Amritpal Singh ਐੱਨਐੱਸਏ ਦੀ ਮਿਆਦ ’ਚ ਵਾਧੇ ਵਾਲੀ ਕਾਪੀ ਅੰਮ੍ਰਿਤਪਾਲ ਸਿੰਘ ਨੂੰ ਸੌਂਪੀ
ਅੰਮ੍ਰਿਤਸਰ ਦੀ ਡੀਸੀ ਨੇ ਐੱਨਐੱਸਏ ਵਧਾਉਣ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ
ਚਰਨਜੀਤ ਭੁੱਲਰ
ਚੰਡੀਗੜ੍ਹ, 20 ਅਪਰੈਲ
Amritpal Singh ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਲੱਗੇ ਕੌਮੀ ਸੁਰੱਖਿਆ ਐਕਟ (NSA) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਹ ਪੱਤਰ ਅੱਜ ਜਨਤਕ ਹੋਇਆ ਹੈ। ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਨੇ ਇਸ ਵਾਧੇ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਆਗੂ ਅੰਮ੍ਰਿਤਪਾਲ ਸਿੰਘ ਅਪਰੈਲ 2023 ਤੋਂ ਹਿਰਾਸਤ ਵਿੱਚ ਹੈ। ਉਸ ਨੇ ਹਿਰਾਸਤ ਵਿਚ ਰਹਿੰਦਿਆਂ ਹੀ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਹਲਕੇ ਤੋਂ ਭਾਰੀ ਬਹੁਮਤ ਨਾਲ ਜੋਣ ਜਿੱਤੀ ਸੀ। ਕਾਬਿਲੇਗੌਰ ਹੈ ਕਿ ਪਿਛਲੇ ਦਿਨਾਂ ਵਿਚ ਅੰਮ੍ਰਿਤਪਾਲ ਸਿੰਘ ਦੇ ਬਾਕੀ ਸਾਥੀਆਂ ’ਤੇ ਐੱਨਐੱਸਏ ਹਟਾਉਣ ਮਗਰੋਂ ਇਨ੍ਹਾਂ ਨੂੰ ਪੰਜਾਬ ਦੀ ਅਜਨਾਲਾ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਪੱਪਲਪ੍ਰੀਤ ਸਿੰਘ, ਬਸੰਤ ਸਿੰਘ, ਭਗਵੰਤ ਸਿੰਘ ਬਾਜਾਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਤੇ ਅਮਨਪ੍ਰੀਤ ਸਿੰਘ ਅਮਨਾ ਖਿਲਾਫ਼ ਅਜਨਾਲਾ ਥਾਣੇ ਉੱਤੇ ਹਮਲੇ ਨਾਲ ਸਬੰਧਤ ਕੇਸ ਵਿਚ ਕਾਰਵਾਈ ਜਾਰੀ ਹੈ।