖ ਸੰਸਥਾਵਾਂ ਹੀ ਅਕਾਲ ਤਖਤ ਦੇ ਆਦੇਸ਼ਾਂ ਦੀ ਅਣਦੇਖੀ ਕਰਨਗੀਆਂ ਤਾਂ ਫਿਰ ਇਸ ਦੀ ਸਰਵਉੱਚਤਾ ਨੂੰ ਕਿਵੇਂ ਕਾਇਮ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਵੀ ਸਿੱਖ ਜਥੇਬੰਦੀ ਨੇ ਅੱਜ ਮੁਲਾਕਾਤ ਕੀਤੀ ਹੈ ਅਤੇ ਉਸ ਵੇਲੇ ਮਾਰੇ ਗਏ ਸਿੱਖਾਂ ਨੂੰ ਸ਼ਹੀਦ ਕਰਾਰ ਦੇਣ ਦੀ ਮੰਗ ਕੀਤੀ ਹੈ। ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ।

ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 25 ਅਕਤੂਬਰ ਨੂੰ ਹੋਈ ਕਮੇਟੀ ਦੀ ਜਨਰਲ ਹਾਊਸ ਮੀਟਿੰਗ ਦੇ ਸਬੰਧ ਵਿਚ ਕਮੇਟੀ ਦੇ ਅਹੁਦੇਦਾਰਾਂ ਨੂੰ ਸੱਦਿਆ ਸੀ। ਅੱਜ ਮੀਟਿੰਗ ਵਿਚ ਪੰਥ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਾਲ-ਨਾਲ ਦਿੱਲੀ ਗੁਰਦੁਆਰਾ ਕਮੇਟੀ ਦੇ ਮਸਲਿਆਂ ਬਾਰੇ ਚਰਚਾ ਹੋਈ।

Advertisement
×