ਪੰਜਾਬ ਦੀ ਚੜ੍ਹਦੀ ਕਲਾ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 'ਖ਼ਾਲਸਾ ਵਹੀਰ' ਦਾ ਆਗਾਜ਼
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ‘ਖਾਲਸਾ ਵਹੀਰ’ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿੱਚ ਜਥੇਬੰਦੀ ਦੇ ਕਾਰਕੁਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ...
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ‘ਖਾਲਸਾ ਵਹੀਰ’ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿੱਚ ਜਥੇਬੰਦੀ ਦੇ ਕਾਰਕੁਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ ਗਈ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਵਿੱਚ ਖ਼ਾਲਸਾਈ ਜਾਹੋ-ਜਲਾਲ ਦੇ ਨਾਲ ‘ਖਾਲਸਾ ਵਹੀਰ’ ਦੀ ਆਰੰਭਤਾ ਹੋਈ। ਇਸ ਮੌਕੇ ’ਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੇ ਨਾਲ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਮਾਤਾ ਬਲਵਿੰਦਰ ਕੌਰ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਮਨਦੀਪ ਸਿੰਘ ਸਿੱਧੂ, ਬਾਬੂ ਸਿੰਘ ਬਰਾੜ, ਕਾਬਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਇੱਕ ਵਰਕਰ ਹਾਜ਼ਰ ਸਨ।
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਹ ਖਾਲਸਾ ਵਹੀਰ ਪੂਰਨ ਤੌਰ ’ਤੇ ਧਾਰਮਿਕ ਹੈ ਜਿਸ ਵਿੱਚ ਅੱਗੇ ਨਗਾਰਾ, ਪੰਜ ਪਿਆਰੇ , ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਅਤੇ ਪਿੱਛੇ ਕਾਰਾਂ ਦਾ ਵੱਡਾ ਕਾਫ਼ਲਾ ਮੌਜੂਦ ਸੀ। ਸ੍ਰੀ ਦਰਬਾਰ ਸਾਹਿਬ ਤੋਂ ਲੈ ਕੇ ਅੰਮ੍ਰਿਤਸਰ ਗੋਲਡਨ ਗੇਟ ਤੱਕ ਸਾਰੇ ਰਾਹ “ਬੋਲੇ ਸੋ ਨਿਹਾਲ” ਤੇ "ਰਾਜ ਕਰੇਗਾ ਖ਼ਾਲਸਾ" ਦੇ ਜੈਕਾਰੇ ਲਾਏ ਗਏ।
ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਹੀ ਪੰਜਾਬ ਦੀ ਨੌਜਵਾਨੀ ਅਤੇ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ। ਅੱਜ ਪੰਜਾਬ ਦੀ ਨੌਜਵਾਨੀ ਨਸ਼ਿਆਂ, ਬੇਰੁਜ਼ਗਾਰੀ ਅਤੇ ਪਰਵਾਸ ਦੇ ਹਮਲਿਆਂ ਦਾ ਸ਼ਿਕਾਰ ਹੈ। ਇਸ ਹਾਲਾਤ ਵਿੱਚ ਖ਼ਾਲਸਾ ਵਹੀਰ ਦਾ ਮਕਸਦ ਨੌਜਵਾਨਾਂ ਨੂੰ ਗੁਰਬਾਣੀ, ਗੁਰਮਤਿ ਅਤੇ ਖ਼ਾਲਸਾਈ ਜੀਵਨ ਸ਼ੈਲੀ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਾਨੂੰ ਸਿਆਸੀ ਚਾਲਾਂ ਜਾਂ ਖਾਲ੍ਹੀ ਵਾਅਦਿਆਂ ਦੀ ਨਹੀਂ, ਸਗੋਂ ਗੁਰੂ ਦੀ ਰਹਿਣੀ-ਬਹਿਣੀ ਅਤੇ ਅਮਲ ਦੀ ਲੋੜ ਹੈ। ਜੇਕਰ ਨੌਜਵਾਨ ਗੁਰੂ ਦੇ ਸਿਧਾਂਤਾਂ ਨੂੰ ਅਪਨਾਉਣਗੇ ਤਾਂ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਆਪਣੇ ਆਪ ਹੋ ਜਾਵੇਗਾ।
ਖ਼ਾਲਸਾ ਵਹੀਰ ਦੌਰਾਨ ਪੰਜਾਬ ਦੇ ਪਾਣੀਆਂ ਦੀ ਲੁੱਟ, ਧਾਰਮਿਕ ਅਸਥਾਨਾਂ ਦੀ ਅਜ਼ਾਦੀ, ਕਿਸਾਨੀ ਸੰਕਟ ਅਤੇ ਨੌਜਵਾਨੀ ਦੇ ਭਵਿੱਖ ਵਰਗੇ ਮੁੱਦਿਆਂ ਨੂੰ ਵੀ ਉਭਾਰਿਆ ਜਾਵੇਗਾ। ਇਸ ਸਬੰਧ ਵਿੱਚ ਟਰਾਲੇ ਅਤੇ ਟਰਾਲੀਆਂ ’ਤੇ ਹੋਰਡਿੰਗ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਨੇ ਕਿਹਾ ਕਿ ਇਹ ਵਹੀਰ ਕੇਵਲ ਇਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੀ ਆਤਮਕ ਅਤੇ ਸਮਾਜਿਕ ਪੁਨਰਜਾਗਰਤੀ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਖ਼ਾਲਸਾ ਵਹੀਰ ਨਾਲ ਜੁੜ ਕੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਨੌਜਵਾਨੀ ਦੇ ਭਵਿੱਖ ਲਈ ਆਪਣਾ ਯੋਗਦਾਨ ਪਾਉਣ।
ਇਸ ਦੌਰਾਨ ਪਾਰਟੀ ਆਗੂਆ ਤੋਂ ਇਲਾਵਾ ਅਕਾਲੀ ਦਲ ਪੁਨਰਸੁਰਜੀਤ ਤੋਂ ਮਨਪ੍ਰੀਤ ਸਿੰਘ ਇਆਲੀ ਤੇ ਹੋਰ ਵੱਖ-ਵੱਖ ਸਿਆਸੀ ਤੇ ਧਾਰਮਿਕ ਜਥੇਬੰਦੀਆ ਦੇ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਸਨ।

