ਸ਼ਿਕਾਇਤਾਂ ਦਾ ਮਾਮਲਾ: ਅਕਾਲ ਤਖ਼ਤ ਵੱਲੋਂ ਚੀਫ਼ ਖਾਲਸਾ ਦੀਵਾਨ ਦਾ ਪ੍ਰਧਾਨ ਤੇ ਕਾਰਜਕਾਰਨੀ ਤਲਬ
ਅਕਾਲ ਤਖ਼ਤ ਸਕੱਤਰੇਤ ਨੇ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਸਮੁੱਚੀ ਕਾਰਜਕਾਰਨੀ ਨੂੰ ਉਨ੍ਹਾਂ ਖਿਲਾਫ਼ ਆਈਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਆਪਣਾ ਪੱਖ ਸਪਸ਼ਟ ਕਰਨ ਲਈ ਭਲਕੇ 22 ਜੁਲਾਈ ਨੂੰ ਸੱਦਿਆ ਹੈ।
ਸਕੱਤਰੇਤ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਸਮੁੱਚੀ ਕਾਰਜਕਾਰਨੀ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਸੀ, ਪਰ ਉਨ੍ਹਾਂ ਵਿੱਚੋਂ ਕੁਝ ਮੈਂਬਰ ਹੀ ਪੁੱਜੇ ਸਨ।
ਇਸ ਤੋਂ ਬਾਅਦ ਇਸ ਮਾਮਲੇ ਵਿੱਚ ਆਪਣਾ ਪੱਖ ਸਪਸ਼ਟ ਕਰਨ ਲਈ ਦੀਵਾਨ ਦੇ ਪ੍ਰਧਾਨ ਤੇ ਕਾਰਜਕਾਰਨੀ ਨੂੰ ਹੋਰ ਸਮਾਂ ਦਿੱਤਾ ਗਿਆ ਸੀ। ਹੁਣ ਸ੍ਰੀ ਅਕਾਲ ਤਖ਼ਤ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਸਮੁੱਚੀ ਕਾਰਜਕਾਰਨੀ ਨੂੰ ਭਲਕੇ 22 ਜੁਲਾਈ ਨੂੰ ਸਵੇਰੇ 7 ਵਜੇ ਸਕੱਤਰੇਤ ਪੁੱਜਣ ਲਈ ਆਖਿਆ ਗਿਆ ਹੈ।
ਦੱਸਣਯੋਗ ਹੈ ਕਿ ਅਕਾਲ ਤਖਤ ਵਿਖੇ ਪੁੱਜੀਆਂ ਸ਼ਿਕਾਇਤਾਂ ਵਿੱਚ ਚੀਫ ਖਾਲਸਾ ਦੀਵਾਨ ’ਤੇ ਦੋਸ਼ ਹੈ ਕਿ ਇਸ ਦੇ ਕਈ ਮੈਂਬਰ ਅੱਜ ਵੀ ਅੰਮ੍ਰਿਤਧਾਰੀ ਨਹੀਂ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਊਣਤਾਈਆਂ ਸਬੰਧੀ ਦੋਸ਼ ਸ਼ਾਮਲ ਹਨ।