ਅੰਮ੍ਰਿਤਸਰ: ਡੈਮਾਂ ਤੋਂ ਪਾਣੀ ਛੱਡੇ ਜਾਣ ਉਪਰੰਤ ਡੀਸੀ ਨੇ ਸਥਿਤੀ ਦਾ ਜਾਇਜ਼ਾ ਲਿਆ
ਪਹਾੜਾਂ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਦਰਿਆ ਚੜੇ ਹੋਏ ਹਨ। 'ਉਝ' ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਇੱਥੇ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ ਅਤੇ ਪੱਧਰ ਵੱਧ ਗਿਆ ਹੈ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ ਦਾ ਦੌਰਾ ਕੀਤਾ ਹੈ ਅਤੇ ਦੱਸਿਆ ਕਿ ਦਰਿਆ ਵਿੱਚ ਇਸ ਵੇਲੇ ਲਗਭਗ 1.4 ਲੱਖ ਕਿਊਸਿਕ ਪਾਣੀ ਚੱਲ ਰਿਹਾ ਹੈ, ਪਰ ਖਤਰੇ ਵਾਲੀ ਕੋਈ ਸਥਿਤੀ ਨਹੀਂ ਹੈ। ਇਸ ਦੇ ਬਾਵਜੂਦ ਕੁਝ ਪਿੰਡਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਝ ਦਰਿਆ ਵਿੱਚ ਵਾਧੂ ਪਾਣੀ ਛੱਡੇ ਜਾਣ ਤੋਂ ਬਾਅਦ ਉਸ ਦਾ ਪ੍ਰਭਾਵ ਅਜ ਅਜਨਾਲਾ ਤੇ ਰਮਦਾਸ ਬਲਾਕ ਦੇ ਕੁੱਝ ਪਿੰਡਾਂ ਵਿੱਚ ਨਜ਼ਰ ਆ ਰਿਹਾ। ਪਰ ਚੰਗੀ ਗੱਲ ਇਹ ਹੈ ਕਿ ਹੁਣ ਉਝ ਦਰਿਆ ਦੇ ਵਿੱਚ ਵੀ ਪਾਣੀ ਦਾ ਪੱਧਰ ਘੱਟ ਗਿਆ ਹੈ। ਪਰ ਇਸ ਦੇ ਬਾਵਜੂਦ ਦੋ ਦਿਨ ਵਾਸਤੇ ਅਲਰਟ ਜਾਰੀ ਕੀਤਾ ਗਿਆ ਹੈ।
ਇਥੇ ਰਾਵੀ ਦਰਿਆ ਵਿੱਚ ਪਿੱਛੋਂ ਛੱਡਿਆ ਪਾਣੀ ਪਹੁੰਚਣ ਮਗਰੋਂ ਪੱਧਰ ਵਧ ਹੋ ਗਿਆ ਹੈ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਕੁੱਝ ਪਿੰਡਾਂ ਦੀ ਸ਼ਨਾਖਤ ਕਰਦਿਆਂ ਅਲਰਟ ’ਤੇ ਰੱਖਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਬੀਤੀ ਰਾਤ ਤੋਂ ਹੀ ਇਥੇ ਟੀਮ ਤਾਇਨਾਤ ਕੀਤੀ ਹੋਈ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਿਆ ਦੇ ਕੁੱਝ ਕਮਜ਼ੋਰ ਕੰਢਿਆਂ ਦੀ ਮਜ਼ਬੂਤੀ ਲਈ ਕੰਮ ਚੱਲ ਰਿਹਾ ਹੈ। ਬਿਆਸ ਦਰਿਆ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਉੱਥੇ ਸਥਿਤੀ ਠੀਕ ਹੈ। ਇਸ ਮੌਕੇ ਜ਼ਿਲ੍ਹਾਂ ਦਿਹਾਤੀ ਪੁਲੀਸ ਦੇ ਐੱਸਐੱਸਪੀ ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।