ਮਹਾਨਕੋਸ਼ ਦੀ ਬੇਅਦਬੀ ਦਾ ਅਕਾਲ ਤਖ਼ਤ ਨੇ ਲਿਆ ਨੋਟਿਸ; ਮਾਮਲੇ ਦੀ ਪੜਤਾਲ ਲਈ ਕਮੇਟੀ ਗਠਿਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਕਥਿਤ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਕਾਰਵਾਈ ਨੂੰ ਅਤਿ ਨਿੰਦਣਯੋਗ ਅਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਜਥੇਦਾਰ ਗੜਗੱਜ ਨੇ ਇਸ ਪੂਰੇ ਮਾਮਲੇ ਦੀ ਪੜਤਾਲ ਲਈ ਇੱਕ ਕਮੇਟੀ ਬਣਾਈ ਹੈ, ਜੋ ਇੱਕ ਹਫ਼ਤੇ ਵਿੱਚ ਸਮੁੱਚੇ ਘਟਨਾਕ੍ਰਮ ਬਾਰੇ ਰਿਪੋਰਟ ਅਕਾਲ ਤਖ਼ਤ ਸਕੱਤਰੇਤ ਨੂੰ ਸੌਂਪੇਗੀ। ਇਹ ਕਮੇਟੀ ਯੂਨੀਵਰਸਿਟੀ ਦੀ ਡਾ. ਗੰਡਾ ਸਿੰਘ ਪੰਜਾਬੀ ਰੈਫ਼ਰੈਂਸ ਲਾਇਬਰੇਰੀ ਵਿਚ ਦੁਰਲੱਭ ਸਾਹਿਤ ਤੇ ਗ੍ਰੰਥਾਂ ਦੀ ਸਾਂਭ-ਸੰਭਾਲ ਦੇ ਮੌਜੂਦਾ ਪ੍ਰਬੰਧ ਅਤੇ ਲਾਇਬਰੇਰੀ ਦੀ ਇਮਾਰਤ ਦੇ ਹਾਲ ਬਾਰੇ ਵੀ ਰਿਪੋਰਟ ਕਰੇਗੀ। ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਪਰਮਵੀਰ ਸਿੰਘ, ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਦੇ ਡਾਇਰੈਕਟਰ ਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸ਼ਾਮਲ ਹਨ।
ਜਥੇਦਾਰ ਗੜਗੱਜ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੁੱਖ ਗ੍ਰੰਥੀ ਨੂੰ ਆਦੇਸ਼ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਜਿੱਥੇ ਇਹ ਗਲਤ ਕਾਰਵਾਈ ਕੀਤੀ ਗਈ ਹੈ, ਉੱਥੇ ਮੌਜੂਦ ਮਹਾਨਕੋਸ਼ ਦੀਆਂ ਸਾਰੀਆਂ ਕਾਪੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਲੈ ਕੇ ਢੁਕਵੀਂ ਥਾਂ ਉੱਤੇ ਸਸਕਾਰ ਸੇਵਾ ਆਪਣੀ ਨਿਗਰਾਨੀ ਵਿੱਚ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਸਕਾਰ ਸੇਵਾ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ ਇਸ ਦੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੁਰੰਤ ਹੀ ਭੇਜੀ ਜਾਵੇ।
ਜਥੇਦਾਰ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੀ ਯੂਨੀਵਰਸਿਟੀ ਕੈਂਪਸ ਵਿੱਚ ਮੌਜੂਦ ਗੁਰਦੁਆਰਾ ਸਾਹਿਬ ਦੇ ਅੰਦਰ ਇਸ ਘਟਨਾ ਦੇ ਪਸ਼ਤਾਚਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਕੇ ਗੁਰੂ ਸਾਹਿਬ ਤੋਂ ਖਿਮਾ ਜਾਚਨਾ ਅਤੇ ਅਰਦਾਸ ਬੇਨਤੀ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਸਮੂਹ ਸਿੱਖ ਜਥੇਬੰਦੀਆਂ ਤੇ ਵਿਦਿਆਰਥੀਆਂ ਨੂੰ ਸ਼ਾਂਤਮਈ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਸਿੱਖਾਂ ਦੀ ਅਤਿ ਅਹਿਮ ਵਿਰਾਸਤ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਦੇ ਹਵਾਲੇ ਵੀ ਦਿੱਤੇ ਗਏ ਹਨ ਅਤੇ ਇਸ ਤੋਂ ਪੁਰਾਤਨ ਇਤਿਹਾਸ ਤੇ ਸਰੋਤਾਂ ਬਾਰੇ ਅਹਿਮ ਜਾਣਕਾਰੀ ਮਿਲਦੀ ਹੈ। ਇਹ ਸਿੱਖ ਸਾਹਿਤ ਦਾ ਇੱਕ ਅਨਮੋਲ ਖਜ਼ਾਨਾ ਹੈ ਜੋ ਕਿ ਸਿੱਖ ਇਤਿਹਾਸ ਦੀ ਖੋਜ ਵਿੱਚ ਦਿਲਚਲਪੀ ਰੱਖਣ ਵਾਲੇ ਖੋਜਾਰਥੀਆਂ ਨੂੰ ਅੱਜ ਵੀ ਸੇਧ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਬੀਤੇ ਸਮੇਂ ਤਰੁੱਟੀਆਂ ਸਮੇਤ ਮਹਾਨਕੋਸ਼ ਪ੍ਰਕਾਸ਼ਿਤ ਕੀਤੇ ਗਏ ਸਨ ਜਿਸ ਦਾ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਨੇ ਸਖ਼ਤ ਵਿਰੋਧ ਕੀਤਾ ਸੀ। ਇਹ ਮਾਮਲਾ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਹੁੰਚਣ ਤੋਂ ਬਾਅਦ ਇਸ ਉੱਤੇ ਰੋਕ ਲੱਗੀ ਸੀ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਤਰੁੱਟੀਆਂ ਨਾਲ ਪ੍ਰਕਾਸ਼ਿਤ ਕੀਤੇ ਸਿੱਖ ਸਾਹਿਤ ਦੀ ਸਸਕਾਰ ਸੇਵਾ ਕਰਨੀ ਸੀ ਤਾਂ ਇਸ ਲਈ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਰਕੇ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬੀ ਯੂਨੀਵਰਸਿਟੀ ਨੇ ਪਹਿਲਾਂ ਆਪਹੁਦਰੀ ਕਾਰਵਾਈ ਕਰਦਿਆਂ ਮਹਾਨਕੋਸ਼ ਨੂੰ ਸਿੱਖ ਵਿਦਵਾਨਾਂ ਦੇ ਵਿਰੋਧ ਦੇ ਬਾਵਜੂਦ ਇਸ ਨੂੰ ਤਰੁੱਟੀਆਂ ਸਮੇਤ ਪ੍ਰਕਾਸ਼ਿਤ ਕੀਤਾ ਅਤੇ ਹੁਣ ਆਪਣੀ ਕੀਤੀਆਂ ਗਲਤੀਆਂ ਉੱਤੇ ਪਰਦਾ ਪਾਉਣ ਲਈ ਬਹੁਤ ਹੀ ਇਤਰਾਜ਼ਯੋਗ ਤਰੀਕਾ ਵਰਤਿਆ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬੀ ਯੂਨੀਵਰਸਿਟੀ ਵਿੱਚ ਡਾ. ਗੰਡਾ ਸਿੰਘ ਪੰਜਾਬੀ ਰੈਫ਼ਰੈਂਸ ਲਾਇਬਰੇਰੀ ਵਿਖੇ ਵੀ ਦੁਰਲੱਭ ਤੇ ਅਤਿ ਅਹਿਮ ਸਿੱਖ ਸਾਹਿਤ ਦੀ ਸੇਵਾ ਸੰਭਾਲ ਠੀਕ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਰੈਫ਼ਰੈਂਸ ਲਾਇਬਰੇਰੀ ਵਿੱਚ ਸਿੱਖ ਵਿਦਵਾਨਾਂ ਤੇ ਚਿੰਤਕਾਂ ਦੀਆਂ ਦੁਰਲੱਭ ਪੁਸਤਕਾਂ ਤੇ ਦਸਤਾਵੇਜ਼ਾਂ ਦੀ ਸਾਂਭ-ਸੰਭਾਲ ਲਈ ਵੀ ਖ਼ਾਸ ਅਤੇ ਢੁਕਵਾਂ ਪ੍ਰਬੰਧ ਨਹੀਂ ਹੈ, ਕਾਫ਼ੀ ਵਿਰਾਸਤ ਇੱਥੋਂ ਜਾਂ ਤਾਂ ਚੋਰੀ ਹੋਈ ਹੈ ਜਾਂ ਫਿਰ ਰੱਦੀ ਵਿੱਚ ਵੇਚ ਦਿੱਤੀ ਗਈ ਹੈ।
