ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਅਪਰੈਲ
ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕਰਨ ਵਾਸਤੇ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ ਜਾਰੀ ਦਰਜਾਬੰਦੀ ਵਿੱਚ ਐਸ.ਏ.ਐਸ. ਨਗਰ ਨੇ ਦੂਸਰਾ ਅਤੇ ਰੂਪਨਗਰ ਜ਼ਿਲ੍ਹੇ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ ਜਦਕਿ ਪਟਿਆਲਾ ਨੂੰ ਇਸ ਸਬੰਧੀ ਵਿਸ਼ੇਸ਼ ਗੀਤ ਤਿਆਰ ਕਰਨ ਲਈ ਹੌਸਲਾਵਧਾਊ ਸਥਾਨ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਚੋਣ ਦਫ਼ਤਰ ਵੱਲੋਂ ਇਸ ਬਾਰੇ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ ਵੱਲੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਕਰਵਾਈਆਂ ਜਾ ਰਹੀਆਂ ਸਾਰੀਆਂ ਸਵੀਪ ਗਤੀਵਿਧੀਆਂ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਕਾਰਜ ਸਬੰਧੀ ਵਿਸਤ੍ਰਿਤ ਰਿਪੋਰਟ ਮੰਗੀ ਗਈ ਸੀ। ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਨੂੰ ਮੁੱਖ ਦਫ਼ਤਰ ਵੱਲੋਂ ਬਾਰੀਕੀ ਨਾਲ ਘੋਖ਼ਣ ਤੋਂ ਬਾਅਦ ਜ਼ਿਲ੍ਹਾ ਅੰਮ੍ਰਿਤਸਰ ਨੂੰ ਨੰਬਰ ਇੱਕ ਘੋਸ਼ਿਤ ਕੀਤਾ ਗਿਆ ਹੈ।