DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar News: ਇਤਰਾਜ਼ਯੋਗ ਸਮੱਗਰੀ ਨੁੂੰ ਅੱਗੇ ਸਾਂਝਾ ਨਾ ਕਰੋ, ਤੁਰੰਤ ਰਿਪੋਰਟ ਕਰੋ- ਗੜਗੱਜ

ਸੋਸ਼ਲ ਮੀਡੀਆ 'ਤੇ AI ਦੀ ਦੁਰਵਰਤੋਂ ਵਿਰੁੱਧ ਜਥੇਦਾਰ ਗੜਗੱਜ ਦੀ ਸਿੱਖ ਕੌਮ ਨੂੰ ਅਪੀਲ

  • fb
  • twitter
  • whatsapp
  • whatsapp
featured-img featured-img
ਜਥੇਦਾਰ ਕੁਲਦੀਪ ਸਿੰਘ ਗੜਗੱਜ; ਫਾਈਲ ਫੋਟੋ।
Advertisement

ਸੋਸ਼ਲ ਮੀਡੀਆ ’ਤੇ ਆਰਟੀਫਿਸ਼ੀਅਲ ਇੰਨਟੈਲੀਜੈਂਸ ਦੀ ਦੁਰਵਰਤੋਂ ਕਰਕੇ ਸਿੱਖ ਧਰਮ ਦੇ ਪਵਿੱਤਰ ਅਸਥਾਨਾਂ ਅਤੇ ਗੁਰੂ ਸਾਹਿਬਾਨ ਬਾਰੇ ਇਤਰਾਯੋਗ ਸਮੱਗਰੀ ਸਾਂਝੀ ਕਰਨ ਦੇ ਵੱਧ ਰਹੇ ਰੁਝਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸਿੱਖ ਕੌਮ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਇਤਰਾਯੋਗ ਸਮੱਗਰੀ ਨੂੰ ਅਗਾਂਹ ਸ਼ੇਅਰ ਨਾ ਕਰਨ ਅਤੇ ਇਸ ਬਾਰੇ ਤੁਰੰਤ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਹੀ ਰਿਪੋਰਟ ਕਰਨ।

ਦੱਸਣਯੋਗ ਹੈ ਕਿ ਹਾਲ ਹੀ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਕੇ ਇੱਕ ਨਰ ਪਿੰਜਰ ਨੂੰ ਦਸਤਾਰਧਾਰੀ ਬਣਾਇਆ ਗਿਆ ਅਤੇ ਉਸ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿੱਚ ਜੁੱਤੇ ਪਾ ਕੇ ਅਤੇ ਪਰਿਕਰਮਾ ਵਿੱਚ ਦਿਖਾਇਆ ਗਿਆ। ਜਿਸ ਦਾ ਸਿੱਖ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਨੇ ਸਖਤ ਵਿਰੋਧ ਕੀਤਾ।

Advertisement

ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਅਜਿਹੇ ਮਾਮਲਿਆਂ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਜਥੇਦਾਰ ਗੜਗੱਜ ਨੇ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕਰਕੇ ਕੌਮ ਨੂੰ ਆਗਾਹ ਕਰਦਿਆਂ ਕਿਹਾ ਕਿ ਜਦੋਂ ਵੀ ਏਆਈ ਨਾਲ ਬਣੀ ਕੋਈ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਵੇ ਤਾਂ ਉਸ ਨੂੰ ਅਗਾਂਹ ਸਾਂਝੀ ਕਰਨ ਦੀ ਬਜਾਏ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਤੁਰੰਤ ਹੀ ਇਤਰਾਜ਼ਯੋਗ ਸਮੱਗਰੀ ਵਜੋਂ ਰਿਪੋਰਟ ਕਰਨਾ ਚਾਹੀਦਾ ਹੈ।

