Amritsar: 5 ਪਿਸਤੌਲ ਤੇ 2 ਕਿਲੋ ਹੈਰੋਇਨ ਸਣੇ 4 ਮੁਲਜ਼ਮ ਕਾਬੂ; 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤਸਕਰੀ ਵਿੱਚ ਸ਼ਾਮਲ ਸਨ।
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਸਰਹੱਦ ਪਾਰ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਪੁਲੀਸ ਨੇ ਪੰਜ ਆਧੁਨਿਕ .30 ਬੋਰ ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20), ਸਾਹਿਬ ਸਿੰਘ (21), ਸੰਜੀਵ ਕੁਮਾਰ ਉਰਫ਼ ਨੰਨੂ (22, ਤਰਨਤਾਰਨ ਦੀ ਪਿੰਕ ਕਲੋਨੀ ਦਾ ਰਹਿਣ ਵਾਲਾ) ਅਤੇ ਸੰਦੀਪ ਸਿੰਘ ਉਰਫ਼ ਸੰਨੀ (22, ਅੰਮ੍ਰਿਤਸਰ ਦੇ ਪਿੰਡ ਛਿੱਡਣ ਦਾ ਰਹਿਣ ਵਾਲਾ) ਵਜੋਂ ਹੋਈ ਹੈ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ, ਪੁਲੀਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਖੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲੀਸ ਟੀਮਾਂ ਨੇ ਪਹਿਲਾਂ ਮੁਲਜ਼ਮ ਬਿੱਟੂ ਉਰਫ਼ ਭਈਆ ਅਤੇ ਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਗਿਆ, ਜਦੋਂ ਕਿ ਬਾਅਦ ਵਿੱਚ ਉਨ੍ਹਾਂ ਦੇ ਖੁਲਾਸੇ ਅਤੇ ਬਿਆਨਾਂ ਦੇ ਆਧਾਰ 'ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ।
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖੁਲਾਸਿਆਂ 'ਤੇ ਕਾਰਵਾਈ ਕਰਦਿਆਂ, ਪੁਲੀਸ ਨੇ ਦੋ ਹੋਰ ਮੁਲਜ਼ਮਾਂ, ਜਿਨ੍ਹਾਂ ਦੀ ਪਛਾਣ ਸੰਜੀਵ ਕੁਮਾਰ ਉਰਫ਼ ਨੰਨੂ ਅਤੇ ਸੰਦੀਪ ਉਰਫ਼ ਸੰਨੀ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.015 ਕਿਲੋ ਹੈਰੋਇਨ ਦੇ ਨਾਲ-ਨਾਲ 5 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ, ਪੁਲੀਸ ਨੇ ਮੁਲਜ਼ਮ ਸੰਦੀਪ ਉਰਫ਼ ਸੰਨੀ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ 'ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ। ਮੁਲਜ਼ਮ ਬਿੱਟੂ ਉਰਫ਼ ਭਈਆ ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਨੌਜਵਾਨ ਹਨ।
ਇਸ ਸਬੰਧ ਵਿੱਚ, ਅਸਲਾ ਐਕਟ ਦੀ ਧਾਰਾ 25(1B) ਅਤੇ 24(6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 27-ਏ ਅਤੇ 29 ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