ਜਥੇਦਾਰ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਹ ਸਪੱਸ਼ਟ ਕਰਨ ਲਈ ਆਖਿਆ ਕਿ ਇਨ੍ਹਾਂ ਕੋਲ ਲਾਇਬਰੇਰੀ ਵਿੱਚ ਮੌਜੂਦ ਪੁਰਾਤਨ ਤੇ ਇਤਿਹਾਸਕ ਸਿੱਖ ਹੱਥ-ਲਿਖਤਾਂ, ਗ੍ਰੰਥਾਂ ਤੇ ਦੁਰਲੱਭ ਪੁਸਤਕਾਂ ਦੀ ਸਾਂਭ-ਸੰਭਾਲ ਲਈ ਕੀ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਮਹਾਨਕੋਸ਼ ਦੀ ਬੇਅਦਬੀ ਦੇ ਮਾਮਲੇ ਵਿੱਚ ਸਿੱਖ ਵਿਦਿਆਰਥੀਆਂ ਅਤੇ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਕ ਮਾਮਲੇ ਤੇ ਪਬਲੀਕੇਸ਼ਨ ਬਿਊਰੋ ਦੇ ਮੁਖੀ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਹੁਣ ਪੰਜਾਬ ਪੁਲੀਸ ਇਸ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣੀ ਯਕੀਨੀ ਬਣਾਵੇ।
ਬੇਅਦਬੀ ਦੀ ਕਾਰਵਾਈ ਧਾਰਮਿਕ ਸਿਧਾਂਤਾਂ ਅਤੇ ਸਿੱਖ ਰਹੁ-ਰੀਤਾਂ ਦੀ ਅਣਦੇਖੀ: ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਹਾਨ ਕੋਸ਼ ਨੂੰ ਜ਼ਮੀਨ ਹੇਠਾਂ ਦੱਬ ਕੇ ਕੀਤੀ ਬੇਅਦਬੀ ਦੀ ਹਰਕਤ ਨੂੰ ਮੰਦਭਾਗੀ, ਨਿੰਦਣਯੋਗ ਅਤੇ ਸਿੱਖ ਰਹੁਰੀਤਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਅਤੇ ਸਿੱਖ ਸਾਹਿਤ ਦੇ ਪ੍ਰਤੀ ਆਦਰ-ਸਨਮਾਨ ਰੱਖਣਾ ਹਰ ਸੰਸਥਾ ਦੀ ਜ਼ਿੰਮੇਵਾਰੀ ਹੈ। ਮਹਾਨ ਕੋਸ਼ ਕੋਈ ਸਿਰਫ਼ ਕਿਤਾਬ ਨਹੀਂ ਹੈ, ਸਗੋਂ ਇਹ ਸਿੱਖ ਕੌਮ ਦੀ ਵਿਰਾਸਤ ਹੈ, ਜਿਨ੍ਹਾਂ ਦਾ ਸਹੀ ਮਰਿਆਦਾ ਨਾਲ ਸਸਕਾਰ ਕੀਤਾ ਜਾਣਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਗੁਰਬਾਣੀ ਦੀਆਂ ਪਾਵਨ ਪੰਕਤੀਆਂ ਅਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਰਜ ਹੈ, ਇਸ ਲਈ ਸਿੱਖ ਭਾਵਨਾਵਾਂ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਨੂੰ ਗਲਤੀਆਂ ਵਾਲੇ ਮਹਾਨ ਕੋਸ਼ ਦੇ ਕੁਝ ਅੰਕ ਖ਼ਤਮ ਕਰਨ ਦੀ ਲੋੜ ਸੀ, ਤਾਂ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਿਛਲੇ ਲੰਮੇ ਸਮੇਂ ਤੋਂ ਪਾਵਨ ਗੁਰਬਾਣੀ, ਪੁਰਾਣੇ ਸਿੱਖ ਧਾਰਮਿਕ ਗ੍ਰੰਥਾਂ ਅਤੇ ਸਾਹਿਤ ਦਾ ਗੁਰਮਤਿ ਅਨੁਸਾਰ ਸਸਕਾਰ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਕੀਤੀ ਗਈ ਇਹ ਕਾਰਵਾਈ ਧਾਰਮਿਕ ਸਿਧਾਂਤਾਂ ਅਤੇ ਸਿੱਖ ਰਹੁ-ਰੀਤਾਂ ਦੀ ਅਣਦੇਖੀ ਹੈ, ਜਿਸ ਨਾਲ ਸਿੱਖ ਕੌਮ ਦੇ ਭਾਵਨਾਵਾਂ ਨੂੰ ਗਹਿਰਾ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਇਸ ਦੀ ਤੁਰੰਤ ਸਿੱਖ ਕੌਮ ਪਾਸੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਪਛਤਾਵੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਅਰਦਾਸ ਕਰਨੀ ਚਾਹੀਦੀ ਹੈ।