Advertisement

ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਅਕਸਰ ਹੀ ਜਦੋਂ ਕੋਈ ਏਆਈ ਨਾਲ ਬਣੀ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਉਂਦੀ ਹੈ ਤਾਂ ਸਾਡੇ ਲੋਕ ਉਸ ਸਮੱਗਰੀ ਨੂੰ ਆਪਣੇ ਸੋਸ਼ਲ ਮੀਡੀਆ ਮੰਚਾਂ ਉੱਤੇ ਅਪਲੋਡ ਜਾਂ ਸਾਂਝਾ ਕਰਕੇ ਹੋਰ ਵੀ ਅਗਾਂਹ ਫੈਲਾ ਦਿੰਦੇ ਹਨ, ਜਿਸ ਨਾਲ ਸ਼ਰਾਰਤੀ ਅਨਸਰਾਂ ਦਾ ਉਦੇਸ਼ ਪੂਰਾ ਹੁੰਦਾ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਵਧੇਰੇ ਸੱਟ ਵੱਜਦੀ ਹੈ। ਇਸ ਦੀ ਬਜਾਏ ਵੀਡੀਓ, ਫੋਟੋ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ ਅਤੇ ਉਸ ਨੂੰ ਕਿਤੇ ਵੀ ਸਾਂਝਾ ਨਾ ਕੀਤਾ ਜਾਵੇ ਤਾਂ ਜੋ ਉਹ ਸਮੱਗਰੀ ਖਤਮ ਹੋ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਵੀ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਏਆਈ ਸਮੱਗਰੀ ਨੂੰ ਡਾਊਨਲੋਡ ਕਰਕੇ ਆਪਣੇ ਮੰਚਾਂ ਉੱਤੇ ਅਪਲੋਡ ਨਾ ਕਰਨ, ਇਸ ਨਾਲ ਭਾਵਨਾਵਾਂ ਨੂੰ ਸੱਟ ਵੱਜਦੀ ਹੈ।

ਜਥੇਦਾਰ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਮਾਮਲਿਆਂ ਵਿੱਚ ਸਖਤੀ ਵਰਤੀ ਜਾਵੇ ਅਤੇ ਆਪਣੇ ਆਪ ਨੋਟਿਸ ਲੈ ਕਿ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਏਆਈ ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਵਰਤਾਰੇ ’ਤੇ ਨੱਥ ਪਾਉਣ। ਇਸ ਨੂੰ ਰੋਕਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਠੋਸ ਏਆਈ ਨੀਤੀ ਬਣਾਈ ਜਾਵੇ ਜਿਸ ਅਨੁਸਾਰ ਕਿਸੇ ਵੀ ਏਆਈ ਟੂਲ/ਸਾਫ਼ਟਵੇਅਰ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਅਜਿਹੀ ਸਮੱਗਰੀ ਨਾ ਬਣਾਈ ਜਾ ਸਕੇ ਅਤੇ ਨਾ ਹੀ ਅਪਲੋਡ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਜੇਕਰ ਅਜਿਹੀ ਇਤਰਾਜ਼ਯੋਗ ਸਮੱਗਰੀ ਦੀ ਪਛਾਣ ਜਨਤਕ ਹੋਣ ਤੋਂ ਪਹਿਲਾਂ ਹੀ ਹੋ ਜਾਵੇ ਤਾਂ ਇਸ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕਦਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਏਆਈ ਤਕਨਾਲੋਜੀ ਮਾੜੀ ਨਹੀਂ ਅਤੇ ਜੇਕਰ ਤਕਨੀਕ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਚੰਗਾ ਸਮਾਜ ਸਿਰਜਿਆ ਜਾ ਸਕਦਾ ਹੈ ਪਰ ਜਦੋਂ ਧਰਮਾਂ ਦੇ ਸਿਧਾਂਤਾਂ, ਪਰੰਪਰਾਵਾਂ ਅਤੇ ਇਤਿਹਾਸ ਆਦਿ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਇਹ ਆਧੁਨਿਕ ਤਕਨੀਕ ਵੀ ਸਵਾਲਾਂ ਦੇ ਘੇਰੇ ਵਿੱਚ ਆਉਂਦੀ ਹੈ। ਇਸ ਵਰਤਾਰੇ ਨੂੰ ਰੋਕਣ ਲਈ ਸੰਗਤ ਇੱਕ ਲਹਿਰ ਵਜੋਂ ਵੱਧ ਤੋਂ ਵੱਧ ਸ਼ਮੂਲੀਅਤ ਕਰੇ ਅਤੇ ਸੰਜੀਦਗੀ ਨਾਲ ਇਸ ਦੇ ਵਿਰੁੱਧ ਠੋਸ ਕਾਰਜ ਕੀਤੇ ਜਾਣ।

Advertisement
×